Share on Facebook Share on Twitter Share on Google+ Share on Pinterest Share on Linkedin ਮੁਹਾਲੀ ਏਅਰਪੋਰਟ ’ਤੇ ਅਮਰੀਕਾ ਤੋਂ ਪਰਤੇ 100 ਯਾਤਰੀਆਂ ਦੀ ਜਾਂਚ, ਸਾਰੇ ਲੋਕ ਠੀਕ ਸਿਵਲ ਸਰਜਨ ਦੀ ਅਗਵਾਈ ਹੇਠ ਤਿੰਨ ਟੀਮਾਂ ਨੇ ਹਵਾਈ ਅੱਡੇ ’ਤੇ ਕੀਤਾ ਡਾਕਟਰੀ ਮੁਆਇਨਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਈ: ਜ਼ਿਲ੍ਹਾ ਸਿਹਤ ਵਿਭਾਗ ਦੀਆਂ ਤਿੰਨ ਮੈਡੀਕਲ ਟੀਮਾਂ ਨੇ ਸ਼ੁੱਕਰਵਾਰ ਨੂੰ ਮੁਹਾਲੀ ਏਅਰਪੋਰਟ ’ਤੇ ਅਮਰੀਕਾ ਤੋਂ ਆਈ ‘ਏਅਰ ਇੰਡੀਆ’ ਦੀ ਫਲਾਈਟ ਵਿੱਚ ਸਵਾਰ ਸਾਰੇ 100 ਯਾਤਰੀਆਂ ਦਾ ਡਾਕਟਰੀ ਮੁਆਇਨਾ ਕੀਤਾ ਗਿਆ ਅਤੇ ਸਾਰੇ ਮੁਸਾਫ਼ਿਰ ਠੀਕ ਪਾਏ ਗਏ। ਕੋਈ ਵੀ ਮੁਸਾਫ਼ਿਰ ਤੇਜ਼ ਬੁਖ਼ਾਰ, ਖੰਘ, ਜ਼ੁਕਾਮ ਤੋਂ ਪੀੜਤ ਨਹੀਂ ਸੀ। ਮੈਡੀਕਲ ਜਾਂਚ ਟੀਮਾਂ ਦੀ ਅਗਵਾਈ ਕਰ ਰਹੇ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਕਰੋਨਾਵਾਇਰਸ ਮਹਾਮਾਰੀ ਕਾਰਨ ਤਾਲਾਬੰਦੀ ਲਾਗੂ ਹੋਣ ਮਗਰੋਂ ਅਮਰੀਕਾ ਵਿੱਚ ਫਸੇ ਭਾਰਤੀਆਂ ਨੂੰ ਲੈ ਕੇ ਹਵਾਈ ਅੱਡੇ ’ਤੇ ਪੁੱਜੀ ਫਲਾਈਟ ਦੇ ਯਾਤਰੀਆਂ ਵਿੱਚ ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਪੰਜ ਯਾਤਰੀ ਜਦਕਿ 64 ਯਾਤਰੀ ਪੰਜਾਬ ਦੇ ਹੋਰਨਾਂ ਥਾਵਾਂ ਨਾਲ ਸਬੰਧਤ ਸਨ ਜਦੋਂਕਿ ਬਾਕੀ 31 ਯਾਤਰੀ ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਨਾਲ ਸਬੰਧਤ ਸਨ। ਸਿਵਲ ਸਰਜਨ ਨੇ ਦੱਸਿਆ ਕਿ ਕਿਸੇ ਵੀ ਯਾਤਰੀ ਵਿੱਚ ਕਰੋਨਾਵਾਇਰਸ ਦਾ ਕੋਈ ਵੀ ਲੱਛਣ ਨਜ਼ਰ ਨਹੀਂ ਆਇਆ। ਮੈਡੀਕਲ ਟੀਮ ਨੇ ਨਾਨ-ਕੰਟੈਕਟ ਇਨਫ਼ਰਾਰੈਡ ਥਰਮਾਮੀਟਰ ਨਾਲ ਸਾਰੇ ਮੁਸਾਫ਼ਿਰਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਕਰੋਨਾ ਮਹਾਮਾਰੀ ਦੇ ਲੱਛਣਾਂ, ਸਾਵਧਾਨੀਆਂ ਅਤੇ ਬਚਾਅ ਬਾਰੇ ਜਾਗਰੂਕ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਨੇ ਜ਼ਿਲ੍ਹਾ ਮੁਹਾਲੀ ਵਿੱਚ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਡਟ ਕੇ ਕੰਮ ਕੀਤਾ ਹੈ। ਫ਼ਿਲਹਾਲ ਮੁਹਾਲੀ ਵਿੱਚ ਹੁਣ ਕੋਈ ਐਕਟਿਵ ਕੇਸ ਨਹੀਂ ਪ੍ਰੰਤੂ ਇਸ ਸਥਿਤੀ ਨੂੰ ਕਾਇਮ ਰੱਖਣ ਲਈ ਬਾਹਰ ਨਿਕਲਦੇ ਸਮੇਂ ਆਪਣਾ ਮੂੰਹ ਮਾਸਕ, ਰੁਮਾਲ, ਕੱਪੜੇ, ਚੁੰਨੀ ਨਾਲ ਢੱਕ ਕੇ ਰੱਖਿਆ ਜਾਵੇ, ਇਕ ਦੂਜੇ ਤੋਂ ਜ਼ਰੂਰੀ ਫਾਸਲਾ ਰੱਖਣ, ਆਲੇ ਦੁਆਲੇ ਨਾ ਥੁੱਕਣ ਅਤੇ ਵਾਰ-ਵਾਰ ਹੱਥ ਧੋਣ ਜਿਹੀਆਂ ਤਮਾਮ ਜ਼ਰੂਰੀ ਸਾਵਧਾਨੀਆਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਮੁਹਾਲੀ ਹਵਾਈ ਅੱਡੇ ’ਤੇ ਮੈਡੀਕਲ ਜਾਂਚ ਦੇ ਕੰਮ ਦੀ ਦੇਖਰੇਖ ਕਰ ਰਹੇ ਜ਼ਿਲ੍ਹਾ ਐਪੀਡੀਮੋਲੋਜਿਸਟ ਅਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਇਹ ਫਲਾਈਟ ਵਾਇਆ ਨਵੀਂ ਦਿੱਲੀ ਰਾਹੀਂ ਮੁਹਾਲੀ ਪੁੱਜੀ ਹੈ ਅਤੇ ਏਅਰਪੋਰਟ ਅਥਾਰਟੀ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਸਾਰੇ ਯਾਤਰੀਆਂ ਦੀ ਸਕਰੀਨਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਫਿਲਹਾਲ ਯਾਤਰੀਆਂ ਨੂੰ ਘਰ ਨਹੀਂ ਭੇਜਿਆ ਜਾਵੇਗਾ ਸਗੋਂ ਸਾਵਧਾਨੀ ਵਜੋਂ ਉਨ੍ਹਾਂ ਨੂੰ 14 ਦਿਨਾਂ ਲਈ ਵੱਖ ਵੱਖ ਥਾਵਾਂ ’ਤੇ ਸਰਕਾਰੀ ਇਕਾਂਤਵਾਸ ਕੇਂਦਰਾਂ ਵਿੱਚ ਮੈਡੀਕਲ ਟੀਮਾਂ ਦੀ ਨਿਗਰਾਨੀ ਹੇਠ ਰੱਖਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਪਰਦੇਸੀ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ ਡਾਹਰੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ