Nabaz-e-punjab.com

ਪ੍ਰੀ-ਪ੍ਰਾਇਮਰੀ ਤੋਂ ਚੌਥੀ ਜਮਾਤ ਦੇ ਸਾਰੇ ਬੱਚਿਆਂ ਨੂੰ ਨਵੀਆਂ ਕਲਾਸਾਂ ਵਿੱਚ ਦਾਖ਼ਲ ਕਰਨ ਦੇ ਹੁਕਮ

ਐਸਸੀਈਆਰਟੀ ਦੇ ਡਾਇਰੈਕਟਰ ਨੇ ਆਰਟੀਈ ਐਕਟ ਤਹਿਤ ਜਾਰੀ ਕੀਤੇ ਤਾਜ਼ਾ ਦਿਸ਼ਾ ਨਿਰਦੇਸ਼

ਵਿਦਿਆਰਥੀਆਂ ਦੇ ਨਤੀਜੇ ਬਾਰੇ ਮਾਪਿਆਂ ਨੂੰ ਮੋਬਾਈਲ ਫੋਨ ਜਾਂ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਲਈ ਕਿਹਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਾਰਚ:
ਸਿੱਖਿਆ ਵਿਭਾਗ ਪੰਜਾਬ ਨੇ ਸੂਬੇ ਭਰ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਪ੍ਰੀ-ਪ੍ਰਾਇਮਰੀ ਤੋਂ ਚੌਥੀ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਨਵੀਆਂ ਕਲਾਸਾਂ ਵਿੱਚ ਦਾਖ਼ਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੇ ਡਾਇਰੈਕਟਰ-ਕਮ-ਡੀਪੀਆਈ ਇੰਦਰਜੀਤ ਸਿੰਘ ਨੇ ਇਸ ਤਾਜ਼ਾ ਫੈਸਲੇ ਦਾ ਖੁਲਾਸਾ ਕੀਤਾ। ਉਨ੍ਹਾਂ ਆਪਣੇ ਦਸਤਖ਼ਤਾਂ ਹੇਠ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਲਿਖ ਕੇ ਅਗਾਊਂ ਜਾਣਕਾਰੀ ਦਿੱਤੀ ਗਈ ਹੈ। ਇਸ ਪੱਤਰ ਦਾ ਉਤਾਰਾ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਅਤੇ ਡੀਜੀਐਸਈ ਨੂੰ ਭੇਜਿਆ ਗਿਆ ਹੈ।
ਡੀਪੀਆਈ ਨੇ ਆਪਣੇ ਪੱਤਰ ਦਾ ਹਵਾਲਾ ਦਿੰਦਿਆਂ ਸਮੂਹ ਜ਼ਿਲ੍ਹਾ ਪੱਧਰੀ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਕਿਹਾ ਕਿ ਸੈਸ਼ਨ 2019-20 ਦੌਰਾਨ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਜਮਾਤਾਂ ਤੋਂ ਲੈ ਕੇ ਚੌਥੀ ਜਮਾਤ ਤੱਕ ਪੜ੍ਹਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਸਾਲਾਨਾ ਮੁਲਾਂਕਣ ਅਧਿਆਪਕ ਵੱਲੋਂ ਸਕੂਲ ਪੱਧਰ ’ਤੇ ਕੀਤਾ ਗਿਆ ਹੈ। ਕਰੋਨਾਵਾਇਰਸ ਨੂੰ ਅੱਗੇ ਹੋਰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਸਮੇਤ ਸਕੂਲਾਂ ਦੇ ਸਟਾਫ਼ ਨੂੰ ਸਕੂਲਾਂ ਵਿੱਚ ਆਉਣ ਤੋਂ ਰੋਕ ਲਗਾਈ ਗਈ ਹੈ। ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਜਮਾਤਾਂ ਤੋਂ ਚੌਥੀ ਜਮਾਤ (ਗੈਰ ਬੋਰਡ ਜਮਾਤਾਂ) ਵਿੱਚ ਪੜ੍ਹਦੇ ਬੱਚਿਆਂ ਨੂੰ ਆਰਟੀਈ ਐਕਟ ਅਨੁਸਾਰ ਅਗਲੀਆਂ ਜਮਾਤਾਂ ਵਿੱਚ ਪ੍ਰਮੋਟ ਕਰਲ ਦਾ ਫੈਸਲਾ ਲਿਆ ਗਿਆ ਹੈ।
ਡੀਪੀਆਈ ਨੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕਰੋਨਾਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਵਰਤੀ ਜਾ ਰਹੀ ਸਾਵਧਾਨੀਆਂ ਦੇ ਤਹਿਤ ਅਤੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪ੍ਰੀ ਪ੍ਰਾਇਮਰੀ ਅਤੇ ਪਹਿਲੀ ਤੋਂ ਚੌਥੀ ਜਮਾਤਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਵਿੱਚ ਪ੍ਰਮੋਟ ਕੀਤਾ ਜਾਵੇ। ਇਸ ਲਈ ਪ੍ਰੀ-ਪ੍ਰਾਇਮਰੀ-1 ਵਿੱਚ ਪੜ੍ਹਦੇ ਬੱਚਿਆਂ ਨੂੰ ਪ੍ਰੀ-ਪ੍ਰਾਇਮਰੀ-2 ਵਿੱਚ ਅਤੇ ਪ੍ਰੀ-ਪ੍ਰਾਇਮਰੀ-2 ਦੇ ਬੱਚਿਆਂ ਨੂੰ ਪਹਿਲੀ ਜਮਾਤ ਵਿੱਚ ਪ੍ਰਮੋਟ ਕੀਤਾ ਜਾਵੇ। ਇੰਜ ਹੀ ਪਹਿਲੀ ਜਮਾਤ ਦੇ ਬੱਚਿਆਂ ਨੂੰ ਦੂਜੀ, ਦੂਜੀ ਜਮਾਤ ਦੇ ਬੱਚਿਆਂ ਨੂੰ ਤੀਜੀ ਕਲਾਸ, ਤੀਜੀ ਜਮਾਤ ਦੇ ਬੱਚਿਆਂ ਨੂੰ ਚੌਥੀ ਅਤੇ ਚੌਥੀ ਜਮਾਤ ਦੇ ਬੱਚਿਆਂ ਨੂੰ ਪੰਜਵੀਂ ਜਮਾਤ ਵਿੱਚ ਦਾਖ਼ਲ ਕੀਤਾ ਜਾਵੇ। ਉਂਜ ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੱਕ ਕਰੋਨਾਵਾਇਰਸ ਦੇ ਪ੍ਰਕੋਪ ਕਾਰਨ ਕਰਫਿਊ ਲੱਗਿਆ ਹੋਇਆ ਹੈ, ਉਦੋਂ ਤੱਕ ਕੋਈ ਵੀ ਅਧਿਆਪਕ ਸਕੂਲ ਨਹੀਂ ਜਾਵੇਗਾ ਪ੍ਰੰਤੂ ਅਧਿਆਪਕ ਆਪਣੇ ਵਿਦਿਆਰਥੀਆਂ ਦਾ ਨਤੀਜਾ ਉਨ੍ਹਾਂ ਦੇ ਮਾਪਿਆਂ ਨੂੰ ਮੋਬਾਈਲ ਫੋਨ ’ਤੇ ਮੈਸੇਜ ਕਰਕੇ ਜਾਂ ਸੋਸ਼ਲ ਮੀਡੀਆ (ਵੱਸਟਐਪ ਗਰੁੱਪਾਂ) ਰਾਹੀਂ ਦੇਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…