Nabaz-e-punjab.com

ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ 4 ਹੋਰ ਨਵੇਂ ਮਾਮਲੇ ਸਾਹਮਣੇ ਆਏ

ਦੋ ਪੀੜਤ ਮਰੀਜ਼ਾਂ ਨੇ ਕਰੋਨਾ ਨੂੰ ਮਾਤ ਦਿੱਤੀ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ:
ਮੁਹਾਲੀ ਜ਼ਿਲ੍ਹੇ ਵਿੱਚ ਅੱਜ ਕਰੋਨਾਵਾਇਰਸ ਤੋਂ ਪੀੜਤ ਚਾਰ ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਹੁਣ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 184 ਹੋ ਗਈ ਹੈ। ਜਿਨ੍ਹਾਂ ’ਚੋਂ 54 ਨਵੇਂ ਕੇਸ ਐਕਟਿਵ ਹਨ। ਉਂਜ ਨਾਲ-ਨਾਲ ਪੀੜਤ ਮਰੀਜ਼ ਠੀਕ ਵੀ ਹੋ ਰਹੇ ਹਨ। ਦੋ ਪੀੜਤ ਮਰੀਜ਼ਾਂ ਨੇ ਕਰੋਨਾ ਨੂੰ ਮਾਤ ਦੇਣ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਅੱਜ ਚਾਰ ਹੋਰ ਨਵੇਂ ਮਰੀਜ਼ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਇੱਥੋਂ ਦੇ ਫੇਜ਼-10 ਦੇ ਵਸਨੀਕ ਦਵਿੰਦਰਪਾਲ ਸਿੰਘ (44), ਚਿਰਾਗ (22) ਵਾਸੀ ਸੈਕਟਰ-125, ਜਤਿੰਦਰ ਸੋਢੀ (43) ਵਾਸੀ ਪਿੰਡ ਸੰਤੇ ਮਾਜਰਾ (ਖਰੜ) ਅਤੇ ਚਮਨ ਲਾਲ (70) ਵਾਸੀ ਪਿੰਡ ਬਲਟਾਣਾ (ਜ਼ੀਰਕਪੁਰ) ਸ਼ਾਮਲ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਚਿਰਾਗ ਹਾਲ ਹੀ ਵਿੱਚ ਅਹਿਮਦਾਬਾਦ ਤੋਂ ਵਾਪਸ ਪਰਤਿਆ ਹੈ। ਜਦੋਂਕਿ ਦਵਿੰਦਰਪਾਲ ਦਿੱਲੀ ਤੋਂ ਆਇਆ ਹੈ ਅਤੇ ਇੱਥੋਂ ਦੇ ਸੈਕਟਰ-71 ਸਥਿਤ ਆਈਵੀਵਾਈ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਜੇਰੇ ਇਲਾਜ ਹੈ। ਜਤਿੰਦਰ ਸੋਢੀ ਗੁੜਗਾਊਂ ਤੋਂ ਆਇਆ ਹੈ ਜਦੋਂਕਿ ਚਮਨ ਲਾਲ ਕਿਸੇ ਹੋਰ ਪੀੜਤ ਮਰੀਜ਼ ਦੇ ਸੰਪਰਕ ਵਿੱਚ ਆਉਣ ਕਾਰਨ ਕਰੋਨਾ ਦੇ ਲਪੇਟੇ ਵਿੱਚ ਆਇਆ ਹੈ। ਉਧਰ, ਇੱਥੋਂ ਦੇ ਸੈਕਟਰ-78 ਦੇ ਵਸਨੀਕ ਦੋ ਪੀੜਤ ਮਰੀਜ਼ ਸੁਮਿਤ ਕੁਮਾਰ (31) ਅਤੇ ਕੰਚਨ (57) ਨੇ ਕਰੋਨਾ ਨੂੰ ਮਾਤ ਦੇ ਦਿੱਤੀ ਹੈ। ਇਨ੍ਹਾਂ ਦੋਵਾਂ ਨੂੰ ਅੱਜ ਹਸਪਤਾਲ ’ਚੋਂ ਛੁੱਟੀ ਦੇ ਕੇ ਵਾਪਸ ਘਰ ਭੇਜ ਦਿੱਤਾ ਗਿਆ ਹੈ। ਉਂਜ ਸਾਵਧਾਨੀ ਵਜੋਂ ਉਨ੍ਹਾਂ ਨੂੰ ਕੁਝ ਦਿਨ ਹੋਰ ਆਪਣੇ ਘਰ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…