Share on Facebook Share on Twitter Share on Google+ Share on Pinterest Share on Linkedin ਚਾਚੂਮਾਜਰਾ ਦੇ ਦਲਿਤ ਪਰਿਵਾਰਾਂ ’ਤੇ ਉਜਾੜੇ ਦੀ ਤਲਵਾਰ ਲਟਕੀ, ਮਾਮਲਾ ਅਦਾਲਤ ’ਚ ਪੁੱਜਾ ਪੀੜਤ ਪਰਿਵਾਰਾਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਮੁਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ, ਸੁਣਵਾਈ 21 ਦਸੰਬਰ ਨੂੰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਦਸੰਬਰ: ਇੱਥੋਂ ਦੇ ਨਜ਼ਦੀਕੀ ਪਿੰਡ ਚਾਚੂਮਾਜਰਾ ਵਿੱਚ ਤਿੰਨ ਦਰਜਨ ਤੋਂ ਵੱਧ ਦਲਿਤ ਪਰਿਵਾਰਾਂ ’ਤੇ ਉਜਾੜੇ ਦੀ ਤਲਵਾਰ ਲਟਕ ਗਈ ਹੈ। ਪਿਛਲੇ ਕਈ ਦਹਾਕਿਆਂ ਤੋਂ ਰਹਿ ਰਹੇ ਇਨ੍ਹਾਂ ਪਰਿਵਾਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੇ ਮੌਜੂਦਾ ਮਕਾਨ, ਪਸ਼ੂਆਂ ਦੇ ਵਾੜੇ ਅਤੇ ਕਬਜ਼ੇ ਹੇਠਲੀ ਜ਼ਮੀਨ ਤੁਰੰਤ ਖਾਲੀ ਕਰਨ ਨੂੰ ਕਹਿ ਦਿੱਤਾ ਹੈ। ਇਸ ਸਬੰਧੀ ਹਲਕਾ ਪਟਵਾਰੀ ਨੇ ਮੌਕੇ ’ਤੇ ਸਰਵੇ ਕੀਤਾ ਅਤੇ ਪੀੜਤ ਪਰਿਵਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਨੂੰ ਸਰਕਾਰੀ ਨੇਮਾਂ ਬਾਰੇ ਜਾਣਕਾਰੀ ਦਿੱਤੀ। ਪੀੜਤ ਪਰਿਵਾਰਾਂ ਨੇ ਸਰਕਾਰ ਦੀ ਇਸ ਧੱਕੇਸ਼ਾਹੀ ਦੇ ਖ਼ਿਲਾਫ਼ ਇਨਸਾਫ਼ ਪ੍ਰਾਪਤੀ ਲਈ ਅਦਾਲਤ ਦਾ ਬੂਹਾ ਖੜਕਾਇਆ ਹੈ। 40 ਪਰਿਵਾਰਾਂ ’ਚੋਂ 22 ਪਰਿਵਾਰਾਂ ਨੇ ਸਾਂਝੇ ਤੌਰ ’ਤੇ ਹਰਬੰਸ ਸਿੰਘ ਦੀ ਅਗਵਾਈ ਹੇਠ ਆਪਣੇ ਵਕੀਲ ਹਰਜਿੰਦਰ ਕੌਰ ਬੱਲ ਰਾਹੀਂ ਮੁਹਾਲੀ ਅਦਾਲਤ ਵਿੱਚ ਪ੍ਰਸ਼ਾਸਨ ਦੇ ਖ਼ਿਲਾਫ਼ ਕੇਸ ਦਾਇਰ ਕੀਤਾ ਹੈ। ਦਲਿਤ ਪਰਿਵਾਰਾਂ ਦਾ ਕੇਸ ਲੜ ਰਹੀ ਵਕੀਲ ਬੀਬੀ ਹਰਜਿੰਦਰ ਕੌਰ ਬੱਲ ਨੇ ਅਦਾਲਤ ਨੂੰ ਦੱਸਿਆ ਕਿ ਪੀੜਤ ਪਰਿਵਾਰ ਕਰੀਬ 100 ਸਾਲ ਤੋਂ ਵੱਧ ਸਮੇਂ ਤੋਂ ਸਬੰਧਤ ਜ਼ਮੀਨ ’ਤੇ ਆਪਣੇ ਘਰ ਬਣਾ ਕੇ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦਾ ਦਾਦਾ ਪੜਦਾਦਿਆਂ ਦੇ ਪਰਿਵਾਰ ਰਹਿੰਦੇ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਦੀ ਉਕਤ ਕਾਰਵਾਈ ’ਤੇ ਫੌਰੀ ਤੌਰ ’ਤੇ ਰੋਕ ਲਗਾਈ ਜਾਵੇ। ਅਦਾਲਤ ਨੇ ਪੀੜਤ ਪਰਿਵਾਰਾਂ ਨੂੰ ਆਖਿਆ ਕਿ ਕੋਈ ਵੀ ਫੈਸਲਾ ਦੂਜੀ ਧਿਰ\ਜ਼ਿਲ੍ਹਾ ਪ੍ਰਸ਼ਾਸਨ ਦਾ ਪੱਖ ਸੁਣਨ ਤੋਂ ਬਾਅਦ ਹੀ ਕੀਤਾ ਜਾਵੇਗਾ। ਵਕੀਲ ਬੀਬੀ ਬੱਲ ਨੇ ਦੱਸਿਆ ਕਿ ਅਦਾਲਤ ਨੇ ਗਰਾਮ ਪੰਚਾਇਤ, ਪੰਚਾਇਤ ਸਕੱਤਰ, ਹਲਕਾ ਪਟਵਾਰੀ ਸਮੇਤ ਪਾਵਰਕੌਮ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ 21 ਦਸੰਬਰ ਲਈ ਨੋਟਿਸ ਜਾਰੀ ਕਰਕੇ ਆਪਣਾ ਪੱਖ ਰੱਖਣ ਲਈ ਆਖਿਆ ਹੈ। ਇਸ ਮੌਕੇ ਪੀੜਤ ਪਰਿਵਾਰਾਂ ਹਰਬੰਸ ਸਿੰਘ, ਪੰਚ ਜਸਵਿੰਦਰ ਕੌਰ, ਮਹਿੰਦਰ ਸਿੰਘ, ਮੋਹਨ ਸਿੰਘ, ਗੁਰਪ੍ਰੀਤ ਸਿੰਘ ਅਤੇ ਹੋਰਨਾਂ ਬੀਬੀਆਂ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਅਰਸੇ ਤੋਂ ਪਿੰਡ ਚਾਚੂਮਾਜਰਾ ਵਿੱਚ ਆਪਣੇ ਪਰਿਵਾਰਾਂ ਸਮੇਤ ਰਹਿ ਰਹੇ ਹਨ। ਇਸ ਤੋਂ ਪਹਿਲਾਂ ਇਨ੍ਹਾਂ ਮਕਾਨਾਂ ਵਿੱਚ ਉਨ੍ਹਾਂ ਵੱਡੇ ਬਜ਼ੁਰਗ ਰਹਿੰਦੇ ਰਹੇ ਹਨ। ਉਨ੍ਹਾਂ ਕੋਲ ਵੋਟਰ ਕਾਰਡ, ਰਾਸ਼ਨ ਕਾਰਡ ਅਤੇ ਆਧਾਰ ਕਾਰਡ ਆਦਿ ਬਣੇ ਹੋਏ ਹਨ। ਲੇਕਿਨ ਹੁਣ ਸਰਕਾਰ ਵੱਲੋਂ ਮੁਹਾਲੀ ਪ੍ਰਸ਼ਾਸਨ ਦੇ ਰਾਹੀਂ ਉਨ੍ਹਾਂ ਉਕਤ ਮਕਾਨ ਅਤੇ ਵਾੜੇ ਗੁਹਾਰੇ ਵਾਲੀ ਥਾਂ ਖਾਲੀ ਕਰਕੇ ਉੱਥੋਂ ਚਲੇ ਜਾਣ ਲਈ ਆਖਿਆ ਜਾ ਰਿਹਾ ਹੈ। ਪ੍ਰਸ਼ਾਸਨ ਉਨ੍ਹਾਂ ਦੇ ਕਬਜ਼ੇ ਵਾਲੀ ਥਾਂ ਹੁਣ ਗਊ ਚਰਾਂਦ ਦੱਸ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਿਰਫ਼ ਦਲਿਤ ਪਰਿਵਾਰਾਂ ਉੱਤੇ ਕੀਤੀ ਜਾ ਰਹੀ ਹੈ ਜਦੋਂਕਿ ਉੱਥੇ ਕਈ ਜਿਮੀਂਦਾਰਾਂ ਦੇ ਘਰ ਵੀ ਬਣੇ ਹੋਏ ਹਨ। ਉਨ੍ਹਾਂ ਨੂੰ ਵੱਸਦਾ ਰੱਖਿਆ ਜਾ ਰਿਹਾ ਹੈ। ਪੀੜਤ ਪਰਿਵਾਰਾਂ ਨੇ ਅਦਾਲਤ ਤੋਂ ਮੰਗ ਕੀਤੀ ਉਨ੍ਹਾਂ ਦਾ ਉਜਾੜਾ ਰੋਕਿਆ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ