ਸਿਹਤ ਵਿਭਾਗ ਦੀ ਟੀਮ ਵੱਲੋਂ ਜ਼ੀਰਕਪੁਰ ਵਿੱਚ ਮਿਠਾਈ ਦੀਆਂ ਦੁਕਾਨਾਂ ਦੀ ਜਾਂਚ, ਸੈਂਪਲ ਲਏ

ਮਿਲਾਵਟੀ ਮਿਠਆਈਆਂ ਵੇਚਣ ’ਤੇ ਹੋਵੇਗੀ ਸਖ਼ਤ ਕਾਰਵਾਈ: ਡੀਐਚਓ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਗਸਤ:
ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਲਈ ਸ਼ੁੱਧ, ਸਾਫ਼-ਸੁਥਰੀਆਂ ਅਤੇ ਮਿਆਰੀ ਚੀਜ਼ਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਫੂਡ ਸੇਟਫ਼ੀ ਟੀਮ ਨੇ ਜ਼ੀਰਕਪੁਰ ਵਿਖੇ ਮਿਠਾਈ ਦੀਆਂ ਦੁਕਾਨਾਂ ’ਤੇ ਜਾ ਕੇ ਖਾਣ-ਪੀਣ ਦੀਆਂ ਚੀਜ਼ਾਂ ਦੀ ਜਾਂਚ ਕੀਤੀ ਅਤੇ ਮਿਠਾਈ ਤੇ ਪਨੀਰ ਦੇ ਸੈਂਪਲ ਲਏ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਦੱਸਿਆ ਕਿ ਟੀਮ ਨੇ ਸੜਕਾਂ ਕੰਢੇ ਰੇਹੜੀਆਂ-ਫੜ੍ਹੀਆਂ ਆਦਿ ’ਤੇ ਵੇਚੀਆਂ ਜਾਣ ਵਾਲੀਆਂ ਚੀਜ਼ਾ ਦੀ ਵੀ ਜਾਂਚ ਕੀਤੀ।
ਡਾ. ਸੁਭਾਸ਼ ਸ਼ਰਮਾ ਨੇ ਦਸਿਆ ਕਿ ਉਨ੍ਹਾਂ ਦੀ ਟੀਮ ਨੇ ਚੀਜ਼ਾਂ ਦੀ ਮਿਆਦ ਅਤੇ ਮਿਆਰ ਨੂੰ ਪਰਖਿਆ ਅਤੇ ਨਾਲ ਹੀ ਦੁਕਾਨਦਾਰਾਂ ਨੂੰ ਖਾਣ-ਪੀਣ ਦੀਆਂ ਚੀਜ਼ਾਂ ਦੀ ਸੁਰੱÎਖਿਆ ਅਤੇ ਸੰਭਾਲ ਵਾਸਤੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਜਾਣੂੰ ਕਰਾਇਆ। ਉਨ੍ਹਾਂ ਦੁਕਾਨਦਾਰਾਂ ਨੂੰ ਤਾੜਨਾ ਕੀਤੀ ਕਿ ਮਿਲਾਵਟੀ ਚੀਜ਼ਾਂ ਵੇਚਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਦੁਕਾਨ ਦਾ ਲਾਇਸੈਂਸ ਵੀ ਰੱਦ ਕੀਤਾ ਜਾ ਸਕਦਾ ਹੈ। ਟੀਮ ਨੇ ਮਿਠਾਈ ਦੀਆਂ ਕੁੱਝ ਦੁਕਾਨਾਂ ਦੀ ਰਸੋਈ ਦੀ ਵੀ ਜਾਂਚ ਕੀਤੀ ਅਤੇ ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਯਕੀਨੀ ਕਰਨ ਦੀਆਂ ਹਦਾਇਤਾਂ ਦਿੱਤੀਆਂ। ਦੁਕਾਨਦਾਰਾਂ ਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਮਾਸਕ, ਕੱਪੜੇ, ਰੁਮਾਲ, ਚੁੰਨੀ ਆਦਿ ਨਾਲ ਮੂੰਹ ਢੱਕ ਕੇ ਰੱਖਣਾ ਲਾਜ਼ਮੀ ਹੈ ਅਤੇ ਇਸ ਨਿਯਮ ਦੀ ਉਲੰਘਣਾ ਕਰਨ ਵਾਲੇ ਕੋਲੋਂ ਜੁਰਮਾਨਾ ਵਸੂਲਿਆ ਜਾਵੇਗਾ। ਦੁਕਾਨਦਾਰਾਂ ਨੂੰ ‘ਫੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ’ ਬਾਰੇ ਵੀ ਜਾਣਕਾਰੀ ਦਿਤੀ ਗਈ। ਦੁਕਾਨਦਾਰਾਂ ਨੂੰ ਉਕਤ ਕਾਨੂੰਨ ਤਹਿਤ ਰਜਿਸਟਰੇਸ਼ਨ ਕਰਾਉਣ ਲਈ ਕਿਹਾ ਗਿਆ ਤੇ ਨਾਲ ਹੀ ਉਨ੍ਹਾਂ ਨੂੰ ਸ਼ੁੱਧ, ਮਿਲਾਵਟ-ਰਹਿਤ ਤੇ ਪੌਸ਼ਟਿਕ ਚੀਜ਼ਾਂ ਵੇਚਣ ਦੀ ਹਦਾਇਤ ਦਿਤੀ ਗਈ।
ਮੋਬਾਈਲ ਫੂਡ ਸੇਟਫ਼ੀ ਵੈਨ ਨੇ ਵੱਖ-ਵੱਖ ਦੁਕਾਨਾਂ ਤੋਂ ਖਾਣ-ਪੀਣ ਦੀਆਂ ਚੀਜ਼ਾਂ ਦੇ ਸੈਂਪਲ ਲਏ। ਡੀਐਚਓ ਨੇ ਕਿਹਾ ਕਿ ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਵਲ ਵਿਸ਼ੇਸ਼ ਧਿਆਨ ਦੇਣ ਲਈ ਵੀ ਆਖਿਆ ਗਿਆ। ਉਨ੍ਹਾਂ ਕਿਹਾ ਕਿ ਚੈਕਿੰਗ ਦਾ ਮਤਲਬ ਕਿਸੇ ਨੂੰ ਤੰਗ-ਪਰੇਸ਼ਾਨ ਕਰਨਾ ਨਹੀਂ ਸਗੋਂ ਲੋਕਾਂ ਨੂੰ ਸ਼ੁੱਧ ਤੇ ਮਿਆਰੀ ਦਰਜੇ ਦੇ ਭੋਜਨ ਪਦਾਰਥ ਉਪਲਬਧ ਕਰਾਉਣ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਲੋਕਾਂ ਨੂੰ ਭੋਜਨ ਪਦਾਰਥਾਂ ਦੀ ਗੁਣਵੱਤਾ ਪ੍ਰਤੀ ਕਿਸੇ ਕਿਸਮ ਦਾ ਸਮਝੌਤਾ ਨਾ ਕਰਨ ਦੀ ਅਪੀਲ ਵੀ ਕੀਤੀ। ਟੀਮ ਵਿਚ ਫ਼ੂਡ ਸੇਫ਼ਟੀ ਅਫ਼ਸਰ ਰਾਜਦੀਪ ਕੌਰ ਵੀ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…