ਪਾਵਰਕੌਮ ਠੇਕਾ ਮੁਲਾਜ਼ਮਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਭੁੱਖ-ਹੜਤਾਲ ਸ਼ੁਰੂ

ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼, ਪਾਵਰਕੌਮ ਮੈਨੇਜਮੈਂਟ ਤੇ ਕਿਰਤ ਕਮਿਸ਼ਨਰ ਨੂੰ ਵੀ ਕੋਸਿਆ

ਬਰਖ਼ਾਸਤ ਕਾਮਿਆਂ ਦੀ ਬਹਾਲੀ ਤੇ ਡਿਊਟੀ ਦੌਰਾਨ ਫੌਤ ਹੋਏ ਕਾਮਿਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਗਸਤ:
ਪਾਵਰਕੌਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬੁੱਧਵਾਰ ਨੂੰ ਇੱਥੋਂ ਦੇ ਸੈਕਟਰ-76 ਸਥਿਤ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਸਹਾਇਕ ਕਿਰਤ ਕਮਿਸ਼ਨਰ ਦੇ ਦਫ਼ਤਰਾਂ ਅੱਗੇ ਭੁੱਖ-ਹੜਤਾਲ ਸ਼ੁਰੂ ਕੀਤੀ ਗਈ। ਨਾਲ ਹੀ ਲੇਬਰ ਇੰਸਪੈਕਟਰ ਤੇ ਪਾਵਰਕੌਮ ਦੇ ਦਫ਼ਤਰਾਂ ਅੱਗੇ ਵੀ ਭੁੱਖ-ਹੜਤਾਲ ਕੀਤੀ ਗਈ। ਠੇਕਾ ਕਾਮਿਆਂ ਨੇ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵੱਡਾ ਇਕੱਠਾ ਕਰਨ ਦੀ ਥਾਂ ਸਿਰਫ਼ 5 ਆਗੂ ਹੀ ਭੁੱਖ ਹੜਤਾਲ ’ਤੇ ਬੈਠੇ ਹਨ। ਸੂਬਾ ਪ੍ਰਧਾਨ ਬਲਿਹਾਰ ਸਿੰਘ, ਸਰਕਲ ਪ੍ਰਧਾਨ ਮਨਜਿੰਦਰ ਸਿੰਘ, ਜਸਪਾਲ ਸਿੰਘ ਅਤੇ ਕੁਲਦੀਪ ਸਿੰਘ ਨੇ ਕਿਹਾ ਕਿ ਪਾਵਰਕੌਮ ਸੀਐੱਚਬੀ ਠੇਕਾ ਕਾਮੇ ਕਰੋਨਾ ਸੰਕਟ ਦੌਰਾਨ ਐਮਰਜੈਂਸੀ ਡਿਊਟੀਆਂ ਦੇ ਰਹੇ ਹਨ ਅਤੇ ਬਿਜਲੀ ਸਪਲਾਈ ਸਬੰਧੀ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਵੀ ਹੱਲ ਕਰਨ ਲਈ ਸੇਵਾ ਭਾਵਨਾ ਨਾਲ ਕੰਮ ਕਰ ਰਹੇ ਹਨ, ਪ੍ਰੰਤੂ ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਤੇ ਕਿਰਤ ਮੰਤਰੀ ਵੱਲੋਂ ਠੇਕਾ ਕਾਮਿਆਂ ਨੂੰ ਬਣਦਾ ਮਾਣ ਸਨਮਾਨ ਦੇਣ ਦੀ ਥਾਂ ਠੇਕਾ ਕਾਮਿਆਂ ਦੀਆਂ ਛਾਂਟੀਆਂ ਕਰਕੇ ਉਨ੍ਹਾਂ ਨੂੰ ਬੇਰੁਜ਼ਗਾਰੀ ਦੀ ਭੱਠੀ ਵਿੱਚ ਝੋਕਿਆਂ ਜਾ ਰਿਹਾ ਹੈ।
ਆਗੂਆਂ ਨੇ ਦੱਸਿਆ ਕਿ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਪਾਵਰਕੌਮ ਦੇ ਪ੍ਰਬੰਧਕੀ ਡਾਇਰੈਕਟਰ ਆਰਪੀ ਪਾਂਡਵ ਅਤੇ ਕਿਰਤ ਕਮਿਸ਼ਨਰ ਨਾਲ ਹੋਈਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਜਿਸ ਕਾਰਨ ਠੇਕਾ ਮੁਲਾਜ਼ਮਾਂ ਨੂੰ ਦੁਬਾਰਾ ਸੜਕਾਂ ’ਤੇ ਉੱਤਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਪੀਰੀਅਡ ਦੌਰਾਨ ਐਮਰਜੈਂਸੀ ਡਿਊਟੀ ਨਿਭਾਉਂਦਿਆਂ ਬਿਜਲੀ ਕਰੰਟ ਲੱਗਣ ਕਾਰਨ 15 ਕਾਮਿਆਂ ਦੀ ਜਾਨ ਚਲੀ ਗਈ ਹੈ ਅਤੇ ਕਈ ਠੇਕਾ ਮੁਲਾਜ਼ਮ ਅਪਾਹਜ਼ ਹੋ ਗਏ। ਜਦੋਂਕਿ ਪਿਛਲੇ ਚਾਰ ਸਾਲਾਂ ਵਿੱਚ ਹੁਣ ਤੱਕ 155 ਕਾਮਿਆਂ ਦੀ ਮੌਤ ਹੋ ਚੁੱਕੀ ਹੈ, ਪ੍ਰੰਤੂ ਰਾਜ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਯੋਗ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੌਕਰੀ ਦੇਣ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਫਰੰਟ ਲਾਈਨ ਯੋਧਿਆਂ ਨੂੰ ਸ਼ਾਬਾਸ਼ ਦੇਣ ਦੀ ਬਜਾਏ ਛਾਂਟੀ ਕਰਨ ਦੇ ਰਾਹ ਪੈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਹਾਦਸਾ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ, ਨੌਕਰੀ ਅਤੇ 50 ਲੱਖ ਬੀਮਾ ਘੇਰੇ ਵਿੱਚ ਲਿਆਂਦਾ ਜਾਵੇ। ਨਵੀਂ ਭਰਤੀ ਕਰਨ ਤੋਂ ਪਹਿਲਾਂ ਠੇਕਾ ਕਾਮਿਆਂ ਨੂੰ ਤਜਰਬੇ ਦੇ ਆਧਾਰ ’ਤੇ ਰੈਗੂਲਰ ਕੀਤਾ ਜਾਵੇ। ਉਨ੍ਹਾਂ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਤੇ ਕਿਰਤ ਵਿਭਾਗ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਹੀਂ ਹੋਇਆ ਤਾਂ 10 ਅਗਸਤ ਤੱਕ ਭੁੱਖ ਹੜਤਾਲ ਜਾਰੀ ਰਹੇਗੀ ਅਤੇ 18 ਅਗਸਤ ਨੂੰ ਪਰਿਵਾਰਾਂ ਸਮੇਤ ਕਿਰਤ ਕਮਿਸ਼ਨਰ ਦਫ਼ਤਰ ਦੇ ਬਾਹਰ ਸੂਬਾ ਪੱਧਰੀ ਧਰਨਾ ਦਿੱਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…