Share on Facebook Share on Twitter Share on Google+ Share on Pinterest Share on Linkedin ਕਰੋਨਾ ਵਾਇਰਸ: ਮੈਡੀਕਲ ਟੀਮ ਨੇ ਮੁਹਾਲੀ ਹਵਾਈ ਅੱਡੇ ’ਤੇ ਕੀਤੀ 186 ਯਾਤਰੀਆਂ ਦੀ ਜਾਂਚ ਯਾਤਰੀਆਂ ਦੀ ਜਾਂਚ ਦੌਰਾਨ ਇਕ ਵੀ ਸ਼ੱਕੀ ਮਰੀਜ਼ ਨਹੀਂ ਮਿਲਿਆ: ਡਾ. ਮਨਜੀਤ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ: ਚੀਨ ਵਿੱਚ ਕਰੋਨਾ ਵਾਇਰਸ ਫੈਲਣ ਤੋਂ ਬਾਅਦ ਸਿਹਤ ਵਿਭਾਗ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਚੀਨ ਸਮੇਤ ਹੋਰਨਾਂ ਦੇਸ਼ਾਂ ਵਿੱਚ ਆਉਣ ਜਾਣ ਵਾਲੇ ਯਾਤਰੀਆਂ ’ਤੇ ਸਿਹਤ ਵਿਭਾਗ ਨਜ਼ਰ ਰੱਖ ਰਿਹਾ ਹੈ। ਇਸ ਸਬੰਧੀ ਅੱਜ ਸਿਵਲ ਸਰਜਨ ਡਾ. ਮਨਜੀਤ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਸ਼ਾਰਜਾਹ ਤੋਂ ਆਈ ਫਲਾਈਟ ਵਿੱਚ ਸਵਾਰ ਕਰੀਬ 186 ਯਾਤਰੀਆਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਕੋਈ ਵੀ ਯਾਤਰੀ ਖਾਂਸੀ, ਜ਼ੁਕਾਮ, ਸਿਰਦਰਦ ਜਾਂ ਬੁਖ਼ਾਰ ਤੋਂ ਪੀੜਤ ਨਹੀਂ ਪਾਇਆ ਗਿਆ ਅਤੇ ਸਮੁੱਚੇ ਜ਼ਿਲ੍ਹੇ ਅੰਦਰ ਸਥਿਤ ਕਾਬੂ ਹੇਠ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਬੁੱਧਵਾਰ ਨੂੰ ਮਿਲੇ ਪਟਿਆਲਾ ਦੇ ਸ਼ੱਕੀ ਯਾਤਰੀ ਦੀ ਰਿਪੋਰਟ ਵੀ ਨੈਗੇਟਿਵ ਆਈ ਹੈ। ਉਹ ਬੀਤੀ 20 ਜਨਵਰੀ ਨੂੰ ਚੀਨ ਗਿਆ ਸੀ ਅਤੇ ਅਗਲੇ ਦਿਨ ਵਾਪਸ ਪਰਤ ਆਇਆ ਸੀ, ਹਾਲਾਂਕਿ ਇਹ ਵਿਅਕਤੀ ਬਿਲਕੁਲ ਠੀਕ ਹੈ ਪ੍ਰੰਤੂ ਉਸ ਨੂੰ 28 ਦਿਨਾਂ ਲਈ ਮੈਡੀਕਲ ਨਿਗਰਾਨੀ ਹੇਠ ਰੱਖਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਮੈਡੀਕਲ ਜਾਂਚ ਦੌਰਾਨ ਕਿਸੇ ਵੀ ਯਾਤਰੀ ਨੂੰ ਕਰੋਨਾ ਵਾਇਰਸ ਦਾ ਕੋਈ ਲੱਛਣ ਨਜ਼ਰ ਨਹੀਂ ਆਇਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਦੀ ਅਗਵਾਈ ਵਿੱਚ ਮੈਡੀਸਨ ਮਾਹਰ ਡਾ. ਈਸ਼ੂ, ਡਾ. ਗੁਰਪ੍ਰੀਤ ਸਿੰਘ ਅਤੇ ਹੈਲਥ ਵਰਕਰ ਬਲਜੀਤ ਸਿੰਘ ਨੇ ਨਾਨ-ਕੰਟੈਕਟ ਇਨਫ਼ਰਾਰੈਡ ਥਰਮਾਮੀਟਰ ਨਾਲ ਯਾਤਰੀਆਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਕਰੋਨਾ ਵਾਇਰਸ ਦੇ ਲੱਛਣਾਂ, ਸਾਵਧਾਨੀਆਂ ਅਤੇ ਬਚਾਅ ਬਾਰੇ ਦੱਸਿਆ ਗਿਆ। ਸਿਵਲ ਸਰਜਨ ਨੇ ਦੱਸਿਆ ਕਿ ਕਰੋਨਾ ਵਾਇਰਸ ਦੀ ਲਾਗ ਤੋਂ ਬਚਾਅ ਸਬੰਧੀ ਸਿਹਤ ਅਧਿਕਾਰੀਆਂ ਅਤੇ ਮੈਡੀਕਲ ਟੀਮਾਂ ਨੂੰ ਜ਼ਰੂਰੀ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਅਤੇ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਈਸੋਲੇਸ਼ਨ ਵਾਰਡਾਂ ਦੀ ਵਿਵਸਥਾ ਕੀਤੀ ਗਈ ਹੈ। ਜੇਕਰ ਕੋਈ ਸ਼ੱਕੀ ਮਰੀਜ਼ ਮਿਲਦਾ ਹੈ ਤਾਂ ਉਸ ਨੂੰ ਇਸ ਵਿਸ਼ੇਸ਼ ਕਮਰੇ ਵਿੱਚ ਰੱਖਿਆ ਜਾਵੇਗਾ ਅਤੇ ਲੋੜੀਂਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮੂਹ ਐਸਐਮਓਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਪਿਛਲੇ ਦਿਨਾਂ ਦੌਰਾਨ ਚੀਨ ਤੋਂ ਪਰਤੇ ਲੋਕਾਂ ਨੂੰ ਲਗਾਤਾਰ ਨਿਗਰਾਨੀ ਹੇਠ ਰੱਖਿਆ ਜਾਵੇ ਤਾਂ ਜੋ ਸਬੰਧਤ ਵਿਅਕਤੀ ਅੰਦਰ ਇਸ ਵਾਇਰਸ ਦੇ ਲੱਛਣ ਦਿਸਣ ’ਤੇ ਤੁਰੰਤ ਜ਼ਰੂਰੀ ਕਦਮ ਚੁੱਕੇ ਜਾ ਸਕਣ। ਉਨ੍ਹਾਂ ਕਿਹਾ ਕਿ ਉਹ ਖ਼ੁਦ ਵੀ ਏਅਰਪੋਰਟ ਅਥਾਰਟੀ ਦੇ ਅਧਿਕਾਰੀਆਂ ਨਾਲ ਲਗਾਤਾਰ ਰਾਬਤਾ ਰੱਖ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ