nabaz-e-punjab.com

ਬੇਅਦਬੀ ਮਾਮਲਾ: ਕਰਫਿਊ ਕਾਰਨ ਸੀਬੀਆਈ ਅਦਾਲਤ ਵਿੱਚ ਸੁਣਵਾਈ ਟਲੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਪਰੈਲ:
ਪਿੰਡ ਬਰਗਾੜੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੁਰੂ ਗਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲਿਆਂ (ਕਲੋਜਰ ਰਿਪੋਰਟ ਅਤੇ ਨਵੇਂ ਸਿਰਿਓਂ ਜਾਂਚ) ਸਬੰਧੀ ਸੁਣਵਾਈ ਤਿੰਨ ਹਫ਼ਤਿਆਂ ਲਈ ਅੱਗੇ ਟਲ ਗਈ ਹੈ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐਸ ਸੇਖੋਂ ਦੀ ਅਦਾਲਤ ਵਿੱਚ ਚੱਲ ਰਹੀ ਹੈ ਲੇਕਿਨ ਕਰੋਨਾਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦੇ ਚੱਲਦਿਆਂ ਸਖ਼ਤੀ ਨਾਲ ਲਾਗੂ ਕੀਤੇ ਗਏ ਕਰਫਿਊ ਦੇ ਮੱਦੇਨਜ਼ਰ ਅੱਜ ਉਕਤ ਅਦਾਲਤ ਵਿੱਚ ਕੇਸ ਦੀ ਸੁਣਵਾਈ ਨਹੀਂ ਹੋ ਸਕੀ। ਉਧਰ, ਸੰਪਰਕ ਕਰਨ ’ਤੇ ਸਰਕਾਰੀ ਵਕੀਲ ਸੰਜੀਵ ਬੱਤਰਾ ਨੇ ਇਸ ਦੀ ਸੁਣਵਾਈ ਹੁਣ 22 ਅਪਰੈਲ ਨੂੰ ਹੋਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਕਰਫਿਊ ਕਾਰਨ ਮੁਹਾਲੀ ਦੀਆਂ ਸਾਰੀਆਂ ਅਦਾਲਤਾਂ ਵਿੱਚ ਛੁੱਟੀਆਂ ਚੱਲ ਰਹੀਆਂ ਹਨ ਅਤੇ ਜੱਜ ਸਾਹਿਬਾਨ ਘਰੋਂ ਹੀ ਅਦਾਲਤਾਂ ਦਾ ਕੰਮ ਚਲਾ ਰਹੇ ਹਨ। ਉਂਜ ਇਕ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਜੁਡੀਸ਼ਲ ਮੈਜਿਸਟਰੇਟ ਨੂੰ ਅਦਾਲਤੀ ਕੰਮ ਲਈ ਡਿਊਟੀ ਮੈਜਿਸਟਰੇਟ ਵਜੋਂ ਤਾਇਨਾਤ ਕੀਤਾ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਅਦਾਲਤ ਦੇ ਡਿਊਟੀ ਨਾਇਬ ਕੋਰਟਾਂ ਸਮੇਤ ਹੋਰ ਪੁਲੀਸ ਮੁਲਾਜ਼ਮਾਂ ਨੂੰ ਅਗਲੇ ਹੁਕਮਾਂ ਤੱਕ ਲੋੜ ਅਨੁਸਾਰ ਵੱਖ-ਵੱਖ ਥਾਣਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ। ਉਧਰ, ਸ਼ਿਕਾਇਤ ਕਰਤਾਵਾਂ ਰਣਜੀਤ ਸਿੰਘ ਬੁਰਜ ਸਿੰਘ ਵਾਲਾ ਅਤੇ ਗਰੰਥੀ ਗੋਰਾ ਸਿੰਘ ਦੇ ਵਕੀਲ ਗਗਨ ਪਰਦੀਪ ਸਿੰਘ ਬੱਲ ਨੇ ਦੱਸਿਆ ਕਿ ਬੇਅਦਬੀ ਮਾਮਲੇ ਦੀ ਅਗਲੀ ਸੁਣਵਾਈ ’ਤੇ ਉਹ ਤੱਥਾਂ ਦੇ ਆਧਾਰਿਤ ਉਸਾਰੂ ਬਹਿਸ ਕਰਨਗੇ ਅਤੇ ਅਦਾਲਤ ਨੂੰ ਇਸ ਮਾਮਲੇ ਦਾ ਜਲਦੀ ਨਿਬੇੜਾ ਕਰਨ ਦੀ ਗੁਹਾਰ ਲਗਾਈ ਜਾਵੇਗੀ ਕਿਉਂਕਿ ਇਸ ਮਾਮਲੇ ਵਿੱਚ ਪਹਿਲਾਂ ਇਨਸਾਫ਼ ਲਈ ਕਾਫ਼ੀ ਦੇਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਸਾਰੇ ਸਿੱਖਾਂ ਸਮੇਤ ਆਮ ਨਾਗਰਿਕਾਂ ਦੀਆਂ ਨਜ਼ਰਾਂ ਇਸ ਕੇਸ ਕਿਸੇ ਕੰਢੇ ਲੱਗਣ ’ਤੇ ਟਿੱਕੀਆਂ ਹੋਈਆਂ ਹਨ।
ਜ਼ਿਕਰਯੋਗ ਹੈ ਕਿ ਸੀਬੀਆਈ ਨੇ ਸੁਪਰੀਮ ਕੋਰਟ ਵੱਲੋਂ ਸੀਬੀਆਈ ਦੀ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਨੂੰ ਰੱਦ ਕੀਤੇ ਜਾਣ ਤੋਂ ਬਾਅਦ ਕੌਮੀ ਜਾਂਚ ਏਜੰਸੀ ਨੇ ਇਹ ਮਾਮਲਾ ਪੰਜਾਬ ਪੁਲੀਸ ਦੇ ਸਪੁਰਦ ਕਰਨ ਦੀ ਬਜਾਏ ਫਿਰ ਤੋਂ ਸੁਪਰੀਮ ਕੋਰਟ ਪਹੁੰਚ ਗਈ ਹੈ। ਸੀਬੀਆਈ ਨੇ ਸੁਪਰੀਮ ਕੋਰਟ ਦੇ ਪਹਿਲੇ ਹੁਕਮਾਂ (ਐਸਐਲਪੀ ਰੱਦ ਕਰਨ) ਦੇ ਖ਼ਿਲਾਫ਼ ਰੀਵੀਊ ਪਟੀਸ਼ਨ ਦਾਇਰ ਕੀਤੀ ਗਈ ਹੈ। ਸੀਬੀਆਈ ਨੇ ਉੱਚ ਅਦਾਲਤ ਨੂੰ ਇਸ ਸਮੁੱਚੇ ਮਾਮਲੇ ’ਤੇ ਮੁੜ ਗੌਰ ਕਰਨ ਦੀ ਗੁਹਾਰ ਲਗਾਈ ਹੈ।

Load More Related Articles
Load More By Nabaz-e-Punjab
Load More In Crime

Check Also

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ ਅਪਰਾਧ ਨੂੰ ਅੰਜਾਮ ਦੇਣ ਲਈ ਵਰ…