Nabaz-e-punjab.com

ਸਿਹਤ ਮੰਤਰੀ ਸਿੱਧੂ ਨੇ ਪਿੰਡ ਦਾਊਂ (ਰਾਮਗੜ੍ਹ) ਦੇ ਵਿਕਾਸ ਲਈ 3 ਲੱਖ ਦੀ ਗਰਾਂਟ ਦਿੱਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ:
ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੋਂ ਦੇ ਨਜ਼ਦੀਕੀ ਪਿੰਡ ਦਾਊਂ (ਰਾਮਗੜ੍ਹ) ਵਿੱਚ ਗਲੀਆਂ-ਨਾਲੀਆਂ, ਗੰਦੇ ਪਾਣੀ ਦੀ ਨਿਕਾਸੀ ਅਤੇ ਸਟਰੀਟ ਲਾਈਟਾਂ ਲਈ ਤਿੰਨ ਲੱਖ ਰੁਪਏ ਦੀ ਹੋਰ ਗਰਾਂਟ ਦਾ ਚੈੱਕ ਦਿੱਤਾ ਗਿਆ। ਇਸ ਤੋਂ ਪਹਿਲਾਂ ਵੀ ਸ੍ਰੀ ਸਿੱਧੂ ਨੇ ਦਾਊਂ ਦੇ ਵਿਕਾਸ ਲਈ ਗਰਾਂਟਾਂ ਦੇ ਚੈੱਕ ਦਿੱਤੇ ਹਨ ਅਤੇ ਐਲਈਡੀ ਲਾਈਟਾਂ ਲਾਈਆਂ ਗਈਆਂ ਹਨ।
ਸ੍ਰੀ ਸਿੱਧੂ ਨੇ ਕਿਹਾ ਕਿ ਇਤਿਹਾਸਕ ਪਿੰਡ ਦਾਊਂ ਦੀ ਧਾਰਮਿਕ ਮਹੱਤਤਾ ਨੂੰ ਦੇਖਦੇ ਹੋਏ ਸਥਾਨਕ ਲੋਕਾਂ ਨੂੰ ਸ਼ਹਿਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਬਾਕੀ ਪਿੰਡਾਂ ਵਿੱਚ ਸ਼ਹਿਰਾਂ ਦੀ ਤਰਜ਼ ’ਤੇ ਵਿਕਾਸ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੇਲੇ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਦਰਸ਼ ਗਰਾਮ ਯੋਜਨਾ ਤਹਿਤ ਦਾਊਂ ਪਿੰਡ ਨੂੰ ਅਪਣਾਇਆ ਸੀ ਲੇਕਿਨ ਅੱਜ ਵੀ ਇੱਥੋਂ ਦੇ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਉਨ੍ਹਾਂ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਜੇਕਰ ਕਿਸੇ ਪਿੰਡ ਵਿੱਚ ਕੋਈ ਕੰਮ ਹੋਣ ਵਾਲਾ ਰਹਿੰਦਾ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਜਿਸ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ। ਸਿਹਤ ਮੰਤਰੀ ਨੇ ਪਿੰਡ ਦੇ ਵਸਨੀਕਾਂ ਨੂੰ ਮੁਫ਼ਤ ਇਲਾਜ ਲਈ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਵੀ ਵੰਡੇ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਅਜਮੇਰ ਸਿੰਘ ਸਰਪੰਚ ਦਾਊਂ, ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ, ਮਹਿੰਦਰ ਕੌਰ, ਪਰਵਿੰਦਰ ਕੌਰ, ਤਜਿੰਦਰ ਕੌਰ, ਜਸਵੰਤ ਸਿੰਘ, ਗੁਰਮੀਤ ਸਿੰਘ (ਸਾਰੇ ਪੰਚ), ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਪ੍ਰਧਾਨ ਨਵਨੀਤ ਸਿੰਘ, ਗੁਰਨਾਮ ਸਿੰਘ ਕਾਲਾ, ਬਿਕਰਮ ਸਿੰਘ ਵਿੱਕੀ, ਜਰਨੈਲ ਸਿੰਘ, ਪ੍ਰਮੋਦ ਕੁਮਾਰ, ਹਰਵਿੰਦਰ ਸਿੰਘ, ਚਰਨਜੀਤ ਸਿੰਘ, ਬਲਦੇਵ ਸਿੰਘ ਅਤੇ ਗਿਆਨ ਸਿੰਘ ਸਾਬਕਾ ਪੰਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…