Share on Facebook Share on Twitter Share on Google+ Share on Pinterest Share on Linkedin ਬੇਅਦਬੀ ਮਾਮਲਾ: ਪੰਜਾਬ ਪੁਲੀਸ ਦੀ ਸਿੱਟ ਨੇ ਜਾਂਚ ਸ਼ੁਰੂ ਕੀਤੀ: ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵਿਧਾਨ ਸਭਾ ’ਚ ਮਤਾ ਪਾਸ ਹੋਣ ਤੇ ਡੀਨੋਟੀਫਾਈਡ ਤੋਂ ਬਾਅਦ ਸੀਬੀਆਈ ਨੂੰ ਜਾਂਚ ਦਾ ਕੋਈ ਅਧਿਕਾਰ ਨਹੀਂ ਸੀਬੀਆਈ ਤੁਰੰਤ ਸਾਰੇ ਦਸਤਾਵੇਜ਼ ਤੇ ਪੂਰੇ ਕੇਸ ਦੀ ਫਾਈਲ ਸਿੱਟ ਨੂੰ ਸੌਂਪੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ: ਪੰਜਾਬ ਪੁਲੀਸ ਦੀ ਸਿੱਟ ਦੇ ਸੀਨੀਅਰ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅੱਜ ਬੇਅਦਬੀ ਦੇ ਮਾਮਲਿਆਂ ਸਬੰਧੀ ਕੇਸ ਦੀ ਸੁਣਵਾਈ ਦੌਰਾਨ ਮੁਹਾਲੀ ਅਦਾਲਤ ਨੂੰ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰਨ ਅਤੇ ਨੋਟੀਫ਼ਿਕੇਸ਼ਨ ਜਾਰੀ ਹੋਣ ਤੋਂ ਬਾਅਦ ਹਾਈ ਕੋਰਟ ਵੱਲੋਂ ਇਸ ਕਾਰਵਾਈ ਨੂੰ ਜਾਇਜ਼ ਠਹਿਰਾਏ ਜਾਣ ਉਪਰੰਤ ਸੀਬੀਆਈ ਕੋਲ ਜਾਂਚ ਦਾ ਕੋਈ ਅਧਿਕਾਰ ਨਹੀਂ ਰਹਿ ਜਾਂਦਾ ਹੈ। ਕੇਸ ਨੂੰ ਖ਼ਤਮ ਕਰਨ ਲਈ ਵੀ ਸੀਬੀਆਈ ਕੋਲ ਕਲੋਜਰ ਰਿਪੋਰਟ ਪੇਸ਼ ਕਰਨ ਦਾ ਕੋਈ ਹੱਕ ਨਹੀਂ ਸੀ। ਇਸ ਲਈ ਸੀਬੀਆਈ ਨੂੰ ਤੁਰੰਤ ਲੋੜੀਂਦੇ ਦਸਤਾਵੇਜ਼ ਅਤੇ ਸਮੁੱਚੇ ਕੇਸ ਦੀ ਫਾਈਲ ਸਿੱਟ ਨੂੰ ਸੌਂਪ ਦੇਣੀ ਚਾਹੀਦੀ ਸੀ ਪਰ ਅਜਿਹਾ ਨਹੀਂ ਹੋਇਆ। ਜਿਸ ਕਾਰਨ ਇਹ ਕੇਸ ਲਗਾਤਾਰ ਲਮਕਦਾ ਜਾ ਰਿਹਾ ਹੈ। ਹਾਲਾਂਕਿ ਇਹ ਬਹੁਤ ਗੰਭੀਰ ਮਾਮਲਾ ਹੈ ਪਰ ਕੁਝ ਵਿਅਕਤੀਆਂ ਇਸ ਨੂੰ ਕਿਸੇ ਕੰਢੇ ਨਹੀਂ ਲੱਗਣ ਦੇ ਰਹੇ ਹਨ। ਕਿਉਂਕਿ ਉਨ੍ਹਾਂ ਦੇ ਨਿੱਜੀ ਹਿੱਤ ਜੁੜੇ ਹੋਏ ਹਨ। ਉਨ੍ਹਾਂ ਆਪਣੀ ਦਲੀਲ ਵਿੱਚ ਕਿਹਾ ਕਿ ਉਹ ਤਾਂ ਇਹ ਸੋਚ ਕੇ ਅਦਾਲਤ ਵਿੱਚ ਆਏ ਸੀ ਕਿ ਸੁਪਰੀਮ ਕੋਰਟ ਵੱਲੋਂ ਸੀਬੀਆਈ ਦੀ ਰੱਦ ਅਰਜ਼ੀ ਰੱਦ ਹੋਣ ਤੋਂ ਬਾਅਦ ਉਹ (ਸੀਬੀਆਈ) ਸਿੱਟ ਨੂੰ ਸਾਰੇ ਦਸਤਾਵੇਜ਼ ਅਤੇ ਪੂਰੀ ਫਾਈਲ ਸਪੁਰਦ ਕਰ ਦੇਣਗੇ ਪਰ ਸੀਬੀਆਈ ਨੇ ਹੋਰ ਸਮਾਂ ਮੰਗ ਲਿਆ। ਆਈਜੀ ਨੇ ਅਦਾਲਤ ਨੂੰ ਦੱਸਿਆ ਕਿ ਸਮੁੱਚੇ ਘਟਨਾਕ੍ਰਮ ’ਤੇ ਗੌਰ ਕਰਦਿਆਂ ਸਭ ਤੋਂ ਪਹਿਲਾਂ ਇਹ ਦੇਖਣਾ ਹੋਵੇਗਾ ਕੀ ਸੀਬੀਆਈ ਇਸ ਕੇਸ ਨੂੰ ਅੱਗੇ ਲਿਜਾਉਣਾ ਚਾਹੁੰਦੀ ਵੀ ਹੈ ਕਿ ਨਹੀਂ? ਕਿਉਂਕਿ ਪਹਿਲਾਂ ਸੀਬੀਆਈ ਨੇ ਕਲੋਜ਼ਰ ਰਿਪੋਰਟ ਪੇਸ਼ ਕਰ ਦਿੱਤੀ। ਮਗਰੋਂ ਨਵੇਂ ਸਿਰਿਓਂ ਜਾਂਚ ਸ਼ੁਰੂ ਕਰਨ ਦਾ ਰਾਗ ਅਲਾਪਿਆ ਗਿਆ। ਸਿੱਟ ਦੇ ਮੈਂਬਰ ਦੀ ਦਲੀਲ ਅਨੁਸਾਰ ਮੌਜੂਦਾ ਸਮੇਂ ਵਿੱਚ ਸੀਬੀਆਈ ਅਤੇ ਪੰਜਾਬ ਸਰਕਾਰ ਦੇ ਰਾਹ ਵੱਖੋ ਵੱਖਰੇ ਹੋਣ ਕਾਰਨ ਇਹ ਮਾਮਲਾ ਪੇਚੀਦਾ ਬਣਦਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿੱਟ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਉਹ ਕਾਨੂੰਨੀ ਪ੍ਰੋਸੈੱਸ ਨੂੰ ਓਵਰਟੇਕ ਨਹੀਂ ਕਰਨਾ ਚਾਹੁੰਦੇ। ਲਿਹਾਜ਼ਾ ਸਿੱਟ ਨੂੰ ਹਰੀ ਝੰਡੀ ਦਿੱਤੀ ਜਾਵੇ। ਆਈਜੀ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਸੀਬੀਆਈ ਨੂੰ ਹੋਰ ਮੋਹਲਤ ਨਾ ਦਿੱਤੀ ਜਾਵੇ। ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਡਾਇਰੈਕਟਰ ਆਫ਼ ਬਿਊਰੋ ਵੱਲੋਂ ਸੀਬੀਆਈ ਨੂੰ 6 ਮਹੀਨੇ ਪਹਿਲਾਂ ਪੱਤਰ ਲਿਖਿਆ ਸੀ ਪ੍ਰੰਤੂ ਉਦੋਂ ਸੀਬੀਆਈ ਨੇ ਕੁਝ ਨਹੀਂ ਕੀਤਾ। ਜਿਸ ਦੀ ਆੜ ਵਿੱਚ ਕੌਮੀ ਜਾਂਚ ਏਜੰਸੀ ਨਵੇਂ ਸਿਰਿਓਂ ਜਾਂਚ ਕਰਨ ਦੇ ਬਹਾਨੇ ਕੇਸ ਨੂੰ ਲਮਕ ਰਹੀ ਹੈ। ਸੁਪਰੀਮ ਕੋਰਟ ਦੇ ਤਾਜ਼ਾ ਹੁਕਮਾਂ ਦੀ ਕਾਪੀ ਨਾ ਮਿਲਣ ਬਾਰੇ ਵੀ ਸੀਬੀਆਈ ਹਵਾ ਵਿੱਚ ਤੀਰ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਐਵੇਂ ਹੀ ਲੰਮਾ ਪੀਹਣਾ ਪੈਂਦਾ ਰਿਹਾ ਤਾਂ ਆਮ ਲੋਕਾਂ ਦਾ ਜਾਂਚ ਏਜੰਸੀਆਂ ਤੋਂ ਵਿਸ਼ਵਾਸ ਉੱਠ ਜਾਵੇਗਾ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਬੇਅਦਬੀ ਸਬੰਧੀ ਕੇਸ ਦਰਜ ਕਰਨ ਤੋਂ ਬਾਅਦ ਸਿੱਟ ਨੇ ਆਈਜੀ ਅਤੇ ਐਸਐਸਪੀ ਰੈਂਕ ਦੇ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਤਿੰਨ ਚਲਾਨ ਪੇਸ਼ ਹੋ ਚੁੱਕੇ ਹਨ ਅਤੇ ਚੌਥੇ ਚਲਾਨ ਦੀ ਤਿਆਰੀ ਹੈ। ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਝੂਠੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਅਹੁਦੇ ਤੋਂ ਹਟਾ ਕੇ ਉਸ ਦੇ ਬੋਲਣ ’ਤੇ ਰੋਕ ਲਗਾ ਦਿੱਤੀ ਗਈ ਅਤੇ ਉਨ੍ਹਾਂ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨਬਿੰਨ ਪਾਲਣਾ ਕਰਦਿਆਂ ਚੁੱਪੀ ਧਾਰ ਲਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ