ਹਿੰਦੂ ਆਗੂ ’ਤੇ ਜਾਨਲੇਵਾ ਹਮਲਾ: ਬ੍ਰਿਟਿਸ਼ ਨਾਗਰਿਕ ਜੱਗੀ ਜੌਹਲ ਦੀ ਜ਼ਮਾਨਤ ਅਰਜ਼ੀ ਦੀ ਮੁੱਢੋਂ ਰੱਦ

ਆਰਐਸਐਸ ਆਗੂ ਜਗਦੀਸ਼ ਗਗਨੇਜਾ ਦੇ ਕਤਲ ਮਾਮਲੇ ਵਿੱਚ ਵੀ ਨਾਮਜ਼ਦ ਹੈ ਜੱਗੀ ਜੌਹਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੂਨ:
ਮੁਹਾਲੀ ਸਥਿਤ ਐਨਆਈਏ ਦੇ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਨੇ ਹਿੰਦੂ ਆਗੂ ਅਮਿਤ ਅਰੋੜਾ ’ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਨਾਮਜ਼ਦ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੱਗੀ ਉਰਫ਼ ਜੱਗੀ ਜੌਹਲ ਦੀ ਜ਼ਮਾਨਤ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਮੁਲਜ਼ਮ ਨੇ ਪਿਛਲੇ ਦਿਨੀਂ ਆਪਣੇ ਵਕੀਲਾਂ ਰਾਹੀਂ ਮੁਹਾਲੀ ਦੀ ਐਨਆਈਏ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਮੁਲਜ਼ਮ ਜੱਗੀ ਜੌਹਲ ਆਰਐਸਐਸ ਆਗੂ ਅਤੇ ਬ੍ਰਿਗੇਡੀਅਰ (ਸੇਵਾਮੁਕਤ) ਜਗਦੀਸ਼ ਗਗਨੇਜਾ ਕਤਲ ਮਾਮਲੇ ਵਿੱਚ ਵੀ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ।
ਬਚਾਅ ਪੱਖ ਦੇ ਵਕੀਲਾਂ ਜਸਪਾਲ ਸਿੰਘ ਮੰਝਪੁਰ ਅਤੇ ਰਣਜੋਧ ਸਿੰਘ ਸਰਾਓ ਨੇ ਐਨਆਈਏ ਅਦਾਲਤ ਨੂੰ ਦੱਸਿਆ ਕਿ ਜੱਗੀ ਜੌਹਲ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਜਦੋਂ ਪੰਜਾਬ ਵਿੱਚ ਹਿੰਦੂ ਆਗੂਆਂ ’ਤੇ ਹਮਲੇ ਹੋਏ, ਉਸ ਸਮੇਂ ਜੱਗੀ ਜੌਹਲ ਵਿਦੇਸ਼ ਵਿੱਚ ਸੀ। ਉਂਜ ਵੀ ਐਨਆਈਏ ਵੱਲੋਂ ਅਦਾਲਤ ਵਿੱਚ ਮੁਲਜ਼ਮਾਂ ਖ਼ਿਲਾਫ਼ ਪੇਸ਼ ਕੀਤੇ ਚਲਾਨ ਵਿੱਚ ਜੱਗੀ ਜੌਹਲ ਖ਼ਿਲਾਫ਼ ਕੋਈ ਠੋਸ ਸਬੂਤ ਪੇਸ਼ ਨਹੀਂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਸਿਰਫ਼ ਕਿਸੇ ਹੋਰ ਕੇਸ ਦੀ ਮੀਮੋ ਦਾ ਜ਼ਿਕਰ ਕੀਤਾ ਗਿਆ ਹੈ। ਜਿਸ ਦਾ ਇਸ ਕੇਸ ਨਾਲ ਕੋਈ ਲੈਣਾ ਦੇਣਾ ਨਹੀਂ ਹੈ।
ਬਚਾਅ ਪੱਖ ਨੇ ਅਦਾਲਤ ਦੇ ਧਿਆਨ ਵਿੱਚ ਲਿਆਂਦਾ ਕਿ ਜੱਗੀ ਜੌਹਲ ਨੂੰ ਪੰਜਾਬ ਪੁਲੀਸ ਕਲੀਨ ਦੇ ਕੇ ਚੁੱਕੀ ਹੈ, ਪ੍ਰੰਤੂ ਪਿੱਛੇ ਜਿਹੇ ਮਾਮਲੇ ਦੀ ਜਾਂਚ ਐਨਆਈਏ ਹਵਾਲੇ ਕੀਤੀ ਗਈ ਤਾਂ ਕੌਮੀ ਜਾਂਚ ਏਜੰਸੀ ਨੇ ਬਿਨਾਂ ਕਿਸੇ ਠੋਸ ਸਬੂਤ ਤੋਂ ਉਸ ਨੂੰ ਇਸ ਕੇਸ ਵਿੱਚ ਨਾਮਜ਼ਦ ਕਰ ਲਿਆ। ਪ੍ਰੰਤੂ ਐਨਆਈਏ ਦੀ ਜਾਂਚ ਟੀਮ ਚਲਾਨ ਵਿੱਚ ਜੱਗੀ ਜੌਹਲ ਖ਼ਿਲਾਫ਼ ਕੋਈ ਦੋਸ਼ ਸਾਬਤ ਨਹੀਂ ਕਰ ਸਕੀ ਹੈ। ਲਿਹਾਜ਼ਾ ਮੁਲਜ਼ਮ ਦੀ ਜ਼ਮਾਨਤ ਮਨਜ਼ੂਰ ਕਰਕੇ ਉਸ ਨੂੰ ਜੇਲ੍ਹ ’ਚੋਂ ਰਿਹਾਅ ਕੀਤਾ ਜਾਵੇ। ਉਧਰ, ਐਨਆਈਏ ਵਕੀਲ ਨੇ ਬਚਾਅ ਪੱਖ ਦੀਆਂ ਦਲੀਲਾਂ ਨੂੰ ਰੱਦ ਕਰਦਿਆਂ ਕਿਹਾ ਕਿ ਮੁਲਜ਼ਮ ਦੇ ਖ਼ਿਲਾਫ਼ ਗੰਭੀਰ ਦੋਸ਼ ਹਨ। ਲਿਹਾਜ਼ਾ ਉਸ ਨੂੰ ਜ਼ਮਾਨਤ ਨਾ ਦਿੱਤੀ ਜਾਵੇ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮ ਜੱਗੀ ਜੌਹਲ ਦੀ ਜ਼ਮਾਨਤ ਅਰਜ਼ੀ ਦੀ ਮੁੱਢੋਂ ਰੱਦ ਕਰ ਦਿੱਤੀ। ਅਦਾਲਤ ਨੇ ਵੀ ਮੰਨਿਆ ਕਿ ਮੁਲਜ਼ਮ ਖ਼ਿਲਾਫ਼ ਗੰਭੀਰ ਦੋਸ਼ ਹਨ। ਜਿਸ ਕਾਰਨ ਉਸ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…