ਪੱਤਰਕਾਰ ਮੇਜਰ ਸਿੰਘ ਦੀ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਦੋਵੇਂ ਥਾਣੇਦਾਰ ਮੁਅੱਤਲ

ਮੁਹਾਲੀ ਦੇ ਡਿਪਟੀ ਕਮਿਸ਼ਨਰ ਵੱਲੋਂ ਮਾਮਲੇ ਦੀ ਸਮਾਂਬੱਧ ਨਿਆਇਕ ਜਾਂਚ ਦੇ ਆਦੇਸ਼ ਜਾਰੀ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਇੱਥੋਂ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੇਜ਼-4 ਵਿੱਚ ਦੋ ਧਿਰਾਂ ਵਿੱਚ ਹੋਏ ਆਪਸੀ ਵਿਵਾਦ ਦੌਰਾਨ ਇਕ ਪੰਜਾਬੀ ਅਖ਼ਬਾਰ ਦੇ ਅੰਮ੍ਰਿਤਧਾਰੀ ਪੱਤਰਕਾਰ ਮੇਜਰ ਸਿੰਘ ਨੂੰ ਸਥਾਨਕ ਫੇਜ਼-1 ਥਾਣੇ ਵਿੱਚ ਲਿਆ ਕੇ ਪੁਲੀਸ ਮੁਲਾਜ਼ਮਾਂ ਵੱਲੋਂ ਬੜੀ ਬੇਰਹਿਮੀ ਨਾਲ ਕੁੱਟਮਾਰ ਅਤੇ ਗਾਲੀ ਗਲੋਚ ਕਰਨ ਦਾ ਮਾਮਲਾ ਕਾਫੀ ਭਖ ਗਿਆ ਹੈ। ਜ਼ਿਲ੍ਹਾ ਪ੍ਰੈੱਸ ਕਲੱਬ ਐਸਏਐਸ ਨਗਰ (ਮੁਹਾਲੀ) ਦੇ ਚੇਅਰਮੈਨ ਦਰਸ਼ਨ ਸਿੰਘ ਸੋਢੀ, ਪ੍ਰਧਾਨ ਸਤਵਿੰਦਰ ਸਿੰਘ ਧੜਾਕ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਦੀ ਅਗਵਾਈ ਹੇਠ ਪੱਤਰਕਾਰਾਂ ਦਾ ਵਫ਼ਦ ਅੱਜ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ ਮਿਲਿਆ ਅਤੇ ਜ਼ਿੰਮੇਵਾਰ ਪੁਲੀਸ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।
ਜ਼ਿਲ੍ਹਾ ਪ੍ਰੈੱਸ ਕਲੱਬ ਦੇ ਵਾਈਸ ਚੇਅਰਮੈਨ ਐਮਪੀ ਕੌਸ਼ਿਕ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੌਕੇ ਤੇ ਹੀ ਪੱਤਰਕਾਰ ਦੀ ਕੁੱਟਮਾਰ ਕਰਨ ਵਾਲੇ ਦੋ ਥਾਣੇਦਾਰਾਂ ਏਐਸਆਈ ਓਮ ਪ੍ਰਕਾਸ਼ ਅਤੇ ਅਮਰ ਨਾਥ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਦੋਵੇਂ ਥਾਣੇਦਾਰਾਂ ਦੇ ਖ਼ਿਲਾਫ਼ ਵਿਭਾਗੀ ਜਾਂਚ ਦੇ ਵੀ ਆਦੇਸ਼ ਦਿੱਤੇ ਗਏ ਹਨ। ਐਸਐਸਪੀ ਨੇ ਵੀ ਇਹ ਗੱਲ ਮੰਨੀ ਕਿ ਪੱਤਰਕਾਰ ਨਾਲ ਵਧੀਕੀ ਹੋਈ ਹੈ। ਐਸਐਸਪੀ ਨੇ ਸਮੁੱਚੇ ਮਾਮਲੇ ਦੀ ਜਾਂਚ ਐਸਪੀ ਸਿਟੀ ਹਰਵਿੰਦਰ ਸਿੰਘ ਵਿਰਕ ਨੂੰ ਸੌਂਪੀ ਗਈ ਹੈ। ਇਸ ਸਬੰਧੀ ਡੀਜੀਪੀ ਦਿਨਕਰ ਗੁਪਤਾ ਨੇ ਵੀ ਐਸਐਸਪੀ ਤੋਂ ਸਮੁੱਚੇ ਘਟਨਾਕ੍ਰਮ ਸਬੰਧੀ ਵਿਸਥਾਰ ਰਿਪੋਰਟ ਤਲਬ ਕੀਤੀ ਹੈ।
ਉਧਰ, ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਸਮੁੱਚੇ ਮਾਮਲੇ ਦੀ ਸਮਾਂਬੱਧ ਨਿਆਇਕ ਜਾਂਚ ਦੇ ਆਦੇਸ਼ ਦਿੱਤੇ ਹਨ। ਇਸ ਗੱਲ ਦੀ ਪੁਸ਼ਟੀ ਕਰਦਿਆਂ ਏਡੀਸੀ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ। ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ, ਰਾਜਪਾਲ ਅਤੇ ਡੀਜੀਪੀ ਨੂੰ ਵੀ ਲਿਖਤੀ ਸ਼ਿਕਾਇਤਾਂ ਭੇਜੀਆਂ ਗਈਆਂ ਹਨ। ਪੀੜਤ ਪੱਤਰਕਾਰ ਮੇਜਰ ਸਿੰਘ ਨੇ ਵੀ ਹਸਪਤਾਲ ’ਚੋਂ ਛੁੱਟੀ ਮਿਲਣ ਤੋਂ ਬਾਅਦ ਐਸਐਸਪੀ ਅਤੇ ਜਾਂਚ ਅਧਿਕਾਰੀ ਨਾਲ ਮੁਲਾਕਾਤ ਕਰ ਕੇ ਮੰਗ ਕੀਤੀ ਕਿ ਥਾਣੇ ਵਿੱਚ ਉਸ ਦੀ ਦਸਤਾਰ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੇ ਦੋਸ਼ ਵਿੱਚ ਦੋਵੇਂ ਥਾਣੇਦਾਰਾਂ ਦੇ ਖ਼ਿਲਾਫ਼ ਧਾਰਾ 295ਏ ਦੇ ਤਹਿਤ ਕੇਸ ਦਰਜ ਕਰਨ ਅਤੇ ਉਨ੍ਹਾਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ। ਇਸ ਮੌਕੇ ਹਰਪ੍ਰੀਤ ਸਿੰਘ ਜੱਸੋਵਾਲ, ਗੁਰਮੁੱਖ ਸਿੰਘ ਵਾਲੀਆ, ਜੋਤੀ ਸਿੰਗਲਾ, ਜਗਦੀਸ਼ ਸਿੰਘ, ਜਸਵਿੰਦਰ ਸਿੰਘ ਰਾਜੂ, ਪਵਨ ਰਾਵਤ, ਜਗਵਿੰਦਰ ਸਿੰਘ, ਡੈਵਿਡ ਖਰੜ ਵੀ ਹਾਜ਼ਰ ਸਨ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਜਨਰਲ ਸਕੱਤਰ ਕਰੈਨ ਸਿੰਘ ਪੀਰਮੁਹੰਮਦ ਅਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਵੀ ਘਟਨਾ ਦੀ ਨਿਖੇਧੀ ਕਰਦਿਆਂ ਪੁਲੀਸ ਦੀ ਇਸ ਕਾਰਵਾਈ ਨੂੰ ਪ੍ਰੈੱਸ ਦੀ ਆਜ਼ਾਦੀ ’ਤੇ ਹਮਲਾ ਦੱਸਿਆ ਹੈ। ਉਨ੍ਹਾਂ ਮੰਗ ਕੀਤੀ ਕਿ ਪੱਤਰਕਾਰ ਦੀ ਕੁੱਟਮਾਰ ਲਈ ਜ਼ਿੰਮੇਵਾਰ ਪੁਲੀਸ ਮੁਲਾਜ਼ਮਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…