Share on Facebook Share on Twitter Share on Google+ Share on Pinterest Share on Linkedin ਨਾਰਾਜ਼ ਆਗੂਆਂ ਤੇ ਸਰਗਰਮ ਵਰਕਰਾਂ ਨੂੰ ਇਕ ਝੰਡੇ ਹੇਠ ਇਕੱਠੇ ਕਰਨ ਦੀ ਮੁਹਿੰਮ ਵਿੱਢੀ ਜਾਵੇਗੀ: ਢੀਂਡਸਾ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਆਪਣੇ ਬਾਪ ਤੋਂ ਕਿਵੇਂ ਬਾਹਰ ਜਾ ਸਕਦੈ: ਵੱਡਾ ਢਂੀਂਡਸਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਾਰੀ ਸਥਿਤੀ ਸਪੱਸ਼ਟ ਕਰ ਦਿੱਤੀ ਸੀ ਅਤੇ ਵੱਡੇ ਬਾਦਲ ਨੂੰ ਸਾਫ਼ ਆਖ ਦਿੱਤਾ ਗਿਆ ਸੀ ਕਿ ਸੀਨੀਅਰ ਆਗੂਆਂ ਦਾ ਸਤਿਕਾਰ ਬਹਾਲ ਕਰਨ ਲਈ ਸੁਖਬੀਰ ਸਿੰਘ ਬਾਦਲ ਨੂੰ ਤੁਰੰਤ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਲਾਂਭੇ ਕੀਤਾ ਜਾਵੇ। ਜੇਕਰ ਉਹ (ਵੱਡੇ ਬਾਦਲ) ਪਾਰਟੀ ਦੇ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੰਭਾਲਦੇ ਹਨ ਤਾਂ ਪਾਰਟੀ ਵਿੱਚ ਰਹਿਣ ਬਾਰੇ ਸੋਚਿਆ ਜਾ ਸਕਦਾ ਹੈ। ਪ੍ਰੰਤੂ ਜਦੋਂ ਉਨ੍ਹਾਂ ਨੂੰ ਲੱਗਿਆ ਕੁਝ ਹੋਣ ਵਾਲਾ ਨਹੀਂ ਹੈ ਤਾਂ ਉਨ੍ਹਾਂ ਨੇ ਬਾਦਲ ਦਲ ਤੋਂ ਵੱਖ ਹੋਣ ਦਾ ਫੈਸਲਾ ਲਿਆ। ਉਨ੍ਹਾਂ ਨੇ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਆਪਣੇ ਵਿਚਾਰ ਸਾਂਝੇ ਕਰਦਿਆਂ ਸੀਨੀਅਰ ਆਗੂਆਂ ਨੂੰ ਬਣਦਾ ਮਾਣ ਸਨਮਾਨ ਅਤੇ ਸਤਿਕਾਰ ਦੇਣ ਦੀ ਗੱਲ ਆਖੀ ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਆਪਣੀ ਅਣਦੇਖੀ ਦਾ ਸ਼ਿਕਾਰ ਅਤੇ ਬਾਦਲ ਪਰਿਵਾਰ ਤੋਂ ਨਾਰਾਜ਼ ਸਾਰੇ ਸੀਨੀਅਰ ਆਗੂਆਂ ਅਤੇ ਸਰਗਰਮ ਵਰਕਰਾਂ ਨੂੰ ਇਕ ਝੰਡੇ ਹੇਠ ਇਕੱਠੇ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ। ਜਿਸ ਦੀ ਸ਼ੁਰੂਆਤ ਕਰ ਦਿੱਤੀ ਹੈ ਪ੍ਰੰਤੂ ਰਸਮੀ ਸ਼ੁਰੂਆਤ 14 ਦਸੰਬਰ ਨੂੰ ਅਕਾਲੀ ਦਲ ਦੇ ਮਨਾਏ ਜਾ ਰਹੇ ਸਥਾਪਨਾ ਦਿਵਸ ਤੋਂ ਬਾਅਦ ਸ਼ੁਰੂ ਹੋਵੇਗੀ। ਇਸ ਸਮਾਗਮ ਲਈ ਸਾਰੇ ਟਕਸਾਲੀ ਅਕਾਲੀ ਆਗੂਆਂ ਅਤੇ ਵਰਕਰਾਂ, ਪੰਥਕ ਸੋਚ ਰੱਖਣ ਵਾਲੀਆਂ ਸ਼ਖ਼ਸੀਅਤਾਂ ਨੂੰ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਸਥਾਪਨਾ ਦਿਵਸ ਸਮਾਗਮ ਮੌਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਤੋਂ ਦੁਖੀ ਹੋ ਕੇ ਆਪਣੀਆਂ ਸਿਆਸੀ ਸਰਗਰਮੀਆਂ ਠੱਪ ਕਰਕੇ ਘਰਾਂ ਵਿੱਚ ਬੈਠੇ ਸਾਰੇ ਸੀਨੀਅਰ ਆਗੂਆਂ ਅਤੇ ਵਫ਼ਾਦਾਰ ਵਰਕਰਾਂ ਨੂੰ ਸਾਂਝੇ ਫਰੰਟ ਨਾਲ ਤੋਰਨ ਲਈ ਉਨ੍ਹਾਂ ਨੂੰ ਰਾਜ਼ੀ ਕਰਨ ਲਈ ਉਹ ਖ਼ੁਦ ਸਬੰਧਤ ਵਿਅਕਤੀਆਂ ਦੇ ਘਰ ਘਰ ਜਾਣ ਤੋਂ ਗੁਰੇਜ਼ ਨਹੀਂ ਕਰਨਗੇ। ਜਦੋਂ ਉਨ੍ਹਾਂ ਨੂੰ ਛੋਟੇ ਢੀਂਡਸਾ ਦੀ ਸਥਿਤੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਸਪੱਸ਼ਟ ਕੀਤਾ ਕਿ ਪਰਮਿੰਦਰ ਢੀਂਡਸਾ ਆਪਣੇ ਬਾਪ ਤੋਂ ਕਿਵੇਂ ਬਾਹਰ ਜਾ ਸਕਦਾ ਹੈ। ਉਂਜ ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਫੈਸਲਾ ਛੋਟੇ ਢੀਂਡਸਾ ਦਾ ਖ਼ੁਦ ਦਾ ਹੋਵੇਗਾ। ਅੱਜ ਮੁਹਾਲੀ ਵਿੱਚ ਉਨ੍ਹਾਂ ਨੇ ਅਕਾਲੀ ਦਲ (ਟਕਸਾਲੀ) ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਅਤੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ, ਐਸਜੀਪੀਸੀ ਦੇ ਸਾਬਕਾ ਮੈਂਬਰ ਗੁਰਪ੍ਰਤਾਪ ਸਿੰਘ ਰਿਆੜ ਨਾਲ ਮੌਜੂਦਾ ਸਿਆਸੀ ਹਾਲਾਤਾਂ ਅਤੇ 14 ਦਸੰਬਰ ਨੂੰ ਮਨਾਏ ਜਾ ਰਹੇ ਸਥਾਪਨਾ ਦਿਵਸ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਚਰਚਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸਮਾਗਮ ਦੀ ਸਫਲਤਾ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਅਤੇ ਸਾਰੇ ਸੀਨੀਅਰ ਆਗੂਆਂ ਸਮੇਤ ਹਰੇਕ ਛੋਟੇ ਵਰਕਰ ਤੱਕ ਪਹੁੰਚ ਕੀਤੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ