Nabaz-e-punjab.com

ਮੀਂਹ ਤੇ ਗੜੇਮਾਰੀ: ਪੰਜਾਬ ਵਿੱਚ 50 ਫੀਸਦੀ ਫਸਲਾਂ ਦਾ ਨੁਕਸਾਨ, ਕਿਸਾਨਾਂ ਨੂੰ ਦੋਹਰੀ ਮਾਰ ਪਈ: ਥੇੜੀ

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਖੇਤਾਂ ’ਚੋਂ ਤੁਰੰਤ ਪਾਣੀ ਬਾਹਰ ਕੱਢਣ ਦੀ ਸਲਾਹ

ਅਧਿਕਾਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਪੀੜਤ ਕਿਸਾਨਾਂ ਨਾਲ ਰਾਬਤਾ ਕਾਇਮ ਕਰਨ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਾਰਚ:
ਪੰਜਾਬ ਭਰ ਵਿੱਚ ਪਿਛਲੇ ਦੋ ਦਿਨਾਂ ਤੋਂ ਰੁਕ ਰੁਕ ਹੋ ਰਹੀ ਭਾਰੀ ਬਾਰਸ਼ ਅਤੇ ਗੜੇਮਾਰੀ ਕਾਰਨ ਵੱਡੇ ਪੱਧਰ ’ਤੇ ਕਣਕ ਦੀ ਫਸਲ ਅਤੇ ਸਬਜ਼ੀਆਂ ਨੂੰ ਕਾਫੀ ਨੁਕਸਾਨ ਪੁੱਜਾ ਹੈ। ਜਿਸ ਕਾਰਨ ਕਿਸਾਨਾਂ ਦੇ ਚਿਹਰਿਆਂ ਤੋਂ ਰੌਣਕ ਗਾਇਬ ਹੋ ਗਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ ਨੇ ਦੱਸਿਆ ਕਿ ਬੇਮੌਸਮੀ ਮੀਂਹ ਅਤੇ ਗੜਿਆਂ ਕਾਰਨ ਪੰਜਾਬ ਵਿੱਚ ਅੰਨਦਾਤਾ ਦੀ 50 ਫੀਸਦੀ ਫਸਲਾਂ ਦਾ ਨੁਕਸਾਨ ਹੋਇਆ ਹੈ। ਅੱਜ ਇੱਥੇ ਕਿਸਾਨ ਆਗੂ ਨੇ ਕਿਹਾ ਕਿ ਉਨ੍ਹਾਂ ਨੇ ਕਈ ਪਿੰਡਾਂ ਦਾ ਦੌਰਾ ਕਰਕੇ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲਿਆ ਹੈ। ਕਿਸਾਨਾਂ ਨੇ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਪੂਰੀ ਤਰ੍ਹਾਂ ਵਿਛ ਗਈ ਹੈ ਅਤੇ ਸਬਜ਼ੀਆਂ ਨੂੰ ਵੀ ਨੁਕਸਾਨ ਪੁੱਜਾ ਹੈ। ਉਨ੍ਹਾਂ ਕਿਹਾ ਕਿ ਐਤਕੀਂ ਸੂਬੇ ਦੇ ਕਿਸਾਨਾਂ ਨੂੰ ਦੋਹਰੀ ਮਾਰ ਪਈ ਹੈ। ਪਹਿਲਾਂ ਪੀਲੀ ਪੁੰਗੀ ਦੀ ਮਾਰ ਪਈ ਅਤੇ ਹੁਣ ਮੀਂਹ ਅਤੇ ਗੜੇਮਾਰੀ ਨੇ ਕਿਸਾਨਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ।
ਸ੍ਰੀ ਥੇੜੀ ਨੇ ਕਿਹਾ ਕਿ ਅਕਾਲੀ ਸਰਕਾਰ ਵੇਲੇ ਕਿਸਾਨਾਂ ਨੂੰ ਹਰੇਕ ਸੀਜ਼ਨ ਵਿੱਚ 50 ਫੀਸਦੀ ਸਬਸਿਡੀ ’ਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਸਨ ਪ੍ਰੰਤੂ ਕੈਪਟਨ ਸਰਕਾਰ ਦੇ ਰਾਜ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਕੋਈ ਰਾਹਤ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਕਰਜ਼ੇ ਦੇ ਬੋਝ ਥੱਲੇ ਦੱਬਿਆ ਕਿਸਾਨ ਪਹਿਲਾਂ ਹੀ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੈ ਅਤੇ ਆਰਥਿਕ ਤੰਗ ਕਾਰਨ ਦੁਕਾਨਦਾਰ ਛੋਟੇ ਕਿਸਾਨਾਂ ਨੂੰ ਦਵਾਈਆਂ ਅਤੇ ਬੀਜ ਉਧਾਰ ਦੇਣ ਤੋਂ ਵੀ ਹੱਥ ਪਿੱਛੇ ਖਿੱਚਦੇ ਹਨ। ਉਨ੍ਹਾਂ ਦੱਸਿਆ ਕਿ ਬਸੰਤ ਰੁੱਤ ਵਾਲੀ ਨਵੀਂ ਮੱਕੀ ਮੱਕੀ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ ਅਤੇ ਪੀਲੀ ਪੁੰਗੀ ਅਤੇ ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀਆਂ ਫਸਲਾਂ ਨੂੰ ਜੇਕਰ ਸੰਭਾਲ ਵੀ ਲਿਆ ਜਾਂਦਾ ਹੈ ਤਾਂ ਝਾੜ ਬਹੁਤ ਘੱਟ ਨਿਕਲੇਗਾ। ਉਨ੍ਹਾਂ ਕਿਹਾ ਕਿ ਘੱਟੋ ਘੱਟ ਅਗਲੇ 10 ਦਿਨਾਂ ਤੱਕ ਖੇਤ ਬੱਤ ਨਹੀਂ ਆ ਸਕਣਗੇ। ਉਨ੍ਹਾਂ ਮੰਗ ਕੀਤੀ ਕਿ ਪੀੜਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਭਵਿੱਖ ਵਿੱਚ ਕਿਸਾਨਾਂ ਨੂੰ ਸਬਸਿਡੀ ’ਤੇ ਬੀਜ, ਖਾਦ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾਣ।
ਇਸ ਸਬੰਧੀ ਖੇਤੀਬਾੜੀ ਵਿਭਾਗ ਨੇ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਨਾਲ ਫਸਲਾਂ ਦੇ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸੁਤੰਤਰ ਕੁਮਾਰ ਐਰੀ ਨੇ ਕਿਹਾ ਕਿ ਜੇਕਰ ਕਣਕ ਤੇ ਸਬਜ਼ੀਆਂ ਦੀ ਕਾਸ਼ਤ ਕਰਦੇ ਕਿਸਾਨਾਂ ਦੀਆਂ ਫਸਲਾਂ ਮੀਂਹ ਅਤੇ ਤੇਜ਼ ਹਵਾ ਕਾਰਨ ਵਿਛ ਗਈਆਂ ਹਨ ਤਾਂ ਉਹ ਖੇਤਾਂ ’ਚੋਂ ਤੁਰੰਤ ਪਾਣੀ ਬਾਹਰ ਕੱਢਣ ਦੀ ਸਲਾਹ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੀਂਹ, ਗੜਿਆਂ ਅਤੇ ਤੇਜ਼ ਹਵਾਵਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀਆਂ ਫੀਲਡ ਅਧਿਕਾਰੀਆਂ ਤੋਂ ਰਿਪੋਰਟਾਂ ਮੰਗ ਲਈਆਂ ਹਨ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਛੁੱਟੀਆਂ ਦੌਰਾਨ ਵੀ ਕਿਸਾਨਾਂ ਨਾਲ ਸਿੱਧਾ ਰਾਬਤਾ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਫਸਲਾਂ ਦੇ ਨੁਕਸਾਨ ਨੂੰ ਘਟਾਉਣ ਹਿੱਤ ਸਹੀ ਸਲਾਹ ਮੁਹੱਈਆ ਕਰਵਾਈ ਜਾ ਸਕੇ।
(ਬਾਕਸ ਆਈਟਮ)
ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਨੇ ਵਿਭਾਗ ਦੇ ਖੇਤਰੀ ਅਧਿਕਾਰੀਆਂ ਨੂੰ ਫੌਰੀ ਤੌਰ ’ਤੇ ਕਿਸਾਨਾਂ ਨਾਲ ਰਾਬਤਾ ਬਣਾਉਣ ਲਈ ਕਿਹਾ ਹੈ, ਜਿਨ੍ਹਾਂ ਦੀਆਂ ਫਸਲਾਂ ਦਾ ਭਾਰੀ ਮੀਂਹ ਨਾਲ ਨੁਕਸਾਨੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਫਸਲਾਂ ਦੇ ਨੁਕਸਾਨ ਸਬੰਧੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਮੱਦੇਨਜ਼ਰ ਸਬੰਧਤ ਮਾਲ ਅਧਿਕਾਰੀਆਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਲਈ ਆਖਿਆ ਗਿਆ ਹੈ ਤਾਂ ਜੋ ਮੁਸ਼ਕਲ ਦੀ ਇਸ ਘੜੀ ਵਿੱਚ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…