Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਪ੍ਰਸ਼ਾਸਨ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਕਰੇਗਾ ਸਖ਼ਤ ਕਾਰਵਾਈ ਫੇਜ਼-9 ਦੇ ਹਾਕੀ ਸਟੇਡੀਅਮ ਨੂੰ ਆਰਜ਼ੀ ਜੇਲ੍ਹ ਵਿੱਚ ਕੀਤਾ ਤਬਦੀਲ, ਹੁਣ ਤੱਕ 289 ਕੇਸ ਦਰਜ, 391 ਲੋਕ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਪਰੈਲ: ਕਰੋਨਾਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਲਗਾਏ ਗਏ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਕਰਫਿਊ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਸ਼ਿਕੰਜਾ ਕੱਸ ਦਿੱਤਾ ਹੈ। ਇਸ ਸਬੰਧੀ ਮੁਹਾਲੀ ਪ੍ਰਸ਼ਾਸਨ ਨੇ ਇੱਥੋਂ ਦੇ ਫੇਜ਼-9 ਦੇ ਇੰਟਰਨੈਸ਼ਨਲ ਹਾਕੀ ਸਟੇਡੀਅਮ ਨੂੰ ਆਰਜ਼ੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮਨਾਹੀ ਦੇ ਹੁਕਮ ਲਾਗੂ ਹੋਣ ਤੱਕ ਸਟੇਡੀਅਮ ਨੂੰ ਅਸਥਾਈ ਜੇਲ੍ਹ ਵਜੋਂ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਇਕ ਤਰਫ਼ਾ ਸਖ਼ਤ ਕਦਮ ਚੁੱਕਣ ਦਾ ਮੁੱਖ ਮੰਤਵ ਕੋਵਿਡ-19 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਫੈਲਣ ਤੋਂ ਰੋਕਣਾ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਸਬ ਡਵੀਜ਼ਨ ਅੰਦਰ ਫਰੈਂਕੋ ਹੋਟਲ, ਅੰਮ੍ਰਿਤ ਕੰਫੈਕਸ਼ਨਰੀ ਲਾਈਟ ਪੁਆਇੰਟ, ਸੋਹਾਣਾ ਚੌਕ ਅਤੇ ਫੇਜ਼-8 ਅਤੇ ਫੇਜ਼-9 ਦੀਆਂ ਲਾਲ ਬੱਤੀ ਚੌਕਾਂ ’ਤੇ ਵਿਸ਼ੇਸ਼ ਨਾਕੇ ਲਗਾਏ ਜਾਣਗੇ। ਸ੍ਰੀ ਗਿਰੀਸ਼ ਦਿਆਲਨ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਦੀ ਹਦੂਦ ਅੰਦਰ ਬੀਤੀ 23 ਮਾਰਚ ਤੋਂ 5 ਅਪਰੈਲ ਤੱਕ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਵੱਖ-ਵੱਖ ਥਾਣਿਆਂ ਵਿੱਚ 289 ਪੁਲੀਸ ਕੇਸ ਦਰਜ ਕੀਤੇ ਹਨ। ਜਿਨ੍ਹਾਂ ਵਿੱਚ ਹੁਣ ਤੱਕ 391 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 410 ਵਾਹਨ ਜ਼ਬਤ ਕੀਤੇ ਗਏ ਹਨ। ਡੀਸੀ ਨੇ ਆਮ ਲੋਕਾਂ ਨੂੰ ਕਰੋਨਾਵਾਇਰਸ ਖ਼ਿਲਾਫ਼ ਵਿੱਢੀ ਜੰਗ ਵਿੱਚ ਫਤਿਹ ਹਾਸਲ ਕਰਨ ਅਤੇ ਸੁਸਾਇਟੀ ਦੇ ਹਿੱਤਾਂ ਲਈ ਆਪੋ ਆਪਣੇ ਘਰ ਵਿੱਚ ਰਹਿਣ ਦੀ ਤਾਕੀਦ ਕਰਦਿਆਂ ਕਿਹਾ ਕਿ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ ਅਤੇ ਸਬੰਧਤ ਵਿਅਕਤੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। (ਬਾਕਸ ਆਈਟਮ) ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕੋਵਿਡ-19 ਦੇ ਖਤਰੇ ਦਾ ਵੱਧ ਸਾਹਮਣਾ ਕਰਨ ਵਾਲੇ ਵਿਅਕਤੀਆਂ ਜਿਨ੍ਹਾਂ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਪੰਜਾਬ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਰਹਿਣ ਲਈ ਇੱਥੋਂ ਦੇ ਸੈਕਟਰ-88 ਸਥਿਤ ਪੂਰਬ ਅਪਾਰਟਮੈਂਟ ਵਿੱਚ ਆਰਜ਼ੀ ਰਿਹਾਇਸ਼ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਰੋਨਾ ਇਕ ਤੋਂ ਦੂਜੇ ਵਿਅਕਤੀ ਤੱਕ ਫੈਲਦੀ ਹੈ। ਇਸ ਤਰ੍ਹਾਂ ਆਮ ਲੋਕਾਂ ਦੀ ਰੱਖਿਆ ਲਈ ਸੇਵਾ ਭਾਵਨਾ ਨਾਲ ਬੇਖ਼ੌਫ਼ ਹੋ ਕੇ ਡਿਊਟੀ ਨਿਭਾ ਰਹੇ ਉਕਤ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਬਜ਼ੁਰਗ ਮਾਪਿਆਂ ਅਤੇ ਛੋਟੇ ਬੱਚੇ ਹੋਣ ਕਾਰਨ ਆਪਣੇ ਘਰ ਨਹੀਂ ਜਾਣਾ ਚਾਹੁੰਦੇ ਹਨ। ਇਸ ਲਈ ਉਨ੍ਹਾਂ ਦੇ ਰਹਿਣ ਲਈ ਪੂਰਬ ਅਪਾਰਟਮੈਂਟਸ ਵਿੱਚ ਆਰਜ਼ੀ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ