Nabaz-e-punjab.com

ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਹੁਣ ਬੁੱਧਵਾਰ ਨੂੰ ਹੋਵੇਗੀ ਨਵੀਂ ਅਦਾਲਤ ’ਚ ਸੁਣਵਾਈ

ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਹੈ ਅਪਰਾਧਿਕ ਮਾਮਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੁਲਾਈ:
ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਸੋਮਵਾਰ ਨੂੰ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਛੁੱਟੀ ’ਤੇ ਹੋਣ ਕਾਰਨ ਨਵੀਂ ਅਦਾਲਤ ਵਿੱਚ ਸੁਣਵਾਈ ਨਹੀਂ ਹੋ ਸਕੀ। ਜਿਸ ਕਾਰਨ ਅੱਜ ਇਹ ਕੇਸ ਡਿਊਟੀ ਮੈਜਿਸਟਰੇਟ-ਕਮ-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਜੇ ਅਗਨੀਹੋਤਰੀ ਦੀ ਅਦਾਲਤ ਵਿੱਚ ਭੇਜਿਆ ਗਿਆ। ਅਦਾਲਤ ਨੇ ਕੇਸ ਦੀ ਸੁਣਵਾਈ 8 ਜੁਲਾਈ ਤੱਕ ਅੱਗੇ ਟਾਲ ਦਿੱਤੀ। ਅੱਜ ਕੇਸ ਦੀ ਸੁਣਵਾਈ ਦੌਰਾਨ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਅਤੇ ਸਰਕਾਰੀ ਵਕੀਲ ਸੰਜੀਵ ਬੱਤਰਾ ਅਤੇ ਬਚਾਅ ਪੱਖ ਦੇ ਵਕੀਲ ਐਚਐਸ ਧਨੋਆ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਅਦਾਲਤ ਵਿੱਚ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐਸ ਰਾਏ ਨੇ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਕੇਸ ਦੂਜੀ ਅਦਾਲਤ ਵਿੱਚ ਤਬਦੀਲ ਕਰਨ ਦੇ ਹੁਕਮ ਦਿੱਤੇ ਸੀ। ਸਪੈਸ਼ਲ ਪੀਪੀ ਸਰਤੇਜ ਸਿੰਘ ਨਰੂਲਾ ਨੇ ਅਦਾਲਤ ਵਿੱਚ ਚਾਰ ਪੰਨਿਆਂ ਦੀ ਅਰਜ਼ੀ ਦਾਇਰ ਕਰਕੇ ਨਿਆਂ-ਪ੍ਰਣਾਲੀ ਦੀ ਕਾਰਗੁਜ਼ਾਰੀ ’ਤੇ ਕਈ ਸਵਾਲ ਚੁੱਕਦਿਆਂ ਲਿਖਤੀ ਰੂਪ ਵਿੱਚ ਸਮੁੱਚੇ ਘਟਨਾਕ੍ਰਮ, ਸੀਬੀਆਈ ਦੀ ਜਾਂਚ ਅਤੇ ਮੌਜੂਦਾ ਕਾਰਵਾਈ ਬਾਰੇ ਵਿਸਥਾਰ ਨਾਲ ਤੱਥ ਪੇਸ਼ ਕੀਤੇ ਗਏ ਸੀ। ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐਸ ਰਾਏ ਨੇ ਪੰਜਾਬ ਸਰਕਾਰ, ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਅਤੇ ਸਰਕਾਰੀ ਵਕੀਲ ਸੰਜੀਵ ਬੱਤਰਾ ਦੀਆਂ ਉਸਾਰੂ ਦਲੀਲਾਂ ਨਾਲ ਸਹਿਮਤ ਹੁੰਦਿਆਂ ਸਾਬਕਾ ਡੀਜੀਪੀ ਸੈਣੀ ਖ਼ਿਲਾਫ਼ ਕੇਸ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿੱਚ ਤਬਦੀਲ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਇਹ ਕੇਸ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਮੋਨਿਕਾ ਗੋਇਲ ਦੀ ਅਦਾਲਤ ਵਿੱਚ ਚਲ ਰਿਹਾ ਸੀ। ਹੁਣ ਨਵੀਂ ਅਦਾਲਤ ਵਿੱਚ ਬੁੱਧਵਾਰ ਨੂੰ ਸੈਣੀ ਖ਼ਿਲਾਫ਼ ਕੇਸ ਦੀ ਅਗਲੀ ਸੁਣਵਾਈ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…