Nabaz-e-punjab.com

ਮੁਹਾਲੀ ਅਦਾਲਤ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਾਨਤ ਮਨਜ਼ੂਰ

ਸੈਣੀ ਨੂੰ 7 ਦਿਨਾਂ ਦੇ ਅੰਦਰ ਅੰਦਰ ਜਾਂਚ ’ਚ ਸ਼ਾਮਲ ਹੋਣ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਈ:
ਮੁਹਾਲੀ ਅਦਾਲਤ ਨੇ ਪੰਜਾਬ ਪੁਲੀਸ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਮਟੌਰ ਥਾਣੇ ਵਿੱਚ ਅਪਰਾਧਿਕ ਕੇਸ ਦਰਜ ਹੋਣ ਤੋਂ ਬਾਅਦ ਸੁਮੇਧ ਸੈਣੀ ਫਰਾਰ ਹੈ। ਸ਼ੁੱਕਰਵਾਰ ਉਸ ਨੇ ਆਪਣੇ ਵਕੀਲ ਰਾਹੀਂ ਮੁਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਅਗਾਊਂ ਜ਼ਮਾਨਤ ਦੇਣ ਦੀ ਗੁਹਾਰ ਲਗਾਈ ਸੀ। ਅੱਜ ਮੁਹਾਲੀ ਦੀ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਮੋਨਿਕਾ ਗੋਇਲ ਨੇ ਸਾਬਕਾ ਡੀਜੀਪੀ ਸੈਣੀ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ। ਸਨਿਚਰਵਾਰ ਨੂੰ ਪੀੜਤ ਪਰਿਵਾਰ, ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਵਿਚਕਾਰ ਭਖਵੀਂ ਬਹਿਸ ਹੋਈ ਸੀ ਅਤੇ ਕਰੀਬ ਦੋ ਘੰਟੇ ਚੱਲੀ ਇਸ ਕਾਰਵਾਈ ਦੌਰਾਨ ਜੱਜ ਨੇ ਸਾਰੀਆਂ ਧਿਰਾਂ ਨੂੰ ਬੜੇ ਧਿਆਨ ਨਾਲ ਸੁਣਿਆ ਸੀ ਅਤੇ ਸੋਮਵਾਰ ਲਈ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਗਿਆ ਸੀ।
ਅੱਜ ਅਦਾਲਤੀ ਫੈਸਲੇ ਤੋਂ ਬਾਅਦ ਬਚਾਅ ਪੱਖ ਦੇ ਵਕੀਲਾਂ ਹਿੰਮਤ ਸਿੰਘ ਦਿਉਲ ਅਤੇ ਐਚਐਸ ਧਨੋਆ ਨੇ ਕਿਹਾ ਕਿ 2007 ਵਿੱਚ ਸੀਬੀਆਈ ਨੇ ਸਾਬਕਾ ਡੀਜੀਪੀ ਸੈਣੀ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਪ੍ਰੰਤੂ ਜੁਲਾਈ 2008 ਵਿੱਚ ਸੁਪਰੀਮ ਕੋਰਟ ਨੇ ਸੈਣੀ ਖ਼ਿਲਾਫ਼ ਕੇਸ ਰੱਦ ਕਰ ਦਿੱਤਾ ਸੀ। ਹੁਣ ਲੰਮੇ ਅਰਸੇ ਬਾਅਦ ਫਿਰ ਤੋਂ ਸਾਬਕਾ ਡੀਜੀਪੀ ਦੇ ਖ਼ਿਲਾਫ਼ ਉਨ੍ਹਾਂ ਹੀ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜੋ ਕਿਸੇ ਵੀ ਪੱਖੋਂ ਜਾਇਜ਼ ਨਹੀਂ ਹੈ। ਉਨ੍ਹਾਂ ਨੇ ਸਿਆਸੀ ਬਦਲਾਖੋਰੀ ਦੇ ਵੀ ਦੋਸ਼ ਲਗਾਏ ਸਨ। ਸੈਣੀ ਨੇ ਬਚਾਅ ਪੱਖ ਦੇ ਵਕੀਲਾਂ ਰਾਹੀਂ ਇਹ ਤਰਕ ਦਿੱਤਾ ਸੀ ਕਿ ਉਨ੍ਹਾਂ (ਸੈਣੀ) ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਸਲਾਹਕਾਰ ਖ਼ਿਲਾਫ਼ ਸਿਟੀ ਸੈਂਟਰ ਘੁਟਾਲੇ ਦੇ ਦੋਸ਼ਾਂ ਤਹਿਤ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਸੀ। ਜਿਸ ਕਾਰਨ ਉਨ੍ਹਾਂ ਤੋਂ ਬਦਲਾ ਲੈਣ ਲਈ ਉਨ੍ਹਾਂ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਹੈ।
ਪੀੜਤ ਪਰਿਵਾਰ ਵੱਲੋਂ ਪਰਦੀਪ ਸਿੰਘ ਵਿਰਕ ਵਕੀਲ ਪੇਸ਼ ਹੋਏ ਸੀ। ਉਨ੍ਹਾਂ ਨੇ ਸੈਣੀ ਨੂੰ ਜ਼ਮਾਨਤ ਨਾ ਦੇਣ ਦੀ ਅਪੀਲ ਕਰਦਿਆਂ ਅਦਾਲਤ ਨੂੰ ਸਮੁੱਚੇ ਘਟਨਾਕ੍ਰਮ ਤੋਂ ਜਾਣੂ ਕਰਵਾਉਂਦੇ ਹੋਏ ਦਲੀਲ ਦਿੱਤੀ ਸੀ ਕਿ ਜੇਕਰ ਸੈਣੀ ਦੀ ਜ਼ਮਾਨਤ ਮਨਜ਼ੂਰ ਹੋਈ ਤਾਂ ਉਹ ਗਵਾਹਾਂ ਨੂੰ ਡਰਾ ਧਮਕਾ ਸਕਦੇ ਹਨ ਅਤੇ ਕੇਸ ਦੀ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ’ਤੇ ਸ੍ਰੀ ਵਿਰਕ ਨੇ ਕਿਹਾ ਕਿ ਅਦਾਲਤ ਦੇ ਹੁਕਮਾਂ ਦੀ ਕਾਪੀ ਮਿਲਣ ਤੋਂ ਬਾਅਦ ਹਾਈ ਕੋਰਟ ਦਾ ਬੂਹਾ ਖੜਕਾਉਣ ਬਾਰੇ ਕਾਨੂੰਨੀ ਪੱਖ ਵਾਚਿਆ ਜਾਵੇਗਾ।
ਸਰਕਾਰੀ ਵਕੀਲ ਨੇ ਵੀ ਜ਼ਮਾਨਤ ਦੇਣ ਦੀ ਮੰਗ ਦਾ ਸਖ਼ਤ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਸਾਬਕਾ ਡੀਜੀਪੀ ਦੇ ਖ਼ਿਲਾਫ਼ ਗੰਭੀਰ ਦੋਸ਼ਾਂ ਤਹਿਤ ਮੁਹਾਲੀ ਦੇ ਮਟੌਰ ਥਾਣੇ ਵਿੱਚ ਅਪਰਾਧਿਕ ਕੇਸ ਦਰਜ ਕੀਤਾ ਗਿਆ ਹੈ। ਸੈਣੀ ’ਤੇ 29 ਸਾਲ ਪਹਿਲਾਂ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੇਈ ਬਲਵਿੰਦਰ ਸਿੰਘ ਮੁਲਤਾਨੀ ਨੂੰ 11 ਦਸੰਬਰ 1991 ਨੂੰ ਇੱਥੋਂ ਦੇ ਫੇਜ਼-7 ਸਥਿਤ ਘਰੋਂ ਚੁੱਕ ਕੇ ਤਸ਼ੱਦਦ ਢਾਹੁਣ ਦਾ ਦੋਸ਼ ਹੈ।
ਪੀੜਤ ਨੌਜਵਾਨ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਦੀ ਸ਼ਿਕਾਇਤ ’ਤੇ ਮਟੌਰ ਥਾਣੇ ਵਿੱਚ ਬੁੱਧਵਾਰ ਨੂੰ ਧਾਰਾ 364 (ਕਤਲ ਦੇ ਇਰਾਦੇ ਨਾਲ ਅਗਵਾ ਕਰਨਾ), 201 (ਸਬੂਤਾਂ ਨੂੰ ਗਾਇਬ ਕਰਨਾ), 344 (ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖਣਾ) 330 (ਦਬਾਅ ਬਣਾ ਕੇ ਇਕਬਾਲੀਆ ਬਿਆਨ ਲੈਣਾ) ਅਤੇ 120-ਬੀ (ਅਪਰਾਧਿਕ ਸਾਜ਼ਿਸ਼ ਰਚਨਾ) ਤਹਿਤ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜਿਸ ਵਿੱਚ ਉਸ ਸਮੇਂ ਦੇ ਡੀਐਸਪੀ ਬਲਦੇਵ ਸਿੰਘ ਸੈਣੀ, ਸਤਵੀਰ ਸਿੰਘ, ਹਰ ਸਹਾਏ, ਜਗੀਰ ਸਿੰਘ ਅਤੇ ਅਨੂਪ ਸਿੰਘ (ਸਾਰੇ ਸਬ ਇੰਸਪੈਕਟਰ) ਅਤੇ ਏਐਸਆਈ ਥਾਣੇਦਾਰ ਕੁਲਦੀਪ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਦਾ ਨਾਮ ਸ਼ਾਮਲ ਹੈ।

Load More Related Articles
Load More By Nabaz-e-Punjab
Load More In Court and Police

Check Also

ਨਸ਼ਾ ਤਸਕਰੀ ਮਾਮਲਾ: ‘ਸਰਕਾਰ ਜਿੰਨਾ ਮਰਜ਼ੀ ਧੱਕਾ ਕਰ ਲਵੇ ਮੇਰਾ ਮਨੋਬਲ ਨਹੀਂ ਤੋੜ ਸਕਦੀ’: ਮਜੀਠੀਆ

ਨਸ਼ਾ ਤਸਕਰੀ ਮਾਮਲਾ: ‘ਸਰਕਾਰ ਜਿੰਨਾ ਮਰਜ਼ੀ ਧੱਕਾ ਕਰ ਲਵੇ ਮੇਰਾ ਮਨੋਬਲ ਨਹੀਂ ਤੋੜ ਸਕਦੀ’: ਮਜੀਠੀਆ ਮੁਹਾਲੀ ਅਦ…