nabaz-e-punjab.com

ਬੰਬ ਧਮਾਕਾ: ਅਦਾਲਤ ਵੱਲੋਂ ਮੁਲਜ਼ਮ ਮਲਕੀਤ ਸ਼ੇਰਾ ਦੇ ਇਲਾਜ ਬਾਰੇ ਸਟੇਟਸ ਰਿਪੋਰਟ ਤਲਬ

ਅੰਮ੍ਰਿਤਸਰ ਜੇਲ੍ਹ ਦੇ ਸੁਪਰਡੈਂਟ ਨੂੰ ਨੋਟਿਸ ਜਾਰੀ, ਅਗਲੀ ਸੁਣਵਾਈ 5 ਮਾਰਚ ਨੂੰ

ਬਚਾਅ ਪੱਖ ਦੇ ਵਕੀਲਾਂ ਨੇ ਲਾਇਆ ਸਹੀ ਇਲਾਜ ਨਾ ਕਰਵਾਉਣ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ:
ਪੰਜਾਬ ਦੇ ਸਰਹੱਦੀ ਇਲਾਕੇ ਤਰਨ ਤਾਰਨ ਦੇ ਪਿੰਡ ਪੰਡੋਰੀ ਕਲਾਂ ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਸਬੰਧੀ ਮੁਹਾਲੀ ਸਥਿਤ ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਇਸ ਮਾਮਲੇ ਵਿੱਚ ਨਾਮਜ਼ਦ ਇਕ ਬਿਮਾਰ ਮੁਲਜ਼ਮ ਮਲਕੀਤ ਸਿੰਘ ਉਰਫ਼ ਸ਼ੇਰਾ ਦੇ ਇਲਾਜ ਸਬੰਧੀ ਸਟੇਟਸ ਰਿਪੋਰਟ ਤਲਬ ਕੀਤੀ ਗਈ ਹੈ। ਅੱਜ ਇਸ ਕੇਸ ਦੀ ਸੁਣਵਾਈ ਐਨਆਈਏ ਦੇ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ਵਿੱਚ ਹੋਈ। ਇਸ ਸਬੰਧੀ ਅਦਾਲਤ ਨੇ ਅੰਮ੍ਰਿਤਸਰ ਜੇਲ੍ਹ ਦੇ ਸੁਪਰਡੈਂਟ ਨੂੰ ਨੋਟਿਸ ਜਾਰੀ ਕਰਕੇ ਮੁਲਜ਼ਮ ਸ਼ੇਰ ਦੇ ਇਲਾਜ ਬਾਬਤ ਸਟੇਟਸ ਰਿਪੋਰਟ 5 ਮਾਰਚ ਤੋਂ ਪਹਿਲਾਂ ਪਹਿਲਾਂ ਦੇਣ ਦੇ ਆਦੇਸ਼ ਜਾਰੀ ਕੀਤੇ ਹਨ।
ਬਚਾਅ ਪੱਖ ਦੇ ਵਕੀਲ ਰਣਜੋਧ ਸਿੰਘ ਸਰਾਓ ਨੇ ਅਦਾਲਤ ਨੂੰ ਦੱਸਿਆ ਕਿ ਪੰਡੋਰੀ ਬੰਬ ਧਮਾਕੇ ਦੌਰਾਨ ਮੁਲਜ਼ਮ ਗੁਰਜੰਟ ਸਿੰਘ ਦੀਆਂ ਅੱਖਾਂ ਦੀ ਰੋਸ਼ਨੀ ਚਲੀ ਗਈ ਹੈ ਅਤੇ ਉਸ ਨੂੰ ਦਿਖਾਈ ਦੇਣਾ ਬੰਦ ਹੋ ਗਿਆ ਹੈ। ਇਸੇ ਤਰ੍ਹਾਂ ਮੁਲਜ਼ਮ ਮਲਕੀਤ ਸਿੰਘ ਉਰਫ਼ ਸ਼ੇਰਾ ਵੀ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਜੇਰੇ ਇਲਾਜ ਹੈ। ਉਸ ਦਾ ਜੇਲ੍ਹ ਪ੍ਰਸ਼ਾਸਨ ਵੱਲੋਂ ਸਹੀ ਤਰੀਕੇ ਨਾਲ ਇਲਾਜ ਨਹੀਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਡਾਕਟਰਾਂ ਨੇ ਸਾਫ਼ ਕਹਿ ਦਿੱਤਾ ਹੈ ਕਿ ਮੁਲਜ਼ਮ ਸ਼ੇਰਾ ਦਾ ਇਲਾਜ ਪੀਜੀਆਈ ਵਿੱਚ ਹੋ ਸਕਦਾ ਹੈ ਪ੍ਰੰਤੂ ਜੇਲ੍ਹ ਸਟਾਫ਼ ਜਾਣਬੁੱਝ ਕੇ ਸ਼ੇਰਾ ਦਾ ਇਲਾਜ ਕਰਵਾਉਣ ਤੋਂ ਕੰਨੀ ਕਤਰਾ ਰਿਹਾ ਹੈ। ਬਚਾਅ ਪੱਖ ਦੇ ਵਕੀਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਅਦਾਲਤ ਵੱਲੋਂ ਜੇਲ੍ਹ ਸੁਪਰਡੈਂਟ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਪ੍ਰੰਤੂ ਜੇਲ੍ਹ ਅਮਲਾ ਇਸ ਪਾਸੇ ਧਿਆਨ ਨਹੀਂ ਦੇ ਰਿਹਾ। ਅਦਾਲਤ ਨੇ ਜੇਲ੍ਹ ਸੁਪਰਡੈਂਟ ਨੂੰ ਨੋਟਿਸ ਜਾਰੀ ਕਰਕੇ ਮੁਲਜ਼ਮ ਮਲਕੀਤ ਸ਼ੇਰਾ ਦੇ ਇਲਾਜ ਬਾਬਤ ਸਟੇਟਸ ਰਿਪੋਰਟ ਅਦਾਲਤ ਵਿੱਚ ਸੌਂਪੀ ਜਾਵੇ।
ਇਸ ਮਾਮਲੇ ਵਿੱਚ ਗੁਰਜੰਟ ਸਿੰਘ, ਮੱਸਾ ਸਿੰਘ, ਅੰਮ੍ਰਿਤਪਾਲ ਸਿੰਘ, ਚੰਨਦੀਪ ਸਿੰਘ ਉਰਫ਼ ਗੱਬਰ ਸਿੰਘ, ਅਮਰਜੀਤ ਸਿੰਘ ਉਰਫ਼ ਅਮਰ, ਮਨਪ੍ਰੀਤ ਸਿੰਘ, ਮਨਦੀਪ ਸਿੰਘ ਅਤੇ ਹਰਜੀਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਜਦੋਂਕਿ ਮੁਲਜ਼ਮ ਮਲਕੀਤ ਸਿੰਘ ਸ਼ੇਰਾ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਜੇਰੇ ਇਲਾਜ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਕੇਸ ਦੀ ਅਗਲੀ ਸੁਣਵਾਈ ਲਈ 5 ਮਾਰਚ ਦਾ ਦਿਨ ਨਿਰਧਾਰਿਤ ਕੀਤਾ ਹੈ। ਉਧਰ, ਐਨਆਈਏ ਦੀ ਜਾਂਚ ਟੀਮ ਨੇ ਮੁਲਜ਼ਮਾਂ ਦੇ ਮੋਬਾਈਲ ਤੇ ਕੰਪਿਊਟਰ ਅਤੇ ਫੇਸਬੁੱਕ ਅਕਾਉਂਟ ਡਾਟਾ ਹਾਸਲ ਕਰਨ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਪਿਛਲੇ ਸਾਲ 4 ਸਤੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪੰਡੋਰੀ ਗੋਲਾ ਸੜਕ ’ਤੇ ਇਕ ਖਾਲੀ ਪਲਾਟ ਵਿੱਚ ਜ਼ਬਰਦਸਤ ਬੰਬ ਧਮਾਕਾ ਹੋਇਆ ਸੀ। ਇਸ ਧਮਾਕੇ ਵਿੱਚ ਹਰਪ੍ਰੀਤ ਸਿੰਘ ਹੈਪੀ, ਬਿਕਰਮਜੀਤ ਸਿੰਘ ਬਿਕਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦੋਂਕਿ ਗੁਰਜੰਟ ਸਿੰਘ ਗੰਭੀਰ ਜ਼ਖਮੀ ਹੋਣ ਆਪਣੀਆਂ ਅੱਖਾਂ ਗੁਆ ਚੁੱਕਾ ਹੈ। ਪਹਿਲਾਂ ਇਸ ਮਾਮਲੇ ਦੀ ਜਾਂਚ ਪੰਜਾਬ ਪੁਲੀਸ ਕਰ ਰਹੀ ਸੀ ਪਰ ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਐਨਆਈਏ ਨੂੰ ਸੌਂਪੀ ਗਈ ਸੀ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…