ਰਾਹਤ ਭਰੀ ਵੱਡੀ ਖ਼ਬਰ: ਮੁਹਾਲੀ, ਰੂਪਨਗਰ ਤੇ ਫਤਹਿਗੜ੍ਹ ਦੇ 60 ਪੀੜਤ ਮਰੀਜ਼ ਹੋਏ ਡਿਸਚਾਰਜ

ਮੁਹਾਲੀ ਜ਼ਿਲ੍ਹੇ ਦੇ 35, ਰੂਪਨਗਰ ਦੇ 16 ਤੇ ਫਤਹਿਗੜ੍ਹ ਸਾਹਿਬ ਦੇ 9 ਮਰੀਜ਼ਾਂ ਨੂੰ ਮਿਲੀ ਛੁੱਟੀ, ਹੁਣ ਸਿਰਫ਼ 7 ਪੀੜਤ ਮਰੀਜ਼

ਸਿਹਤਯਾਬ ਹੋਏ ਮਰੀਜ਼ਾਂ ਨੇ ਕਿਹਾ ਆਮ ਲੋਕਾਂ ਨੂੰ ਕਰੋਨਾਵਾਇਰਸ ਤੋਂ ਡਰਨ ਦੀ ਨਹੀਂ ਕੋਈ ਲੋੜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਈ:
ਸਿਹਤ ਵਿਭਾਗ ਪੰਜਾਬ ਦੇ ਉਪਰਾਲਿਆਂ ਅਤੇ ਨਵੀਂ ਸੋਧੀ ਹੋਈ ਨੀਤੀ ਤਹਿਤ ਸ਼ੁੱਕਰਵਾਰ ਨੂੰ ਦੇਰ ਸ਼ਾਮ ਕਰੋਨਾਵਾਇਰਸ ਦੀ ਮਹਾਮਾਰੀ ਤੋਂ ਪੀੜਤ 60 ਮਰੀਜ਼ਾਂ ਨੂੰ ਡਿਸਚਾਰਜ ਕੀਤਾ ਗਿਆ ਹੈ। ਜਿਨ੍ਹਾਂ ਵਿੱਚ 35 ਪੀੜਤ ਮਰੀਜ਼ ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਹਨ ਜਦੋਂਕਿ 16 ਮਰੀਜ਼ ਰੂਪਨਗਰ ਅਤੇ 9 ਮਰੀਜ਼ ਫਤਹਿਗੜ੍ਹ ਸਾਹਿਬ ਨਾਲ ਸਬੰਧਤ ਹਨ। ਇਹ ਸਾਰੇ ਜਣੇ ਗਿਆਨ ਸਾਗਰ ਹਸਪਤਾਲ ਵਿੱਚ ਜੇਰੇ ਇਲਾਜ ਸਨ।
ਅੱਜ ਇੱਥੇ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਉਕਤ 60 ਮਰੀਜ਼ਾਂ ਨੂੰ ਹਸਪਤਾਲ ’ਚੋਂ ਛੁੱਟੀ ਮਿਲਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੇ ਪੁਰਾਣੀ ਨੀਤੀ ਵਿੱਚ ਜ਼ਰੂਰ ਸੋਧ ਕੀਤੀ ਗਈ ਹੈ। ਪਹਿਲਾਂ ਹਰੇਕ ਮਰੀਜ਼ ਨੂੰ ਘੱਟੋ ਘੱਟ 14 ਦਿਨਾਂ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਕਰਕੇ ਰੱਖਿਆ ਜਾਂਦਾ ਸੀ। ਇਸ ਤੋਂ ਬਾਅਦ ਸਬੰਧਤ ਮਰੀਜ਼ ਦੇ ਵਾਰੋ ਵਾਰੀ ਸਮੇਂ ਸਮੇਂ ਸਿਰ ਦੋ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਂਦੇ ਸੀ ਅਤੇ ਦੋਵੇਂ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਹੀ ਮਰੀਜ਼ ਨੂੰ ਹਸਪਤਾਲ ’ਚੋਂ ਡਿਸਚਾਰਜ ਕੀਤਾ ਜਾਂਦਾ ਸੀ ਪ੍ਰੰਤੂ ਹੁਣ ਸਿਹਤ ਵਿਭਾਗ ਨੇ ਪਹਿਲਕਦਮੀ ਕਰਦਿਆਂ ਪੁਰਾਣੀ ਨੀਤੀ ਵਿੱਚ ਜ਼ਰੂਰੀ ਸੋਧ ਕੀਤੀ ਗਈ ਹੈ। ਜਿਸ ਦੇ ਤਹਿਤ ਹੁਣ ਪਾਜ਼ੇਟਿਵ ਰਿਪੋਰਟ ਆਉਣ ਤੋਂ ਬਾਅਦ ਸਬੰਧਤ ਵਿਅਕਤੀ ਨੂੰ 10 ਦਿਨ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਰੱਖਿਆ ਜਾਵੇਗਾ ਅਤੇ ਜੇਕਰ ਅਗਲੇ 4 ਦਿਨ ਸਬੰਧਤ ਮਰੀਜ਼ ਵਿੱਚ ਕਰੋਨਾ ਦਾ ਕੋਈ ਲੱਛਣ ਦਿਖਾਈ ਨਹੀਂ ਦਿੱਤਾ ਤਾਂ ਉਸ ਨੂੰ ਹਸਪਤਾਲ ’ਚੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਜਾਵੇਗਾ ਪ੍ਰੰਤੂ ਸਾਵਧਾਨੀ ਵਜੋਂ ਸਬੰਧਤ ਵਿਅਕਤੀ ਨੂੰ ਅਗਲੇ ਹੁਕਮਾਂ ਤੱਕ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿੱਤੀ ਜਾਵੇਗੀ।
ਸਿਵਲ ਸਰਜਨ ਅਤੇ ਨੋਡਲ ਅਫ਼ਸਰ ਨੇ ਦੱਸਿਆ ਕਿ ਠੀਕ ਹੋਣ ਵਾਲੇ ਮਰੀਜ਼ਾਂ ਵਿੱਚ 9 ਜਣੇ ਇਕੱਲੇ ਪਿੰਡ ਜਵਾਹਰਪੁਰ ਦੇ ਹਨ। ਜਿੱਥੋਂ ਸਭ ਤੋਂ ਵੱਧ ਪੀੜਤ ਮਰੀਜ਼ ਸਾਹਮਣੇ ਆਏ ਸੀ। ਇਸ ਤੋਂ ਇਲਾਵਾ ਜ਼ੀਰਕਪੁਰ, ਖਰੜ ਸਮੇਤ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਮੁਹਾਲੀ ਪਰਤੇ ਸ਼ਰਧਾਲੂ ਸ਼ਾਮਲ ਹਨ।
ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਦੀ ਮਹਾਮਾਰੀ ਤੋਂ ਪੀੜਤ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧ ਕੇ ਹੁਣ 96 ਹੋ ਗਈ ਹੈ ਜਦਕਿ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 105 ਹੈ। ਜਿਨ੍ਹਾਂ ’ਚੋਂ ਤਿੰਨ ਪੀੜਤ ਮਰੀਜ਼ਾਂ ਵਿਜੇ ਕੁਮਾਰ ਜ਼ੀਰਕਪੁਰ, ਓਮ ਪ੍ਰਕਾਸ਼ ਨਵਾਂ ਗਾਉਂ ਅਤੇ ਰਾਜ ਕੁਮਾਰੀ ਖਰੜ ਦੀ ਮੌਤ ਹੋ ਚੁੱਕੀ ਹੈ ਅਤੇ ਇਸ ਸਮੇਂ 7 ਐਕਟਿਵ ਕੇਸ ਹਨ। ਉਨ੍ਹਾਂ ਕਿਹਾ ਕਿ ਇਲਾਜ ਅਧੀਨ ਮਰੀਜ਼ਾਂ ਦੀ ਹਾਲਤ ਪੂਰੀ ਤਰ੍ਹਾਂ ਠੀਕ ਹੈ ਅਤੇ ਕੋਈ ਵੀ ਮਰੀਜ਼ ਗੰਭੀਰ ਹਾਲਤ ਵਿੱਚ ਨਹੀਂ ਹੈ।
ਉਧਰ, ਠੀਕ ਹੋਏ ਪੀੜਤ ਮਰੀਜ਼ਾਂ ਨੇ ਇਲਾਜ ਕਰਨ ਵਾਲੇ ਡਾਕਟਰਾਂ ਅਤੇ ਹੋਰ ਮੈਡੀਕਲ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸਹੀ ਤਰੀਕੇ ਨਾਲ ਇਲਾਜ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਖਾਣ-ਪੀਣ ਦੀਆਂ ਲੋੜਾਂ ਦਾ ਵੀ ਖ਼ਿਆਲ ਰੱਖਿਆ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਕਰੋਨਾ ਦੀ ਮਹਾਮਾਰੀ ਤੋਂ ਬਿਲਕੁਲ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਹੈ। ਜੇ ਚੰਗੀ ਖ਼ੁਰਾਕ ਖਾਧੀ ਜਾਵੇ ਅਤੇ ਹੋਰ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ ਤਾਂ ਸਹਿਜੇ ਹੀ ਕਰੋਨਾ ਦਾ ਮੁਕਾਬਲਾ ਕੀਤਾ ਜਾ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…