nabaz-e-punjab.com

ਬੇਰੁਜ਼ਗਾਰ ਬੀਐੱਡ ਅਧਿਆਪਕ 1 ਮਾਰਚ ਨੂੰ ਘੇਰਨਗੇ ਸਿੱਖਿਆ ਮੰਤਰੀ ਦੀ ਕੋਠੀ

ਅਧਿਆਪਕ ਭਰਤੀ ਦਾ ਇਸ਼ਤਿਹਾਰ ਕੋਝਾ ਮਜ਼ਾਕ ਕਰਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਫਰਵਰੀ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਬਾਰਡਰ-ਏਰੀਆ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਭਰਤੀ ਲਈ ਜਾਰੀ ਕੀਤੇ ਇਸ਼ਤਿਹਾਰ ਨੂੰ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਕੋਝਾ ਮਜ਼ਾਕ ਕਰਾਰ ਦਿੱਤਾ ਹੈ। 2182 ਅਸਾਮੀਆਂ ਦੇ ਇਸ਼ਤਿਹਾਰ ਅਧੀਨ ਪੰਜਾਬੀ ਦੀਆਂ 60, ਹਿੰਦੀ ਦੀਆਂ 40 ਅਤੇ ਸਮਾਜਿਕ-ਸਿੱਖਿਆ ਵਿਸ਼ੇ ਦੀਆਂ 52 ਅਸਾਮੀਆਂ ਲਈ ਵਿਭਾਗ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਬੇਰੁਜ਼ਗਾਰ ਬੀਐੱਡ ਅਧਿਆਪਕ ਪਿਛਲੇ 5 ਮਹੀਨਿਆਂ ਤੋਂ ਸੰਗਰੂਰ ਵਿਖੇ ਪੱਕਾ-ਧਰਨਾ ਲਾ ਕੇ ਪੰਜਾਬ ਭਰ ‘ਚ ਖਾਲੀ ਪਈਆਂ ਅਧਿਆਪਕ ਅਸਾਮੀਆਂ ਭਰਨ ਦੀ ਮੰਗ ਕਰ ਰਹੇ ਸਨ। ਸੰਘਰਸ਼ ਦੌਰਾਨ ਪੰਜ ਵਾਰ ਬੇਰੁਜ਼ਗਾਰ ਅਧਿਆਪਕਾਂ ਨੂੰ ਲਾਠੀਚਾਰਜ ਵੀ ਸਹਿਣਾ ਪਿਆ ਹੈ। ਪੰਜਾਬ ਭਰ ਵਿੱਚ ਕਰੀਬ 50 ਹਜ਼ਾਰ ਟੈੱਟ/ਅਧਿਆਪਕ ਯੋਗਤਾ ਪ੍ਰੀਖਿਆ ਪਾਸ ਉਮੀਦਵਾਰ ਹਨ। ਜਿਨ੍ਹਾਂ ਦਾ ਵੱਡਾ ਹਿੱਸਾ ਪੰਜਾਬੀ, ਹਿੰਦੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਵਾਲੇ ਉਮੀਦਵਾਰਾਂ ਦਾ ਹੈ, ਪਰ ਵਿਭਾਗ ਵੱਲੋਂ ਸਿਰਫ਼ 152 ਅਸਾਮੀਆਂ ਕੱਢਣਾ ਜਿੱਥੇ ਬੇਰੁਜ਼ਗਾਰ ਅਧਿਆਪਕਾਂ ਲਈ ਕੋਝਾ-ਮਜ਼ਾਕ ਹੈ, ਉਥੇ ਸਰਕਾਰ ਵੱਲੋਂ ਖਜ਼ਾਨਾ ਭਰਨ ਲਈ ਕੀਤਾ ਗਿਆ ਯਤਨ ਹੈ। ਉਹਨਾਂ ਕਿਹਾ ਕਿ ਟੈਸਟ ਪਾਸ ਕਰਨ ਦੇ ਬਾਵਜੂਦ ਉਮੀਦਵਾਰ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਹਨ, ਹਜ਼ਾਰਾਂ ਉਮੀਦਵਾਰ ਨੌਕਰੀ ਲਈ ਨਿਰਧਾਰਤ ਉਮਰ ਦੀ ਸੀਮਾ ਵੀ ਲੰਘਾ ਚੁੱਕੇ ਹਨ, ਜਿਸ ਕਰਕੇ ਉਹ ਉਮਰ-ਹੱਦ 37 ਤੋਂ 42 ਸਾਲ ਕੀਤੇ ਜਾਣ ਦੀ ਵੀ ਮੰਗ ਕਰਦੇ ਹਨ। ਭਲਕੇ 1 ਮਾਰਚ ਨੂੰ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦੇ ਘਿਰਾਓ ਕੀਤੇ ਜਾਣ ਬਾਰੇ ਦੱਸਦਿਆਂ ਸ੍ਰੀ ਢਿੱਲਵਾਂ ਨੇ ਕਿਹਾ ਕਿ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੋਹਾਣਾ: ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੋਤੀ ਜੋਤ ਪੁਰਬ ਸ਼ਰਧਾ ਨਾਲ ਮਨਾਇਆ

ਗੁਰਦੁਆਰਾ ਸੋਹਾਣਾ: ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੋਤੀ ਜੋਤ ਪੁਰਬ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ…