Nabaz-e-punjab.com

ਡੀਸੀ ਦਫ਼ਤਰ ਦੇ ਮੁਲਾਜ਼ਮਾਂ ਨੇ ਸਰਕਾਰ ਦੇ ਤਾਨਾਸ਼ਾਹੀ ਹੁਕਮਾਂ ਦੀਆਂ ਕਾਪੀਆਂ ਸਾੜੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ:
ਪੰਜਾਬ ਸਰਕਾਰ ਦੇ ’ਨੋ ਵਰਕ ਨੋ ਪੇਅ’ ਦੇ ਹੁਕਮਾਂ ਖ਼ਿਲਾਫ਼ ਡੀਸੀ ਦਫ਼ਤਰ ਸਮੇਤ ਸਮੁੱਚਾ ਮੁਲਾਜ਼ਮ ਵਰਗ ਸੜਕ ’ਤੇ ਉਤਰ ਆਇਆ ਹੈ। ਅੱਜ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਡੀਸੀ ਦਫ਼ਤਰ ਐਂਪਲਾਇਜ਼ ਯੂਨੀਅਨ ਜ਼ਿਲ੍ਹਾ ਮੁਹਾਲੀ ਦੇ ਮੈਂਬਰਾਂ ਵੱਲੋਂ ਸੂਬਾ ਚੇਅਰਮੈਨ ਓਮ ਪ੍ਰਕਾਸ਼ ਦੀ ਅਗਵਾਈ ਹੇਠ ਵਰ੍ਹਦੇ ਮੀਂਹ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਬੀਤੇ ਦਿਨੀਂ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ‘ਨੋ ਵਰਕ ਨੋ ਪੇਅ’ ਦੇ ਤਾਜ਼ਾ ਹੁਕਮਾਂ ਦੀਆਂ ਕਾਪੀਆਂ ਸਾੜੀਆਂ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ।
ਇਸ ਮੌਕੇ ਓਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਕੋਲੋਂ ਸੰਵਿਧਾਨਕ ਹੱਕ ਖੋਹ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੀ ਕੈਪਟਨ ਸਰਕਾਰ ਨੂੰ ਮੁਲਾਜ਼ਮ ਵਿਰੋਧੀ ਦੱਸਦਿਆਂ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਅਤੇ ਹੋਰ ਬਣਦੇ ਭੱਤੇ ਦੇਣ ਦੀ ਬਜਾਏ ਉਲਟਾ ਮੁਲਾਜ਼ਮਾਂ ਤੋਂ 200 ਰੁਪਏ ਪ੍ਰਤੀ ਮਹੀਨਾ ਜਜ਼ੀਆ ਟੈਕਸ ਵਸੂਲਿਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਸਰਕਾਰ ਹੁਣ ਮੁਲਾਜ਼ਮਾਂ ਨੂੰ ਮਿਲਦਾ ਮੋਬਾਈਲ ਭੱਤਾ ਵੀ ਬੰਦ ਕਰਨ ਦੀ ਤਿਆਰੀ ਵਿੱਚ ਹੈ।
ਇਸ ਤੋਂ ਪਹਿਲਾਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਇਕ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਜੇਕਰ ਦਫ਼ਤਰੀ ਮੁਲਾਜ਼ਮ ਆਪਣਾ ਕੰਮ ਛੱਡ ਕੇ ਹੜਤਾਲ ’ਤੇ ਜਾਣਗੇ ਤਾਂ ਉਨ੍ਹਾਂ ਦੀ ਤਨਖ਼ਾਹ ਕੱਟੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਲੋਕਤੰਤਰ ਦੇ ਖ਼ਿਲਾਫ਼ ਹੈ। ਇਸ ਤਾਨਾਸ਼ਾਹੀ ਫੈਸਲੇ ਵਿਰੁੱਧ ਅੱਜ ਪੰਜਾਬ ਭਰ ਵਿੱਚ ਮੁਲਾਜ਼ਮਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਗਏ ਹਨ ਅਤੇ ਸਰਕਾਰ ਦੇ ਤਾਜ਼ਾ ਹੁਕਮਾਂ ਵਾਲੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਅਤੇ ਹੱਕਾਂ ਲਈ ਸੰਘਰਸ਼ ਕਰਨਾ ਹਰੇਕ ਮੁਲਾਜ਼ਮ ਨੂੰ ਸੰਵਿਧਾਨਕ ਅਧਿਕਾਰ ਹੈ ਪ੍ਰੰਤੂ ਸੂਬਾ ਸਰਕਾਰ ‘ਨੋ ਵਰਕ ਨੋ ਪੇਅ’ ਦਾ ਫਾਰਮੂਲਾ ਲਾਗੂ ਕਰਕੇ ਮੁਲਾਜ਼ਮਾਂ ਦੀ ਆਵਾਜ਼ ਬੰਦ ਨਹੀਂ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਭਖਦੀਆਂ ਮੰਗਾਂ ਅਤੇ ਹੱਕਾਂ ਲਈ ਮੁਲਾਜ਼ਮ ਸੰਘਰਸ਼ ਜਾਰੀ ਰੱਖਣਗੇ।
ਇਸ ਮੌਕੇ ਕੁਲਦੀਪ ਚੰਦ, ਮਨੀਸ਼ ਬਾਂਸਲ, ਵਿਜੈ ਪ੍ਰਭਾਕਰ, ਗੁਰਸ਼ਰਨ ਸਿੰਘ, ਰਮਨਦੀਪ ਕੌਰ, ਸੋਨੀਕਾ ਮਹਿਤਾ, ਹਰਜੀਤ ਕੌਰ, ਯਾਦਵਿੰਦਰ ਕੌਰ, ਹਰਪ੍ਰੀਤ ਸਿੰਘ, ਮਨੋਜ ਕੁਮਾਰ, ਪੰਕਜ ਕੁਮਾਰ ਅਤੇ ਹੋਰ ਦਫ਼ਤਰੀ ਮੁਲਾਜ਼ਮ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼ ਨਬਜ਼-ਏ-ਪੰਜਾਬ, ਮੁਹਾਲੀ, 29 ਨਵੰਬਰ: ਇੱਥੋਂ ਦ…