Nabaz-e-punjab.com

ਮੁਲਤਾਨੀ ਅਗਵਾ ਕੇਸ: ਸੈਸ਼ਨ ਜੱਜ ਛੁੱਟੀ ’ਤੇ ਹੋਣ ਕਾਰਨ 24 ਜੁਲਾਈ ਤੱਕ ਸੁਣਵਾਈ ਟਲੀ

ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਹੈ ਅਪਰਾਧਿਕ ਮਾਮਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੁਲਾਈ:
ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਅਤੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੋਰਨਾਂ ਸੇਵਾਮੁਕਤ ਪੁਲੀਸ ਅਫ਼ਸਰਾਂ ਖ਼ਿਲਾਫ਼ ਦਰਜ ਅਪਰਾਧਿਕ ਮਾਮਲੇ ਦੀ ਸੁਣਵਾਈ 24 ਜੁਲਾਈ ਤੱਕ ਅੱਗੇ ਟਲ ਗਈ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐਸ ਰਾਏ ਅੱਜ ਛੁੱਟੀ ’ਤੇ ਸਨ। ਜਿਸ ਕਾਰਨ ਅੱਗੇ ਤਰੀਕ ਪੈ ਗਈ।
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਸੈਣੀ ਕੇਸ ਦੀ ਪੈਰਵੀ ਲਈ ਨਿਯੁਕਤ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ, ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ, ਉਪ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਕੁਝ ਦਿਨ ਪਹਿਲਾਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਸੈਣੀ ਖ਼ਿਲਾਫ਼ ਦਰਜ ਕੇਸ ਨਾਲ ਸਬੰਧਤ ਸਾਰੇ ਮਾਮਲੇ ਇੱਕੋ ਅਦਾਲਤ ਵਿੱਚ ਤਬਦੀਲ ਕੀਤੇ ਜਾਣ ਦੀ ਮੰਗ ਕੀਤੀ ਸੀ। ਜਿਸ ਕਾਰਨ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ ਨੇ ਇਹ ਕੇਸ ਜ਼ਿਲ੍ਹਾ ਤੇ ਸੈਸ਼ਨ ਜੱਜ ਕੋਲ ਭੇਜ ਦਿੱਤਾ ਸੀ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਅਤੇ ਪੀੜਤ ਪਰਿਵਾਰ ਦੀ ਅਪੀਲ ’ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਸੈਣੀ ਮਾਮਲੇ ਦੀ ਸੁਣਵਾਈ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤੀ ਸੀ।
ਉਧਰ, ਸਾਬਕਾ ਡੀਜੀਪੀ ਸੁਮੇਧ ਸੈਣੀ ਮਾਮਲੇ ਵਿੱਚ ਨਾਮਜ਼ਦ ਯੂਟੀ ਪੁਲੀਸ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਅਨੋਖ ਸਿੰਘ ਅਤੇ ਜਗੀਰ ਸਿੰਘ ਨੂੰ ਪੱਕੀ ਜ਼ਮਾਨਤ ਦੇਣ ਦੀ ਸੁਣਵਾਈ ਵੀ 24 ਜੁਲਾਈ ਤੱਕ ਟਲ ਗਈ ਹੈ। ਇਹ ਦੋਵੇਂ ਸਾਬਕਾ ਅਧਿਕਾਰੀ ਚੰਡੀਗੜ੍ਹ ਵਿੱਚ ਸੈਣੀ ਨਾਲ ਤਾਇਨਾਤ ਰਹੇ ਹਨ। ਮੁਲਜ਼ਮਾਂ ਨੇ ਆਪਣੇ ਵਕੀਲ ਰਾਹੀਂ ਸਾਂਝੀ ਅਰਜ਼ੀ ਦਾਇਰ ਕਰਕੇ ਪੱਕੀ ਜ਼ਮਾਨਤ ਦੇਣ ਦੀ ਗੁਹਾਰ ਲਗਾਈ ਗਈ ਹੈ। ਜ਼ਿਕਰਯੋਗ ਹੈ ਕਿ ਬੀਤੀ 10 ਜੁਲਾਈ ਨੂੰ ਮੁਹਾਲੀ ਦੀ ਨਵੀਂ ਅਦਾਲਤ ਨੇ ਸੈਣੀ ਨੂੰ ਝਟਕਾ ਦਿੰਦੇ ਹੋਏ ਆਈਪੀਸੀ ਦੀ ਧਾਰਾ 302 ਵਿੱਚ ਪਹਿਲਾਂ ਮਿਲੀ ਜ਼ਮਾਨਤ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…