Nabaz-e-punjab.com

ਪਾਵਰਕੌਮ ਦੇ ਠੇਕਾ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਸਮੇਤ ਕਿਰਤ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ, ਚੱਕਾ ਜਾਮ

ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ’ਤੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਪਾਵਰਕੌਮ ਐਂਡ ਟ੍ਰਾਸਕੋਂ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਅੱਜ ਆਪਣੇ ਪਰਿਵਾਰਾਂ ਸਮੇਤ ਮੁਹਾਲੀ ਸਥਿਤ ਕਿਰਤ ਕਮਿਸ਼ਨਰ ਪੰਜਾਬ ਦੇ ਮੁੱਖ ਦਫ਼ਤਰ ਦਾ ਘਿਰਾਓ ਕੀਤਾ ਅਤੇ ਸੜਕਾਂ ’ਤੇ ਧਰਨਾ ਲਗਾ ਕੇ ਚੱਕਾ ਜਾਮ ਕਰਕੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਇਸ ਮੌਕੇ ਬੋਲਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ, ਮੀਤ ਪ੍ਰਧਾਨ ਰਾਜੇਸ਼ ਕੁਮਾਰ ਅਤੇ ਨਰਿੰਦਰ ਸਿੰਘ ਨੇ ਦੱਸਿਆ ਕਿ ਕਿਰਤ ਕਮਿਸ਼ਨਰ ਅਤੇ ਪਾਵਰਕੌਮ ਮੈਨੇਜਮੈਂਟ ਨੂੰ ਸਾਲ 2016 ਤੋਂ ਲੈ ਕੇ ਹੁਣ ਤੱਕ ਅਨੇਕਾਂ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਲੇਕਿਨ ਝੂਠੇ ਲਾਰਿਆਂ ਤੋਂ ਬਿਨਾਂ ਕੁਝ ਵੀ ਪੱਲੇ ਨਹੀਂ ਪਿਆ। ਧਰਨੇ ਨੂੰ ਮੁਲਾਜ਼ਮ ਆਗੂ ਮਲਾਗਰ ਸਿੰਘ ਅਤੇ ਵਰਗ ਚੇਤਨਾ ਦੇ ਸੰਪਾਦਕ ਯਸ਼ਪਾਲ ਨੇ ਵੀ ਸੰਬੋਧਨ ਕੀਤਾ।
ਆਗੂਆਂ ਨੇ ਕਿਹਾ ਕਿ ਕਿਰਤ ਵਿਭਾਗ ਨਾਲ ਮੰਗ ਪੱਤਰ ਵਿੱਚ ਦਰਜ ਮੰਗਾਂ ਪ੍ਰਤੀ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ। ਜਿਸ ਵਿੱਚ ਕਿਰਤ ਮੰਤਰੀ, ਕਿਰਤ ਵਿਭਾਗ ਦੇ ਪ੍ਰਮੁੱਖ ਸਕੱਤਰ, ਕਿਰਤ ਕਮਿਸ਼ਨਰ ਅਤੇ ਪਾਵਰਕੌਮ ਮੈਨੇਜਮੈਂਟ ਨਾਲ ਮੰਗਾਂ ਪ੍ਰਤੀ ਕਈ ਸਮਝੌਤੇ ਵੀ ਹੋਏ ਸੀ। ਜਿਨ੍ਹਾਂ ਵਿੱਚ ਲਗਾਤਾਰ ਕੰਮ ’ਤੇ ਰੱਖਣ ਸਬੰਧੀ ਘੱਟੋ-ਘੱਟ ਉਜ਼ਰਤਾਂ ਕਿਰਤ ਕਮਿਸ਼ਨਰ ਪੰਜਾਬ ਦੇ ਨੋਟੀਫ਼ਿਕੇਸ਼ਨ ਮੁਤਾਬਕ ਤਨਖ਼ਾਹਾਂ ਦੀ ਸਮੇਂ ਸਿਰ ਅਦਾਇਗੀ ਕਰਨ, ਪਿਛਲੇ ਬਕਾਇਆ ਈਪੀਐੱਫ ਈਐੱਸਆਈ ਤੇ ਘੱਟ ਮਿਲ ਰਹੀ ਤਨਖ਼ਾਹ ਦਾ ਰਹਿੰਦਾ ਬਕਾਇਆ ਅਤੇ ਪਾਵਰਕੌਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸੈਂਕੜੇ ਕਾਮੇ ਮੌਤ ਦੇ ਮੂੰਹ ਵਿੱਚ ਜਾ ਪਏ ਹਨ। ਉਨ੍ਹਾਂ ਮ੍ਰਿਤਕ ਕਾਮਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਨਾ ਤਾਂ ਕੋਈ ਯੋਗ ਮੁਆਵਜ਼ੇ ਦਾ ਪ੍ਰਬੰਧ ਕੀਤਾ ਗਿਆ ਅਤੇ ਨਾ ਹੀ ਕੋਈ ਮੈਡੀਕਲ ਸੁਵਿਧਾ ਦੀ ਵਿਵਸਥਾ ਕੀਤੀ ਗਈ ਹੈ।
ਬੁਲਾਰਿਆਂ ਨੇ ਦੋਸ਼ ਲਾਇਆ ਕਿ ਕਿਰਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੇ ਅਤੇ ਕਰਵਾਏ ਗਏ ਸਮਝੌਤੇ ਵੀ ਹੁਣ ਤੱਕ ਲਾਗੂ ਨਹੀਂ ਕੀਤੇ ਗਏ ਹਨ ਜਦੋਂਕਿ ਆਊਟਸੋਰਸਿੰਗ ਕੰਪਨੀਆਂ ਸੀਐੱਚਬੀ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਵਿੱਚ ਵੱਡਾ ਡਾਕਾ ਮਾਰ ਰਹੀਆਂ ਹਨ। 70 ਦਿਨ ਤੋਂ ਜਲਾਲਾਬਾਦ ਵਾਲੇ ਕਾਮੇ ਪੱਕਾ ਮੋਰਚਾ ਲਗਾਈ ਬੈਠੇ ਹਨ ਅਤੇ ਸੰਘਰਸ਼ ਨੂੰ ਤਾਰਪੀਂਡੋ ਕਰਨ ਲਈ 7 ਮਹੀਨੇ ਤੋਂ ਸਰਕਲ ਪ੍ਰਧਾਨ ਸਮੇਤ ਸੂਬਾ ਪ੍ਰਧਾਨ ਦੀਆਂ ਤਨਖ਼ਾਹਾਂ ਰੋਕੀਆਂ ਹੋਈਆਂ ਹਨ। ਜਿਸ ਦੇ ਰੋਸ ਵਜੋਂ ਅੱਜ ਠੇਕਾ ਮੁਲਾਜ਼ਮਾਂ ਨੂੰ ਆਪਣੇ ਪਰਿਵਾਰਾਂ ਸਮੇਤ ਕਿਰਤ ਕਮਿਸ਼ਨਰ ਦਾ ਘਿਰਾਓ ਕਰਨ ਲਈ ਮਜਬੂਰ ਹੋਣਾ ਪਿਆ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…