Nabaz-e-punjab.com

ਕਰੋਨਾ ਵਾਇਰਸ: ਮੈਡੀਕਲ ਟੀਮ ਨੇ ਦੂਜੇ ਦਿਨ ਮੁਹਾਲੀ ਏਅਰਪੋਰਟ ’ਤੇ 186 ਯਾਤਰੀਆਂ ਦੀ ਜਾਂਚ

ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਚੰਡੀਗੜ੍ਹ ਦੇ ਸ਼ੱਕੀ ਮਰੀਜ਼ ਨੂੰ ਵੀ ਮਿਲੀ ਛੁੱਟੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜਨਵਰੀ:
ਚੀਨ ਵਿੱਚ ਫੈਲੇ ਮਾਰੂ ਕਰੋਨਾ ਵਾਇਰਸ ਤੋਂ ਬਾਅਦ ਸਿਹਤ ਵਿਭਾਗ ਚੌਕੰਨਾ ਹੋ ਗਿਆ ਹੈ। ਚੀਨ ਸਮੇਤ ਹੋਰਨਾਂ ਵਿਦੇਸ਼ੀ ਮੁਲਕਾਂ ਤੋਂ ਪਰਤਨ ਵਾਲੇ ਯਾਤਰੀਆਂ ’ਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਇਸ ਸਬੰਧੀ ਮੁਹਾਲੀ ਸਮੇਤ ਹੋਰਨਾਂ ਏਅਰਪੋਰਟ ਅਥਾਰਟੀਆਂ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਅੱਜ ਦੂਜੇ ਦਿਨ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਸ਼ਾਰਜਾਹ ਤੋਂ ਆਈ ਫਲਾਈਟ ਵਿੱਚ ਸਵਾਰ ਕਰੀਬ 186 ਯਾਤਰੀਆਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਕੋਈ ਵੀ ਯਾਤਰੀ ਖਾਂਸੀ, ਜ਼ੁਕਾਮ, ਸਿਰਦਰਦ ਜਾਂ ਬੁਖ਼ਾਰ ਤੋਂ ਪੀੜਤ ਨਹੀਂ ਪਾਇਆ ਗਿਆ। ਪ੍ਰੰਤੂ ਇਕ ਸ਼ੱਕੀ ਮਰੀਜ਼ ਜ਼ਰੂਰ ਮਿਲਿਆ ਹੈ, ਜੋ ਕੁਝ ਦਿਨ ਪਹਿਲਾਂ ਹੀ ਚੀਨ ਗਿਆ ਸੀ ਅਤੇ ਇਕ ਦਿਨ ਤੇ ਰਾਤ ਉੱਥੇ ਠਹਿਰਿਆ ਸੀ।
ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਪਟਿਆਲਾ ਦੇ ਇਹ ਯਾਤਰੀ ਬੀਤੀ 20 ਜਨਵਰੀ ਨੂੰ ਚੀਨ ਗਿਆ ਸੀ ਅਤੇ ਅਗਲੇ ਦਿਨ ਵਾਪਸ ਪਰਤ ਆਇਆ ਸੀ, ਹਾਲਾਂਕਿ ਇਹ ਵਿਅਕਤੀ ਬਿਲਕੁਲ ਠੀਕ ਹੈ ਪ੍ਰੰਤੂ ਉਸ ਨੂੰ 28 ਦਿਨਾਂ ਲਈ ਮੈਡੀਕਲ ਨਿਗਰਾਨੀ ਹੇਠ ਰੱਖਿਆ ਜਾਵੇਗਾ। ਇਸ ਯਾਤਰੀ ਬਾਰੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪਟਿਆਲਾ ਪ੍ਰਸ਼ਾਸਨ ਨੂੰ ਵੀ ਸੂਚਨਾ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰੀ ਸਮੇਤ ਕਿਸੇ ਵੀ ਯਾਤਰੀ ਨੂੰ ਕਰੋਨਾ ਵਾਇਰਸ ਦਾ ਕੋਈ ਵੀ ਲੱਛਣ ਨਜ਼ਰ ਨਹੀਂ ਆਇਆ ਹੈ। ਸਿਵਲ ਸਰਜਨ ਦੀ ਅਗਵਾਈ ਹੇਠ ਮੈਡੀਕਲ ਟੀਮ ਨੇ ਨਾਨ-ਕੰਟੈਕਟ ਇਨਫ਼ਰਾਰੈਡ ਥਰਮਾਮੀਟਰ ਨਾਲ ਸਵਾਰੀਆਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਕਰੋਨਾ ਵਾਇਰਸ ਦੇ ਲੱਛਣਾਂ, ਸਾਵਧਾਨੀਆਂ ਅਤੇ ਬਚਾਅ ਬਾਰੇ ਦੱਸਿਆ ਗਿਆ।
ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਮੁਹਾਲੀ ਤੋਂ ਜਿਸ ਸ਼ੱਕੀ ਮਰੀਜ਼ ਨੂੰ ਤਿੰਨ ਦਿਨਾਂ ਪਹਿਲਾਂ ਪੀਜੀਆਈ ਵਿੱਚ ਰੈਫਰ ਕੀਤਾ ਗਿਆ ਸੀ। ਉਸ ਦੇ ਖੂਨ ਦੇ ਸੈਂਪਲ ਦੀ ਰਿਪੋਰਟ ਨੈਗੇਵਿਟ ਆਈ ਹੈ। ਯਾਨੀ ਇਹ ਮਰੀਜ਼ ਕਰੋਨਾ ਵਾਇਰਸ ਤੋਂ ਪੀੜਤ ਨਹੀਂ ਹੈ। ਸਬੰਧਤ ਵਿਅਕਤੀ ਨੂੰ ਆਮ ਫਲੂ ਹੈ ਅਤੇ ਉਸ ਦੀ ਸਿਹਤ ਬਿਲਕੁਲ ਸਥਿਰ ਹੈ। ਉਨ੍ਹਾਂ ਪੁਣੇ ਦੀ ਐਨਆਈਵੀ ਲੈਬਾਰਟਰੀ ਤੋਂ ਮਿਲੀ ਟੈਸਟ ਰਿਪੋਰਟ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਸ਼ੱਕੀ ਮਰੀਜ਼ ਦੇ ਸੈਂਪਲ ਇਸ ਲੈਬਾਰਟਰੀ ਵਿੱਚ ਹੀ ਭੇਜੇ ਗਏ ਸਨ। ਇਹ ਵਿਅਕਤੀ ਵੀ ਕੁਝ ਦਿਨ ਪਹਿਲਾਂ ਚੀਨ ਗਿਆ ਸੀ। ਜਦੋਂਕਿ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਚੰਡੀਗੜ੍ਹ ਸੈਕਟਰ-43 ਦੇ ਮਰੀਜ਼ ਨੂੰ ਵੀ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਮੈਡੀਕਲ ਟੀਮ ਵੱਲੋਂ ਬੀਤੇ ਕੱਲ੍ਹ ਵੀ ਸ਼ਾਰਜਾਹ ਤੋਂ ਆਈ ਫਲਾਈਟ ਦੇ 189 ਮੁਸਾਫ਼ਰਾਂ ਦਾ ਨਿਰੀਖਣ ਕੀਤਾ ਗਿਆ ਸੀ ਅਤੇ ਕੋਈ ਵੀ ਸ਼ੱਕੀ ਮਰੀਜ਼ ਨਹੀਂ ਮਿਲਿਆ ਸੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਇਸ ਬਿਮਾਰੀ ਦੇ ਖ਼ਤਰੇ ਨਾਲ ਸਿੱਝਣ ਲਈ ਪੂਰੀ ਤਰ੍ਹਾਂ ਤਿਆਰ ਅਤੇ ਵਚਨਬੱਧ ਹੈ। ਫਿਲਹਾਲ ਭਾਰਤ ਸਮੇਤ ਸਮੁੱਚੇ ਪੰਜਾਬ ਵਿੱਚ ਇਸ ਬਿਮਾਰੀ ਦਾ ਕੋਈ ਪੱਕਾ ਕੇਸ ਸਾਹਮਣੇ ਨਹੀਂ ਆਇਆ ਹੈ। ਲਿਹਾਜ਼ਾ ਆਮ ਲੋਕਾਂ ਨੂੰ ਘਬਰਾਉਣ ਜਾਂ ਡਰਨ ਦੀ ਲੋੜ ਨਹੀਂ ਹੈ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ, ਮੈਡੀਸਨ ਮਾਹਰ ਡਾ. ਭੂਸ਼ਣ ਕੁਮਾਰ, ਸਟਾਫ਼ ਨਰਸ ਹਰਸਿਮਰਤ ਕੌਰ ਵੀ ਹਾਜ਼ਰ ਸਨ।
(ਬਾਕਸ ਆਈਟਮ)
ਉਧਰ, ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਬੁੱਧਵਾਰ ਸ਼ਾਮ ਨੂੰ ਆਪਣੇ ਦਫ਼ਤਰ ਵਿੱਚ ਜ਼ਿਲ੍ਹਾ ਮੁਹਾਲੀ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਕਰੋਨਾ ਵਾਇਰਸ ਦੀ ਲਾਗ ਤੋਂ ਬਚਾਅ ਸਬੰਧੀ ਜ਼ਰੂਰੀ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਈਸੋਲੇਸ਼ਨ ਰੂਮ ਪਹਿਲਾਂ ਹੀ ਤਿਆਰ ਰੱਖੇ ਹੋਏ ਹਨ। ਜੇਕਰ ਕੋਈ ਸ਼ੱਕੀ ਮਰੀਜ਼ ਮਿਲਦਾ ਹੈ ਤਾਂ ਉਸ ਨੂੰ ਇਸ ਵਿਸ਼ੇਸ਼ ਕਮਰੇ ਵਿੱਚ ਰੱਖਿਆ ਜਾਵੇਗਾ ਅਤੇ ਲੋੜੀਂਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਦੱਸਿਆ ਗਿਆ ਕਿ ਪਿਛਲੇ ਦਿਨਾਂ ਦੌਰਾਨ ਚੀਨ ਤੋਂ ਪਰਤੇ ਲੋਕਾਂ ਨੂੰ ਲਗਾਤਾਰ ਨਿਗਰਾਨੀ ਹੇਠ ਰੱਖਿਆ ਜਾਵੇ ਤਾਂ ਜੋ ਸਬੰਧਤ ਵਿਅਕਤੀ ਅੰਦਰ ਇਸ ਵਾਇਰਸ ਦੇ ਲੱਛਣ ਦਿਸਣ ’ਤੇ ਤੁਰੰਤ ਤੁਰੰਤ ਜ਼ਰੂਰੀ ਕਦਮ ਚੁੱਕੇ ਜਾ ਸਕਣ। ਉਨ੍ਹਾਂ ਕਿਹਾ ਕਿ ਉਹ ਏਅਰਪੋਰਟ ਅਥਾਰਟੀ ਦੇ ਅਧਿਕਾਰੀਆਂ ਨਾਲ ਲਗਾਤਾਰ ਰਾਬਤਾ ਰੱਖ ਰਹੇ ਹਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …