ਮਰੀਜ਼ ਦੀ ਮੌਤ ਦੇ ਮਾਮਲੇ ਵਿੱਚ ਮਟੌਰ ਥਾਣੇ ’ਚ ਕੇਸ ਦਰਜ, ਜਾਂਚ ਸ਼ੁਰੂ

ਪੀੜਤ ਪਰਿਵਾਰ ਵੱਲੋਂ ਪ੍ਰਾਈਵੇਟ ਹਸਪਤਾਲ ਦੇ ਪ੍ਰਬੰਧਕਾਂ ਤੇ ਡਾਕਟਰਾਂ ’ਤੇ ਅਣਗਹਿਲੀ ਵਰਤਣ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਗਸਤ:
ਮੋਰਿੰਡਾ ਦੇ ਗਲੋਬਲ ਐਨਕਲੇਵ ਦੇ ਵਸਨੀਕ ਬਲਦੇਵ ਸਿੰਘ ਦੀ ਮੌਤ ਦੇ ਸਬੰਧ ਵਿੱਚ ਮੁਹਾਲੀ ਪੁਲੀਸ ਨੇ ਮਟੌਰ ਥਾਣੇ ਵਿੱਚ ਧਾਰਾ 304ਏ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਮ੍ਰਿਤਕ ਦੇ ਬੇਟੇ ਤਰਲੋਚਨ ਸਿੰਘ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਅਕਾਲੀ ਆਗੂ ਅਵਤਾਰ ਸਿੰਘ ਮੌਲੀ ਬੈਦਵਾਨ ਦੀ ਮੌਜੂਦਗੀ ਵਿੱਚ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਉਨ੍ਹਾਂ ਕਿਹਾ ਹੈ ਕਿ ਉਸ ਦੇ ਪਿਤਾ ਨੂੰ ਬੀਤੀ 12 ਅਗਸਤ ਨੂੰ ਪੇਟ ਵਿੱਚ ਦਰਦ ਹੋਣ ’ਤੇ ਘੜੂੰਆਂ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਪ੍ਰੰਤੂ ਇਸ ਦੌਰਾਨ ਉਨ੍ਹਾਂ ਦੇ ਲੀਵਰ ਵਿੱਚ ਜ਼ਿਆਦਾ ਇੰਨਫੈਕਸ਼ਨ ਹੋਣ ਕਾਰਨ ਉਸ ਨੂੰ 15 ਅਗਸਤ ਨੂੰ ਮੁਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਲਾਜ ਦੌਰਾਨ ਉਨ੍ਹਾਂ ਨੂੰ ਆਪਣੇ ਪਿਤਾ ਨਾਲ ਮਿਲਣ ਵੀ ਨਹੀਂ ਜਾਣ ਦਿੱਤਾ ਗਿਆ।
ਹਸਪਤਾਲ ਵਿੱਚ ਉਨ੍ਹਾਂ ਤੋਂ ਪਹਿਲਾਂ 30 ਹਜ਼ਾਰ ਅਤੇ ਫਿਰ 25 ਹਜ਼ਾਰ ਰੁਪਏ ਜਮ੍ਹਾਂ ਕਰਵਾਏ ਗਏ। ਇਸ ਦੌਰਾਨ ਉਨ੍ਹਾਂ ਦਾ ਕਰੋਨਾ ਟੈੱਸਟ ਵੀ ਕੀਤਾ ਗਿਆ ਅਤੇ ਰਿਪੋਰਟ ਨੈਗੇਟਿਵ ਆਈ ਸੀ। ਬਾਅਦ ਵਿੱਚ ਮਰੀਜ਼ ਨੂੰ ਵੈਂਟੀਲੇਟਰ ’ਤੇ ਰੱਖਣ ਲਈ 80 ਹਜ਼ਾਰ ਹੋਰ ਜਮਾਂ ਕਰਵਾਉਣ ਨੂੰ ਕਿਹਾ ਗਿਆ ਪ੍ਰੰਤੂ ਉਸ ਨੇ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਕੋਲ ਇੰਨੇ ਪੈਸੇ ਨਹੀਂ ਹਨ। ਇਸ ਲਈ ਉਸ ਦੇ ਪਿਤਾ ਨੂੰ ਸੈਕਟਰ-32 ਦੇ ਹਸਪਤਾਲ ਵਿੱਚ ਰੈਫਰ ਕੀਤਾ ਜਾਵੇ। ਇਸ ਤਰ੍ਹਾਂ ਪੀੜਤ ਪਰਿਵਾਰ ਦੀ ਅਪੀਲ ’ਤੇ ਬਲਦੇਵ ਸਿੰਘ ਨੂੰ ਸੈਕਟਰ-32 ਦੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ। ਪ੍ਰੰਤੂ ਹਸਪਤਾਲ ਵੱਲੋਂ ਮਰੀਜ਼ ਦੇ ਨਾਲ ਕੋਈ ਟੈਕਨੀਕਲ ਸਟਾਫ਼ ਜਾਂ ਹੋਰ ਮੈਂਬਰ ਨਹੀਂ ਭੇਜਿਆ ਗਿਆ। ਜਦੋਂ ਉਹ ਆਪਣੇ ਪਿਤਾ ਨੂੰ ਲੈ ਕੇ ਚੰਡੀਗੜ੍ਹ ਪਹੁੰਚੇ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਸ਼ਿਕਾਇਤਕਰਤਾ ਅਨੁਸਾਰ ਉਨ੍ਹਾਂ ਨੇ ਹਸਪਤਾਲ ਤੋਂ ਬਾਹਰ ਆ ਕੇ ਐਂਬੂਲੈਂਸ ਨੂੰ ਰੋਕਿਆ ਅਤੇ ਪੁਲੀਸ ਨੂੰ ਮੌਕੇ ’ਤੇ ਸੱਦਿਆ ਗਿਆ। ਪੁਲੀਸ ਵੱਲੋਂ ਮੌਕੇ ’ਤੇ ਪਹੁੰਚ ਕੇ ਐਂਬੂਲੈਂਸ ਵਿੱਚ ਲੱਗੇ ਆਕਸੀਜਨ ਦੇ ਸਲੰਡਰ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਸਲੰਡਰ ਖਾਲੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਉਸ ਦੇ ਪਿਤਾ ਦੀ ਮੌਤ ਹਸਪਤਾਲ ਦੇ ਪ੍ਰਬੰਧਕਾਂ ਅਤੇ ਮੈਡੀਕਲ ਸਟਾਫ਼ ਦੀ ਅਣਗਹਿਲੀ ਅਤੇ ਲਾਪਰਵਾਹੀ ਕਾਰਨ ਹੋਈ ਹੈ। ਲਿਹਾਜ਼ਾ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਫਿਲਹਾਲ ਇਸ ਸਬੰਧੀ ਪੁਲੀਸ ਨੇ ਆਈਪੀਸੀ ਦੀ ਧਾਰਾ 304ਏ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਸਿਟੀ-1 ਗੁਰਸ਼ੇਰ ਸਿੰਘ ਸੰਧੂ ਦਾ ਕਹਿਣਾ ਹੈ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸਬੰਧੀ ਸਿਵਲ ਸਰਜਨ ਨੂੰ ਪੱਤਰ ਭੇਜ ਕੇ ਮੰਗ ਕੀਤੀ ਗਈ ਹੈ ਕਿ ਮ੍ਰਿਤਕ ਦੀ ਮੌਤ ਦਾ ਅਸਲ ਕਾਰਨਾਂ ਬਾਰੇ ਦੱਸਿਆ ਜਾਵੇ। ਸਿਹਤ ਵਿਭਾਗ ਦੀ ਰਿਪੋਰਟ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …