ਡੀਸੀ ਦਫ਼ਤਰ ਦੇ ਮੁਲਾਜ਼ਮਾਂ ਨੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟਾਇਆ

ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਵੱਡੇ ਪੱਧਰ ’ਤੇ ਸੰਘਰਸ਼ ਵਿੱਢਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੁਲਾਈ:
ਪੰਜਾਬ ਰਾਜ ਜ਼ਿਲ੍ਹਾ (ਡੀਸੀ) ਦਫ਼ਤਰ ਕਰਮਚਾਰੀ ਯੂਨੀਅਨ ਦੇ ਸੱਦੇ ’ਤੇ ਸੋਮਵਾਰ ਨੂੰ ਮੁਹਾਲੀ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕੇਂਦਰੀ ਤਨਖ਼ਾਹ ਕਮਿਸ਼ਨਰ ਲਾਗੂ ਕਰਨ ਸਬੰਧੀ ਜਾਰੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਵਿਖਾਵਾ ਕੀਤਾ ਅਤੇ ਹੁਕਮਰਾਲਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਨੇ ਕੀਤੀ।
ਇਸ ਮੌਕੇ ਚੇਅਰਮੈਨ ਵਿਜੈ ਪ੍ਰਭਾਕਰ, ਕੁਲਦੀਪ ਚੰਦ, ਪੰਕਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਫੈਸਲਿਆਂ ਪੁਰਾਣੀ ਪੈਨਸ਼ਨ ਸਕੀਮ ਬੰਦ ਕਰਨਾ, ਡੀਏ, ਪੇ ਕਮਿਸ਼ਨ, ਹੋਰ ਵਿੱਤੀ ਲਾਭ ਨਾ ਦੇਣਾ ਅਤੇ ਬੀਤੀ 17 ਜੁਲਾਈ ਨੂੰ ਜਾਰੀ ਮੁਲਾਜ਼ਮ ਮਾਰੂ ਪੱਤਰ (ਜਿਸ ਅਨੁਸਾਰ ਨਵੇਂ ਭਰਤੀ ਕੀਤੇ ਜਾਣ ਵਾਲੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਸਕੇਲਾਂ ਮੁਤਾਬਕ ਤਨਖ਼ਾਹ ਦਿੱਤੀ ਜਾਣੀ ਹੈ) ਦਾ ਤਿੱਖਾ ਵਿਰੋਧ ਕਰਦਿਆਂ ਅੱਜ ਡੀਸੀ ਦਫ਼ਤਰ ਦੇ ਬਾਹਰ ਇਸ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ।
ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਰੁਜ਼ਗਾਰ ਤਾਂ ਕੀ ਦੇਣਾ ਸੀ ਪ੍ਰੰਤੂ ਹੁਕਮਰਾਨ ਪਹਿਲਾਂ ਤੋਂ ਨੌਕਰੀਆਂ ਕਰ ਰਹੇ ਵਿਅਕਤੀਆਂ ਕੋਲੋਂ ਰੁਜ਼ਗਾਰ ਖੋਹਣ ਦੇ ਯਤਨ ਕਰ ਰਹੀ ਹੈ। ਸਰਕਾਰ ਆਪਣੀ ਆਮਦਨ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਕਟੋਤੀ ਕਰਕੇ ਵਧਾਉਣਾ ਚਾਹੁੰਦੀ ਹੈ। ਜੋ ਕਿ ਬਿਲਕੁਲ ਗਲਤ ਹੈ। ਕੋਵਿਡ-19 ਦੇ ਚੱਲਦਿਆਂ ਮੁਲਾਜ਼ਮਾਂ ਵੱਲੋਂ ਆਪਣੀ ਜਾਨ ਜ਼ੋਖ਼ਮ ਵਿੱਚ ਪਾ ਕੇ ਤਨਦੇਹੀ ਨਾਲ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਪ੍ਰੰਤੂ ਇਸ ਦੇ ਬਦਲੇ ਮੁਲਾਜ਼ਮਾਂ ਨੂੰ ਬਣਦਾ ਰਿਵਾਰਡ ਦੇਣ ਦੀ ਬਜਾਏ ਸਰਕਾਰ ਵੱਲੋਂ ਮੁਲਾਜ਼ਮ ਮਾਰੂ ਨੀਤੀਆਂ ਘੜੀਆਂ ਜਾ ਰਹੀਆਂ ਹਨ। ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਸਾਲ 2004 ਦੌਰਾਨ ਕਾਂਗਰਸ ਸਰਕਾਰ ਵੱਲੋਂ ਹੀ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਲਈ ਪੁਰਾਣੀ ਪੈਂਨਸ਼ਨ ਸਕੀਮ ਬੰਦ ਕੀਤੀ ਗਈ ਸੀ ਅਤੇ ਹੁਣ ਨਵੇਂ ਭਰਤੀ ਕੀਤੇ ਜਾਣ ਵਾਲੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਸਕੇਲਾਂ ਮੁਤਾਬਕ ਤਨਖ਼ਾਹ ਦੇਣ ਸਬੰਧੀ ਨੀਤੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਹ ਪੱਤਰ ਵਾਪਸ ਨਹੀਂ ਲਿਆ ਤਾਂ ਕੋਵਿਡ-19 ਮਹਾਮਾਰੀ ਦੀ ਪ੍ਰਵਾਹ ਨਾ ਕਰਦਿਆਂ ਆਉਣ ਵਾਲੇ ਦਿਨਾਂ ਵਿੱਚ ਮੁਲਾਜ਼ਮਾਂ ਵੱਲੋਂ ਆਪਣੇ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ। ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…