ਬੜਮਾਜਰਾ ਵਿੱਚ ਪੇਂਟਰ ਦਾ ਚਾਕੂ ਤੇ ਇੱਟਾਂ ਮਾਰ ਕੇ ਬੜੀ ਬੇਰਹਿਮੀ ਨਾਲ ਕਤਲ, ਮੁਲਜ਼ਮ ਫਰਾਰ

ਘਰ ਦੇ ਬਾਹਰ ਗਲੀ ਵਿੱਚ ਸ਼ਰ੍ਹੇਆਮ ਬਾਥਰੂਮ ਕਰਨ ਤੋਂ ਰੋਕਣਾ ਮਹਿੰਗਾ ਪਿਆ

ਆਪਣੀ ਪਤਨੀ ਅਤੇ 6 ਸਾਲ ਦੀ ਬੇਟੀ ਨਾਲ ਬੜਮਾਜਰਾ ਵਿੱਚ ਕਿਰਾਏ ਦੇ ਮਕਾਨ ’ਚ ਰਹਿੰਦਾ ਸੀ ਪੇਂਟਰ ਸੰਜੇ ਯਾਦਵ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੂਨ:
ਇੱਥੋਂ ਦੇ ਨਜ਼ਦੀਕੀ ਪਿੰਡ ਬੜਮਾਜਰਾ ਵਿੱਚ ਘਰ ਦੇ ਬਾਹਰ ਗਲੀ ਵਿੱਚ ਪਿਸ਼ਾਬ ਕਰਨ ਤੋਂ ਰੋਕਣ ’ਤੇ ਸ਼ਰਾਬ ਦੇ ਨਸ਼ੇ ਵਿੱਚ ਟੱਲੀ ਕਈ ਵਿਅਕਤੀਆਂ ਨੇ ਚਾਕੂ ਅਤੇ ਇੱਟਾਂ ਮਾਰ ਕੇ ਕਿਰਾਏਦਾਰ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸੰਜੇ ਯਾਦਵ (35) ਵਾਸੀ ਗੋਰਖਪੁਰ (ਯੂਪੀ) ਵਜੋਂ ਹੋਈ ਹੈ। ਉਹ ਪੇਂਟਰ ਦਾ ਕੰਮ ਕਰਦਾ ਸੀ ਅਤੇ ਮੁਹਾਲੀ ਦੀ ਜੂਹ ਵਿੱਚ ਪਿੰਡ ਬੜਮਾਜਰਾ ਵਿੱਚ ਆਪਣੀ ਪਤਨੀ ਉਰਮਿਲਾ ਦੇਵੀ ਅਤੇ ਛੇ ਸਾਲ ਦੀ ਬੇਟੀ ਨਾਲ ਕਿਰਾਏ ’ਤੇ ਰਹਿੰਦਾ ਸੀ।
ਮਿਲੀ ਜਾਣਕਾਰੀ ਅਨੁਸਾਰ ਸੰਜੇ ਯਾਦਵ ਸ਼ਨੀਵਾਰ ਦੀ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਛੱਤ ’ਤੇ ਸੁੱਤਾ ਹੋਇਆ ਸੀ। ਰਾਤ ਨੂੰ ਕਰੀਬ ਸਾਢੇ 11 ਵਜੇ ਉਹ ਥੱਲੇ ਆਇਆ ਤਾਂ ਉਸ ਨੇ ਦੇਖਿਆ ਕਿ ਦੋ ਤਿੰਨ ਵਿਅਕਤੀ ਗਲੀ ਵਿੱਚ ਬਾਥਰੂਮ ਕਰ ਰਹੇ ਸੀ। ਸੰਜੇ ਨੇ ਉਨ੍ਹਾਂ ਨੂੰ ਜਨਤਕ ਥਾਂ ’ਤੇ ਪਿਸ਼ਾਬ ਕਰਨ ਤੋਂ ਰੋਕਣ ‘ਤੇ ਉਹ ਗੁੱਸੇ ਵਿੱਚ ਲਾਲ ਪੀਲੇ ਹੋ ਗਏ ਅਤੇ ਉਸ ਨਾਲ ਝਗੜਾ ਕਰਨ ਲੱਗ ਪਏ। ਹਾਲਾਂਕਿ ਉਦੋਂ ਉਹ ਉੱਥੋਂ ਵਾਪਸ ਚਲੇ ਗਏ ਸੀ ਪ੍ਰੰਤੂ ਕੁਝ ਦੇਰ ਬਾਅਦ ਉਹ ਦੁਬਾਰਾ ਆਪਣੇ ਕੁੱਝ ਜਾਣਕਾਰਾਂ ਉੱਥੇ ਆਏ ਅਤੇ ਸੰਜੇ ਯਾਦਵ ਨੂੰ ਘਰ ’ਚੋਂ ਬਾਹਰ ਸੱਦ ਕੇ ਉਸ ‘ਤੇ ਚਾਕੂ ਅਤੇ ਸਿਰ ਵਿੱਚ ਇੱਟਾਂ\ਪੱਥਰ ਮਾਰ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਮੁਹੱਲੇ ਦੇ ਲੋਕਾਂ ਨੇ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਪੇਂਟਰ ਦੀ ਪਤਨੀ ਉਰਮਿਲਾ ਦੇਵੀ ਨੇ ਦੱਸਿਆ ਕਿ ਰਾਤ ਉਸ ਦੇ ਪਤੀ ਨਾਲ ਝਗੜ ਰਹੇ ਵਿਅਕਤੀਆਂ ਨੇ ਉਸ ’ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਉਸ ਨੇ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਈ। ਉਹ ਪਿੱਛੋਂ ਗੋਰਖਪੁਰ (ਯੂਪੀ) ਦੇ ਰਹਿਣ ਵਾਲੇ ਹਨ ਅਤੇ ਪਿਛਲੇ 10 ਸਾਲਾਂ ਤੋਂ ਬੜਮਾਜਰਾ ਵਿੱਚ ਕਿਰਾਏ ’ਤੇ ਰਹਿ ਰਹੇ ਹਨ।
ਉੁਧਰ, ਸੂਚਨਾ ਮਿਲਦੇ ਹੀ ਬਲੌਂਗੀ ਥਾਣੇ ਦੇ ਐਸਐਚਓ ਅਮਰਦੀਪ ਸਿੰਘ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਡੀਐਸਪੀ ਪਾਲ ਸਿੰਘ ਨੇ ਵੀ ਘਟਨਾ ਦਾ ਜਾਇਜ਼ਾ ਲਿਆ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਉਰਮਿਲਾ ਦੇਵੀ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਬੜਮਾਜਰਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਘਟਨਾ ਵਾਲੀ ਥਾਂ ਦੇ ਨੇੜੇ ਵੀ ਇਕ ਸੀਸੀਟੀਵੀ ਕੈਮਰੇ ਲੱਗਾ ਹੋਇਆ ਹੈ ਪ੍ਰੰਤੂ ਉਸ ਵਿੱਚ ਕੁੱਝ ਵੀ ਸਾਫ਼ ਦਿਖਾਈ ਨਹੀਂ ਦੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੰਜੇ ਯਾਦਵ ਦੀ ਲਾਸ਼ ਦਾ ਸੋਮਵਾਰ ਨੂੰ ਸਰਕਾਰੀ ਹਸਪਤਾਲ ਫੇਜ਼-6 ਦੇ ਡਾਕਟਰਾਂ ਦੇ ਮੈਡੀਕਲ ਬੋਰਡ ਤੋਂ ਪੋਸਟ ਮਾਰਟਮ ਕਰਵਾਇਆ ਜਾਵੇਗਾ ਅਤੇ ਪੋਸਟ ਮਾਰਟਮ ਰਿਪੋਰਟ ਮਿਲਣ ਤੋਂ ਬਾਅਦ ਹੀ ਪੇਂਟਰ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਚਲ ਸਕੇਗਾ।
ਮੁਹਾਲੀ ਦੇ ਐਸਪੀ (ਡੀ) ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ। ਮੁਲਜ਼ਮਾਂ ਦਾ ਰੂਟ ਪਲਾਨ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਪਤਾ ਚੱਲ ਸਕੇ ਕਿ ਪੇਂਟਰ ਦਾ ਕਤਲ ਕਰਨ ਤੋਂ ਬਾਅਦ ਮੁਲਜ਼ਮ ਕਿਹੜੇ ਪਾਸਿਓਂ ਫਰਾਰ ਹੋਏ ਹਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…