ਸਿੱਖਿਆ ਬੋਰਡ ਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਵਿਰੁੱਧ ਅਰਥੀ ਫੂਕ ਮੁਜ਼ਾਹਰਾ

ਆਉਣ ਵਾਲੇ ਦਿਨਾਂ ਵਿੱਚ ਗੁਪਤ ਐਕਸ਼ਨ ਕਰਨ ਅਤੇ ਲੜੀਵਾਰ ਸੰਘਰਸ਼ ਵਿੱਢਣ ਦਾ ਐਲਾਨ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਗਸਤ:
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਅਤੇ ਸਾਂਝਾ ਮੁਲਾਜਮ ਮੰਚ ਵੱਲੋਂ ਮੁਲਾਜ਼ਮ ਵਿਰੋਧੀ ਫੈਸਲਿਆਂ ਖ਼ਿਲਾਫ਼ ਬੁੱਧਵਾਰ ਨੂੰ ਸਕੂਲ ਬੋਰਡ ਤੇ ਪੁੱਡਾ ਲਾਲ ਬੱਤੀ ਚੌਕ ’ਤੇ ਕੈਪਟਨ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਕਨਵੀਨਰ ਪਰਵਿੰਦਰ ਸਿੰਘ ਖੰਗੂੜਾ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪੁਤਲੇ ਸਾੜੇ ਗਏ ਅਤੇ ਹੁਕਮਰਾਨਾਂ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦੇ ਹੋਏ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਦੇ ਰੋਸ ਪ੍ਰਦਰਸ਼ਨ ਦੌਰਾਨ ਕੁੱਝ ਸਮੇਂ ਵਿੱਚ ਇਸ ਸੜਕ ’ਤੇ ਆਵਾਜਾਈ ਵਿੱਚ ਵਿਘਨ ਪਿਆ।
ਇਸ ਮੌਕੇ ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਸੱਜਣ ਸਿੰਘ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂ ਅਮਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਬੁਨਿਆਦੀ ਸਹੂਲਤਾਂ ਤਾਂ ਕੀ ਦੇਣੀਆਂ ਸਨ, ਉਲਟਾ ਪਿਛਲੇ ਸਮਿਆਂ ਦੌਰਾਨ ਵੱਡੇ ਸੰਘਰਸ਼ ਵਿੱਢ ਕੇ ਹਾਸਲ ਕੀਤੀਆਂ ਸਹੂਲਤਾਂ ਅਤੇ ਹੱਕ ਵੀ ਖੋਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨਾਲ ਪੱਖਪਾਤੀ ਰਵੱਈਆ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਆਉਣ ਵਾਲੇ ਦਿਨਾਂ ਵਿੱਚ ਗੁਪਤ ਐਕਸ਼ਨ ਅਤੇ ਲੜੀਵਾਰ ਸੰਘਰਸ਼ ਵਿੱਢਣ ਦਾ ਐਲਾਨ ਕੀਤਾ।
ਇਸ ਮੌਕੇ ਮੁਲਾਜ਼ਮਾਂ ਜਥੇਬੰਦੀਆਂ ਦੇ ਆਗੂ ਸੁਖਚੈਨ ਸਿੰਘ ਸੈਣੀ, ਜਗਜੀਤ ਸਿੰਘ ਖਾਲਸਾ, ਅਮਿਤ ਕਟੋਚ, ਜਸਵੀਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿਪ ਨੇ ਚੋਣਾਂ ਦੌਰਾਨ ਮੁਲਾਜ਼ਮ ਨਾਲ ਕੀਤੇ ਵਾਅਦਿਆਂ ਤੋਂ ਮੂੰਹ ਫੇਰ ਲਿਆ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ਤਨਖ਼ਾਹ ਕਮਿਸ਼ਨ ਦਿੱਤਾ ਜਾਵੇਗਾ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ, ਘਰ ਘਰ ਨੌਕਰੀ ਦਿੱਤੀ ਜਾਵੇਗੀ ਅਤੇ ਕੰਟਰੈਕਟ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਸਿੱਖਿਆ ਬੋਰਡ, ਖੇਤੀਬਾੜੀ ਅਤੇ ਜਲ ਸਰੋਤ ਵਿਭਾਗ ਵਿੱਚ ਸੈਂਕੜੇ ਅਸਾਮੀਆਂ ਖ਼ਤਮ ਕਰਨ ਦੀ ਨਿਖੇਧੀ ਕੀਤੀ।
ਇਸ ਮੌਕੇ ਪੰਚਾਇਤ ਵਿਭਾਗ, ਜਲ ਸਰੋਤ ਵਿਭਾਗ, ਸਿੱਖਿਆ ਵਿਭਾਗ, ਡੀਸੀ ਦਫ਼ਤਰ ਅਤੇ ਸਿੱਖਿਆ ਬੋਰਡ ਤੋਂ ਗੁਰਮੇਲ ਸਿੰਘ ਮੌਜੇਵਾਲ, ਪਰਮਜੀਤ ਸਿੰਘ ਬੈਨੀਪਾਲ, ਹਰਮਨਦੀਪ ਸਿੰਘ ਬੋਪਰਾਏ, ਕੰਵਲਜੀਤ ਗਿੱਲ, ਰਮਨਦੀਪ ਗਿੱਲ, ਸਤਨਾਮ ਸੱਤਾ, ਗੁਰਚਰਨ ਸਿੰਘ, ਬਲਵਿੰਦਰ ਸਿੰਘ ਚਨਾਰਥਲ, ਬਲਵੰਤ ਸਿੰਘ, ਰਵਿੰਦਰ ਕੌਰ ਗਿੱਲ ਅਤੇ ਪਵਨ ਗੋਡਿਆਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…