Nabaz-e-punjab.com

ਕਰੋਨਾਵਾਇਰਸ: ਪੰਚਾਇਤ ਮੰਤਰੀ ਬਾਜਵਾ ਦੇ ਪਰਿਵਾਰਕ ਮੈਂਬਰਾਂ ਦੀ ਰਿਪੋਰਟ ਨੈਗੇਟਿਵ

ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 366 ’ਤੇ ਪੁੱਜੀ, 88 ਮਰੀਜ਼ ਐਕਟਿਵ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੁਲਾਈ:
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਪੂਰੇ ਟੱਬਰ ਦੇ ਕਰੋਨਾ ਮਹਾਮਾਰੀ ਦੇ ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਗੱਲ ਦਾ ਖੁਲਾਸਾ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ ਨੇ ਕੀਤਾ। ਉਨ੍ਹਾਂ ਦੱਸਿਆ ਕਿ ਪੰਚਾਇਤ ਵਿਭਾਗ ਪੰਜਾਬ ਦੇ ਡਾਇਰੈਕਟਰ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਬੀਤੇ ਦਿਨੀਂ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸਮੇਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸੀ। ਜਿਨ੍ਹਾਂ ਦੀ ਰਿਪੋਰਟ ਸਿਹਤ ਵਿਭਾਗ ਨੂੰ ਮਿਲ ਗਈ ਹੈ ਅਤੇ ਸਾਰੇ ਜੀਆਂ ਦੀਆਂ ਰਿਪੋਰਟ ਨੈਗੇਟਿਵ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਇੱਥੋਂ ਦੇ ਫੇਜ਼-8 ਸਥਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ (ਵਿਕਾਸ ਭਵਨ) ਦੇ ਸਮੂਹ ਅਧਿਕਾਰੀਆਂ ਦੇ ਨਮੂਨੇ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸਿਹਤ ਵਿਭਾਗ ਨੇ ਦਫ਼ਤਰ ਦੇ ਉਨ੍ਹਾਂ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਸੂਚੀ ਮੰਗੀ ਗਈ ਹੈ। ਜੋ ਸਿੱਧੇ ਤੌਰ ’ਤੇ ਡਾਇਰੈਕਟਰ ਦੇ ਸੰਪਰਕ ਵਿੱਚ ਸਨ ਜਾਂ ਇਹੀ ਦਿਨੀਂ ਉਨ੍ਹਾਂ ਦੇ ਸੰਪਰਕ ਵਿੱਚ ਆਏ ਸੀ।
ਨੋਡਲ ਅਫ਼ਸਰ ਸ੍ਰੀਮਤੀ ਬਰਾੜ ਨੇ ਦੱਸਿਆ ਕਿ ਵਿਕਾਸ ਭਵਨ ਦੇ ਸਮੂਹ ਅਧਿਕਾਰੀਆਂ ਅਤੇ ਦਫ਼ਤਰੀ ਕਰਮਚਾਰੀਆਂ ਦੇ ਨਮੂਨੇ ਲੈਣ ਅਤੇ ਰਿਪੋਰਟ ਆਉਣ ਤੋਂ ਬਾਅਦ ਸਥਿਤੀ ਸਪੱਸ਼ਟ ਹੋਵੇਗੀ ਪ੍ਰੰਤੂ ਫਿਲਹਾਲ ਕਈ ਅਧਿਕਾਰੀਆਂ ਅਤੇ ਦਫ਼ਤਰੀ ਸਟਾਫ਼ ਨੂੰ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਦਫ਼ਤਰ ਖੁੱਲ੍ਹਣ ’ਤੇ ਸਿਹਤ ਵਿਭਾਗ ਦੀ ਟੀਮ ਦੁਬਾਰਾ ਵਿਕਾਸ ਭਵਨ ਵਿੱਚ ਜਾ ਕੇ ਸੈਂਪਲ ਲਵੇਗੀ। ਕੱਲ੍ਹ ਮੁਹਾਲੀ ਦੇ ਡਿਪਟੀ ਕਮਿਸ਼ਨਰ, ਏਡੀਸੀ ਅਤੇ ਐਸਡੀਐਮ ਦਫ਼ਤਰ ਦੇ ਮੁਲਾਜ਼ਮਾਂ ਦੀ ਰਿਪੋਰਟ ਵੀ ਨੈਗੇਟਿਵ ਆਈ ਸੀ।
ਸ੍ਰੀਮਤੀ ਬਰਾੜ ਨੇ ਦੱਸਿਆ ਕਿ ਅੱਜ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾਵਾਇਰਸ ਤੋਂ ਪੀੜਤ ਦੇ ਚਾਰ ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਉਂਜ ਨਾਲ ਨਾਲ ਪੀੜਤ ਵਿਅਕਤੀ ਠੀਕ ਹੋ ਕੇ ਆਪਣੇ ਘਰ ਵੀ ਪਰਤ ਰਹੇ ਹਨ। ਅੱਜ 15 ਪੀੜਤ ਮਰੀਜ਼ਾਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅੱਜ ਮਿਲੇ ਚਾਰ ਪਾਜ਼ੇਟਿਵ ਮਾਮਲਿਆਂ ਵਿੱਚ ਸ਼ਿਵਾਲਿਕ ਹੋਮ ਖਰੜ ਦੇ ਦੋ ਮਰੀਜ਼, ਪੀਰ ਮੁੱਛਲਾ ਦਾ ਇੱਕ ਮਰੀਜ਼ ਅਤੇ ਪਿੰਡ ਦੁਬਾਲੀ (ਘੜੂੰਆਂ) ਦਾ ਇੱਕ ਮਰੀਜ਼ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਹੁਣ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ ਵੱਧ ਕੇ 366 ’ਤੇ ਪਹੁੰਚ ਗਈ ਹੈ। ਜਿਨ੍ਹਾਂ ’ਚੋਂ 7 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ 271 ਠੀਕ ਹੋ ਚੁੱਕੇ ਹਨ ਜਦੋਂਕਿ ਇਸ ਸਮੇਂ 88 ਐਕਟਿਵ ਕੇਸ ਹਨ। ਇਨ੍ਹਾਂ ਸਾਰਿਆਂ ਦੀ ਹਾਲਤ ਠੀਕ ਹੈ। ਮੈਡੀਕਲ ਟੀਮਾਂ ਵੱਲੋਂ ਲਗਾਤਾਰ ਉਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …