ਮਹਾਲੀ ਵਿੱਚ ਯੂਥ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਮੁਜ਼ਾਹਰਾ

ਕੇਂਦਰ ਸਰਕਾਰ ਵੱਲੋਂ ਭੇਜੇ ਰਾਸ਼ਨ ਵਿੱਚ ਕਾਣੀ ਵੰਡ ਦਾ ਦੋਸ਼, ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੁਲਾਈ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੇ ਗਏ ਐਲਾਨ ਅਤੇ ਪਾਰਟੀ ਦੀ ਸਮੁੱਚੀ ਕੋਰ ਕਮੇਟੀ ਦੇ ਫ਼ੈਸਲੇ ਮੁਤਾਬਕ ਪੰਜਾਬ ਵਿੱਚ ਰਾਸ਼ਨ, ਬੀਜ ਅਤੇ ਸ਼ਰਾਬ ਘੋਟਾਲਿਆਂ ਨੂੰ ਜੱਗ ਜ਼ਾਹਰ ਕਰਨ ਦੇ ਮਕਸਦ ਨਾਲ ਅੱਜ ਮੋਹਾਲੀ ਦੇ ਪਿੰਡ ਸੋਹਾਣਾ ਵਿਖੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਮੋਹਾਲੀ ਸ਼ਹਿਰੀ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਵਿੱਚ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਸਟੇਟ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਐਸ.ਜੀ.ਪੀ.ਸੀ. ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਕੱਠੇ ਹੋਏ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਹੱਥਾਂ ਵਿੱਚ ਉਕਤ ਘੋਟਾਲਿਆਂ ਸਬੰਧੀ ਸਲੋਗਨ ਲਿਖੇ ਪੋਸਟਰ ਫੜ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਯੂਥ ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਅੱਕ ਸਵੇਰ 10 ਵਜੇ ਤੋਂ 11 ਵਜੇ ਪਿੰਡ ਸੋਹਾਣਾ ਵਿੱਚ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਦੌਰ ਵਿੱਚ ਕੇਂਦਰ ਸਰਕਾਰ ਵੱਲੋਂ ਹਰੇਕ ਜੀਅ ਲਈ ਭੇਜੀ ਗਈ 5 ਕਿਲੋ ਕਣਕ ਅਤੇ ਇਕ ਕਿਲੋ ਦਾਲ਼ ਸਹੀ ਹੱਕਦਾਰਾਂ ਤੱਕ ਨਹੀਂ ਪਹੁੰਚਾਈ ਗਈ। ਸਥਾਨਕ ਕਾਂਗਰਸੀ ਆਗੂਆਂ ਨੇ ਪ੍ਰਸ਼ਾਸਨ ਨਾਲ ਮਿਲੀਭੁਗਤ ਕਰਦਿਆਂ ਧੱਕੇਸ਼ਾਹੀ ਕਰਕੇ ਇਹ ਰਾਸ਼ਨ ਆਪਣੇ ਚਹੇਤਿਆਂ ਤੱਕ ਪਹੁੰਚਾਇਆ ਅਤੇ ਸਹੀ ਹੱਕਦਾਰ ਇਸ ਤੋਂ ਵਾਂਝੇ ਰਹਿ ਗਏ। ਇਸ ਤੋਂ ਇਲਾਵਾ ਕਾਂਗਰਸੀ ਆਗੂਆਂ ਨੇ ਪਾਰਟੀਬਾਜ਼ੀ ਕਰਦਿਆਂ ਸ਼ੋਮਣੀ ਅਕਾਲੀ ਦਲ ਨਾਲ ਸਬੰਧਿਤ ਲੋਕਾਂ ਦੇ ਨੀਲੇ ਕਾਰਡ ਵੀ ਕੱਟ ਦਿੱਤੇ।
ਪੰਜਾਬ ਸਟੇਟ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਤੇ ਐਸ.ਜੀ.ਪੀ.ਸੀ. ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਇੱਕ ਪਾਸੇ ਤਾਂ ਮਹਿੰਗਾਈ ਦੀ ਮਾਰ ਹੈ ਅਤੇ ਪੰਜਾਬ ਦੀ ਸਰਕਾਰ ਨੇ ਬੇਤਹਾਸ਼ਾ ਵੈਟ ਵਧਾਇਆ ਹੋਇਆ ਹੈ ਅਤੇ ਕੇਂਦਰ ਸਰਕਾਰ ਵੱਲੋਂ ਵੀ ਲੋਕਾਂ ਉਤੇ ਟੈਕਸ ਕਾਫ਼ੀ ਵਧਾਏ ਹੋਏ ਹਨ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਕਿ ਦੋਵੇਂ ਸਰਕਾਰਾਂ ਆਪੋ ਆਪਣੇ ਟੈਕਸਾਂ ਵਿੱਚੋਂ ਦਸ-ਦਸ ਰੁਪਏ ਦੀ ਛੂਟ ਦੇ ਕੇ ਲੋਕਾਂ ਨੂੰ ਰਾਹਤ ਪਹੁੰਚਾਉਣ।
ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਨੇ ਕੇਂਦਰ ਵੱਲੋਂ ਭੇਜੇ ਗਏ ਰਾਸ਼ਨ ਵਿੱਚ ਹੋਈ ਕਾਣੀ ਵੰਡ ਦੀ ਜਾਂਚ ਕਰਵਾਉਣ ਅਤੇ ਗਰੀਬ ਲੋਕਾਂ ਦੇ ਕੱਟੇ ਗਏ ਨੀਲੇ ਕਾਰਡ ਮੁੜ ਬਹਾਲ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ ਤੇ ਕਮਲਜੀਤ ਕੌਰ, ਨੰਬਰਦਾਰ ਹਰਸੰਗਤ ਸਿੰਘ ਤੇ ਹਰਵਿੰਦਰ ਸਿੰਘ ਅਤੇ ਕਰਮਜੀਤ ਸਿੰਘ, ਬਲਵਿੰਦਰ ਸਿੰਘ ਲਖਨੌਰ, ਹਰਸੰਗਤ ਸਿੰਘ, ਹਰਸ਼ ਸਰਵਾਰਾ, ਇੰਦਰ ਲਾਂਡਰਾਂ, ਗੁਰੀ ਬੈਦਵਾਨ, ਅਮਨ ਪੂਨੀਆ, ਅੱਛਰ ਸਿੰਘ ਸਾਬਕਾ ਸਰਪੰਚ ਪਿੰਡ ਮੌਲੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…