nabaz-e-punjab.com

ਪਾਵਰਕੌਮ ਠੇਕਾ ਮੁਲਾਜ਼ਮਾਂ ਦੀ ਪ੍ਰਬੰਧਕੀ ਡਾਇਰੈਕਟਰ ਨਾਲ ਮੀਟਿੰਗ ਬੇਸਿੱਟਾ ਰਹੀ

ਪਾਵਰਕੌਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਮੁੜ ਸੰਘਰਸ਼ ਵਿੱਢਣ ਦਾ ਐਲਾਨ

ਜੇਕਰ ਕਿਰਤ ਮੰਤਰੀ ਨਾਲ ਬੁੱਧਵਾਰ ਨੂੰ ਹੋਣ ਵਾਲੀ ਮੀਟਿੰਗ ’ਚ ਮੰਗਾਂ ਨਹੀਂ ਮੰਨੀਆਂ ਤਾਂ ਗੁਪਤ ਐਕਸ਼ਨ ਕਰਾਂਗੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੁਲਾਈ:
ਪਾਵਰਕੌਮ ਐਂਡ ਟਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੋਹਰੀ ਆਗੂਆਂ ਦੀ ਪਾਵਰਕੌਮ ਮੈਨੇਜਮੈਂਟ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ। ਜਿਸ ਕਾਰਨ ਕਾਮਿਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੀਟਿੰਗ ਪਾਵਰਕੌਮ ਦੇ ਪ੍ਰਬੰਧਕੀ ਡਾਇਰੈਕਟਰ, ਵਿੱਤ ਡਾਇਰੈਕਟਰ, ਚੀਫ਼ ਇੰਜੀਨੀਅਰ ਅਤੇ ਮੁਲਾਜ਼ਮ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਮੀਤ ਪ੍ਰਧਾਨ ਰਾਜੇਸ਼ ਕੁਮਾਰ, ਜਨਰਲ ਸਕੱਤਰ ਵਰਿੰਦਰ ਸਿੰਘ, ਸਰਕਲ ਪ੍ਰਧਾਨ ਚਮਕੌਰ ਸਿੰਘ ਅਤੇ ਸਕੱਤਰ ਸਰਕਲ ਸਕੱਤਰ ਟੇਕ ਚੰਦ ਹਾਜ਼ਰ ਸਨ। ਬੀਤੇ ਦਿਨੀਂ ਠੇਕਾ ਮੁਲਾਜ਼ਮਾਂ ਨੇ ਪਾਬੰਦੀਆਂ ਦੇ ਬਾਵਜੂਦ ਮੁਹਾਲੀ ਵਿੱਚ ਕਿਰਤ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਸੀ ਅਤੇ ਦੋ ਕਾਮੇ ਮੋਬਾਈਲ ਟਾਵਰ ’ਤੇ ਚੜ੍ਹ ਗਏ ਸੀ। ਮੁਹਾਲੀ ਦੇ ਐਸਪੀ ਸਿਟੀ ਹਰਵਿੰਦਰ ਸਿੰਘ ਵਿਰਕ ਅਤੇ ਡੀਐਸਪੀ ਦੀਪ ਕੰਵਲ ਦੇ ਦਖ਼ਲ ਕਾਰਨ ਟਾਵਰ ’ਤੇ ਚੜ੍ਹੇ ਕਾਮੇ ਥੱਲੇ ਆ ਗਏ ਸੀ ਅਤੇ ਠੇਕਾ ਮੁਲਾਜ਼ਮਾਂ ਨੇ ਰਾਤ ਨੂੰ 9 ਵਜੇ ਲਿਖਤੀ ਭਰੋਸੇ ’ਤੇ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਪਾਵਰਕੌਮ ਦੇ ਪ੍ਰਬੰਧਕੀ ਡਾਇਰੈਕਟਰ ਅਤੇ ਹਫ਼ਤੇ ਬਾਅਦ 22 ਜੁਲਾਈ ਨੂੰ ਕਿਰਤ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇਗੀ।
ਆਗੂਆਂ ਨੇ ਦੱਸਿਆ ਕਿ ਪਾਵਰਕੌਮ ਸੀਐਚਬੀ ਠੇਕਾ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਪਾਵਰਕੌਮ ਮੈਨੇਜਮੈਂਟ, ਕਿਰਤ ਵਿਭਾਗ ਅਤੇ ਪੰਜਾਬ ਸਰਕਾਰ ਨਾਲ ਕਈ ਮੀਟਿੰਗ ਹੋ ਚੁੱਕੀਆਂ ਹਨ। ਕਿਰਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਮੰਗਾਂ ਨੂੰ ਜਾਇਜ਼ ਮੰਨਦਿਆਂ ਜਲਦੀ ਹੱਲ ਕਰਨ ਦੀ ਹਾਮੀ ਭਰੀ ਸੀ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਸਨ ਪ੍ਰੰਤੂ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕਰੋਨਾ ਸੰਕਟ ਦੌਰਾਨ ਪਾਵਰਕੌਮ ਸੀ.ਐੱਚ.ਬੀ ਠੇਕਾ ਕਾਮੇ ਆਪਣੀ ਜਾਨ ਜ਼ੋਖ਼ਮ ਵਿੱਚ ਪਾ ਕੇ ਲਗਾਤਾਰ ਐਮਰਜੈਂਸੀ ਡਿਊਟੀਆਂ ਨਿਭਾ ਰਹੇ ਹਨ ਅਤੇ ਕਰੋਨਾ ਐਮਰਜੈਂਸੀ ਡਿਊਟੀ ਨਿਭਾਉਂਦਿਆਂ ਕਰੰਟ ਲੱਗਣ ਕਾਰਨ 15 ਕਾਮਿਆਂ ਦੀ ਜਾਨ ਚਲੀ ਗਈ ਹੈ ਅਤੇ ਬੀਤੇ ਕੱਲ੍ਹ ਵੀ ਨਵਾਂ ਸ਼ਹਿਰ ਇਲਾਕੇ ਵਿੱਚ ਸੀਐਚਬੀ ਕਰਮਚਾਰੀ ਸੁਖਦੇਵ ਸਿੰਘ ਸੁੱਖਾ (24) ਦੀ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਮੌਤ ਹੋਈ ਜਦੋਂਕਿ ਦਲਜੀਤ ਸਿੰਘ ਹਸਪਤਾਲ ਵਿੱਚ ਜੇਰੇ ਇਲਾਜ ਹੈ। ਇਸ ਦੇ ਬਾਵਜੂਦ ਸਰਕਾਰ ਸੰਘਰਸ਼ਸ਼ੀਲ ਆਗੂਆਂ ’ਤੇ ਪੁਲੀਸ ਦਰਜ ਕਰਕੇ ਉਨ੍ਹਾਂ ਨੂੰ ਸੰਘਰਸ਼ ਕਰਨ ਤੋਂ ਰੋਕ ਰਹੀ ਹੈ। ਉਨ੍ਹਾਂ ਸਪੱਸ਼ਟ ਆਖਿਆ ਕਿ ਜੇਕਰ ਬੁੱਧਵਾਰ ਨੂੰ ਕਿਰਤ ਮੰਤਰੀ ਨਾਲ ਹੋਣ ਵਾਲੀ ਪੈਨਲ ਮੀਟਿੰਗ ਵਿੱਚ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਹ ਫਿਰ ਤੋਂ ਵੱਡੇ ਪੱਧਰ ’ਤੇ ਸੰਘਰਸ਼ ਵਿੱਢਣਗੇ ਅਤੇ ਜਲਦੀ ਹੀ ਕੋਈ ਗੁਪਤ ਐਕਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆਂ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…