ਸਰਹਿੰਦ ਫਤਹਿ ਦਿਵਸ: ਚੱਪੜਚਿੜੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਬਦ ਕੀਰਤਨ

ਸਿੱਖ ਇਤਿਹਾਸ ਵਿੱਚ ਪਹਿਲੀ ਵਾਰ ਸਾਦਗੀ ਨਾਲ ਮਨਾਇਆ ‘ਸਰਹਿੰਦ ਫਤਿਹ ਦਿਵਸ’

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਈ:
ਕਰੋਨਾਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਕਰਫਿਊ ਕਾਰਨ ਸਿੱਖ ਇਤਿਹਾਸ ਵਿੱਚ ਐਤਕੀਂ ਪਹਿਲੀ ਵਾਰ ਸਰਹਿੰਦ ਫਤਿਹ ਦਿਵਸ ਸਾਦਗੀ ਭਰੇ ਮਾਹੌਲ ਵਿੱਚ ਮਨਾਇਆ ਗਿਆ। ਇਸ ਸਬੰਧੀ ਅੱਜ ਸਵੇਰੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਫਤਿਹ-ਏ-ਜੰਗ ਚੱਪੜਚਿੜੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਪਾਲ ਸਿੰਘ ਅਤੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਨੇ ਸ਼ਬਦ ਕੀਰਤਨ ਰਾਹੀਂ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਅਕਾਲੀ ਵਿਧਾਇਕ ਐਨਕੇ ਸ਼ਰਮਾ ਨੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸਕ ਕਾਰਨਾਮਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ 12 ਮਈ 1710 ਈਸਵੀਂ ਨੂੰ ਮੁਗਲ ਫੌਜਾਂ ਦਾ ਖ਼ਾਤਮਾ ਕਰਕੇ ਚੱਪੜਚਿੜੀ ਦੇ ਮੈਦਾਨ ’ਚੋਂ ਦੇਸ਼ ਦੀ ਆਜ਼ਾਦੀ ਦੀ ਪਹਿਲੀ ਲੜਾਈ ਆਰੰਭੀ ਸੀ ਅਤੇ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਰਾ ਕੇ ਜਿੱਥੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲਿਆ, ਉੱਥੇ ਸੈਂਕੜੇ ਸਾਲਾਂ ਦੀ ਗੁਲਾਮੀ ਤੋਂ ਬਾਅਦ ਪਹਿਲੇ ਸਿੱਖ ਰਾਜ ਦੀ ਸਥਾਪਨਾ ਕਰਕੇ ਬੇਜ਼ਮੀਨੇ ਲੋਕਾਂ ਨੂੰ ਜ਼ਮੀਨਾਂ ਦੀ ਮਾਲਕੀ ਦੇ ਅਧਿਕਾਰ ਦਿੱਤੇ ਗਏ ਸੀ।
ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਫਤਿਹ ਦਿਵਸ ਦੀ ਵਧਾਈ ਦਿੰਦੇ ਹੋਏ ਬਾਬਾ ਬੰਦਾ ਸਿੰਘ ਬਹਾਦਰ ਦੀ ਜੀਵਨੀ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਉਨ੍ਹਾਂ ਨੂੰ ਸਿੱਖ ਲੀਡਰਸ਼ਿਪ ਦੀ ਯੋਗ ਅਗਵਾਈ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਕੁਰਬਾਨੀ ਅਤੇ ਵਿਚਾਰਧਾਰਾ ਨੂੰ ਪਿੰਡ ਪੱਧਰ ’ਤੇ ਲੋਕਾਂ ਤੱਕ ਪਹੁੰਚਾਉਣ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਇਤਿਹਾਸ ਨੂੰ ਭੁੱਲ ਜਾਂਦੀਆਂ ਹਨ, ਉਹ ਦੁਨੀਆ ਦੇ ਨਕਸ਼ੇ ਤੋਂ ਮਿਟ ਜਾਂਦੀਆਂ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਰ ਸਾਲ 12 ਮਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਹਿੰਦ ਫਤਿਹ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਸੀ ਅਤੇ ਚੱਪੜਚਿੜੀ ਜੰਗੀ ਯਾਦਗਾਰ ਤੋਂ ਫਤਹਿਗੜ੍ਹ ਸਾਹਿਬ ਤੱਕ ਅਲੌਕਿਕ ਸਰਹਿੰਦ ਫਤਿਹ ਮਾਰਚ ਸਜਾਇਆ ਜਾਂਦਾ ਹੈ, ਜਿਸ ਵਿੱਚ ਹਾਥੀ ਅਤੇ ਘੋੜ ਸਵਾਰ ਨਿਹੰਗ ਅਤੇ ਵੱਡੀ ਗਿਣਤੀ ਵਿੱਚ ਸੰਗਤ ਜੁੜਦੀ ਸੀ ਅਤੇ ਤਿੰਨ ਦਿਨ ਅਤੇ ਰਾਤ ਨੂੰ ਸਮਾਗਮ ਹੁੰਦੇ ਸੀ ਪ੍ਰੰਤੂ ਇਸ ਵਾਰ ਜਿੱਥੇ ਐਸਜੀਪੀਸੀ ਵੱਲੋਂ ਸੰਗਤ ਨੂੰ ਇਕੱਠੀ ਹੋਣ ਤੋਂ ਰੋਕਣ ਲਈ ਅਪੀਲਾਂ ਕੀਤੀਆਂ ਗਈਆਂ ਸਨ, ਉੱਥੇ ਅੱਜ ਚੱਪੜਚਿੜੀ ਨੂੰ ਆਉਣ ਵਾਲੇ ਸਾਰੇ ਐਂਟਰੀ ਪੁਆਇੰਟਾਂ ’ਤੇ ਜ਼ਬਰਦਸਤ ਨਾਕਾਬੰਦੀ ਕੀਤੀ ਗਈ ਅਤੇ ਪੁਲੀਸ ਨੇ ਚੱਪੜਚਿੜੀ ਵੱਲ ਕਿਸੇ ਨੂੰ ਨਹੀਂ ਜਾਣ ਦਿੱਤਾ। ਇਹੀ ਨਹੀਂ ਸਮਾਗਮ ਦੀ ਪ੍ਰਮੁੱਖ ਪ੍ਰਬੰਧਕ ਤੇ ਇਲਾਕੇ ਦੀ ਐਸਜੀਪੀਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਨੂੰ ਵੀ ਆਉਣ ਤੋਂ ਰੋਕਿਆ ਗਿਆ। ਉਹ ਬੜੀ ਮੁਸ਼ਕਲ ਨਾਲ ਖੱਜਲ-ਖੁਆਰ ਹੁੰਦੇ ਹੋਏ ਗੁਰਦੁਆਰਾ ਸਾਹਿਬ ਪਹੁੰਚੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ, ਚਰਨਜੀਤ ਸਿੰਘ ਕਾਲੇਵਾਲ, ਐਸਜੀਪੀਸੀ ਦੇ ਮੀਤ ਸਕੱਤਰ ਲਖਵੀਰ ਸਿੰਘ, ਸਾਬਕਾ ਸਕੱਤਰ ਅਵਤਾਰ ਸਿੰਘ ਸੈਂਪਲਾ, ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟੌਹੜਾ ਸਮੇਤ ਮੋਹਣ ਸਿੰਘ ਸਾਬਕਾ ਸਰਪੰਚ ਚੱਪੜਚਿੜੀ, ਗੁਰਦੁਆਰਾ ਸਾਹਿਬ ਫਤਿਹ-ਏ-ਜੰਗ ਚੱਪੜਚਿੜੀ ਦੇ ਪ੍ਰਧਾਨ ਜਗਤਾਰ ਸਿੰਘ, ਜਨਰਲ ਸਕੱਤਰ ਗੁਰਮੇਲ ਸਿੰਘ, ਪਰਮਜੀਤ ਸਿੰਘ ਕਾਹਲੋਂ, ਤੇਜਿੰਦਰ ਸਿੰਘ ਪੂਨੀਆ ਅਤੇ ਹੋਰ ਪਤਵੰਤੇ ਹਾਜ਼ਰ ਸਨ। ਗੁਰੂ ਕਾ ਲੰਗਰ ਅਤੁੱਟ ਵਰਤਿਆਂ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…