Nabaz-e-punjab.com

ਕਰੋਨਾਵਾਇਰਸ: ਮੁਹਾਲੀ ਵਿੱਚ 147 ਹੋਰ ਨਵੇਂ ਕੇਸ ਸਾਹਮਣੇ ਆਏ, 1 ਮਰੀਜ਼ ਦੀ ਮੌਤ

ਡੀਐਸਪੀ ਗੁਰਸ਼ੇਰ ਸੰਧੂ ਦੀ ਕਰੋਨਾ ਰਿਪੋਰਟ ਪਾਜ਼ੇਟਿਵ, ਦਫ਼ਤਰੀ ਸਟਾਫ਼ ਨੂੰ ਇਕਾਂਤਵਾਸ ’ਚ ਰਹਿਣ ਦੇ ਆਦੇਸ਼

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਗਸਤ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਇਲਾਕੇ ਦੇ ਲੋਕ ਕਾਫੀ ਭੈਅਭੀਤ ਹਨ। ਮੁਹਾਲੀ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ 147 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 2417 ’ਤੇ ਪਹੁੰਚ ਗਈ ਹੈ। ਅੱਜ ਇਕ ਹੋਰ ਕਰੋਨਾ ਪੀੜਤ ਅੌਰਤ ਦੀ ਮੌਤ ਹੋ ਗਈ ਹੈ। ਹੁਣ ਤੱਕ 46 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 39 ਦਿਨਾਂ ਵਿੱਚ 2022 ਨਵੇਂ ਕੇਸ ਸਾਹਮਣੇ ਆ ਚੁੱਕੇ ਹਨ। ਇਸ ਤਰ੍ਹਾਂ ਕਰੋਨਾ ਮੁਕਤ ਐਲਾਨਿਆ ਜਾ ਚੁੱਕਾ ਮੁਹਾਲੀ ਇਕ ਵਾਰ ਫਿਰ ਤੋਂ ਹੌਟਸਪਾਟ ਬਣਦਾ ਜਾ ਰਿਹਾ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 49 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਮੁਹਾਲੀ ਵਿੱਚ ਅੱਜ ਮੁਬਾਰਕਪੁਰ ਦੀ 40 ਸਾਲਾ ਕਰੋਨਾ ਪੀੜਤ ਅੌਰਤ ਦੀ ਮੌਤ ਹੋ ਗਈ ਹੈ। ਉਹ ਜੀਐਮਸੀਐਚ ਪਟਿਆਲਾ ਵਿੱਚ ਦਾਖ਼ਲ ਸੀ ਅਤੇ ਸ਼ੂਗਰ ਤੇ ਹੋਰ ਕਈ ਬਿਮਾਰੀਆਂ ਤੋਂ ਪੀੜਤ ਸੀ। ਸਿਵਲ ਸਰਜਨ ਨੇ ਦੱਸਿਆ ਕਿ ਅੱਜ 132 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰ ਅਤੇ ਆਸ ਪਾਸ ਇਲਾਕੇ ਦੇ 66 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 19, ਜ਼ੀਰਕਪੁਰ ਵਿੱਚ 13, ਡੇਰਾਬੱਸੀ ਵਿੱਚ 9 ਕੇਸ, ਲਾਲੜੂ ਵਿੱਚ 8, ਘੜੂੰਆਂ ਬਲਾਕ ਦੇ ਦਿਹਾਤੀ ਖੇਤਰ ਵਿੱਚ ਤਿੰਨ, ਢਕੌਲੀ ਵਿੱਚ 15 ਅਤੇ ਕੁਰਾਲੀ ਵਿੱਚ 14 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1116 ਨਵੇਂ ਕੇਸ ਐਕਟਿਵ ਹਨ। ਜਦੋਂਕਿ 1255 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।
ਉਧਰ, ਮੁਹਾਲੀ ਦੇ ਡੀਐਸਪੀ (ਸਿਟੀ-1) ਗੁਰਸ਼ੇਰ ਸਿੰਘ ਸੰਧੂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਗੱਲ ਪੁਸ਼ਟੀ ਖ਼ੁਦ ਡੀਐਸਪੀ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦਫ਼ਤਰੀ ਸਟਾਫ਼ ਨੂੰ ਵੀ ਅਗਲੇ ਹੁਕਮਾਂ ਤੱਕ ਆਪੋ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਾਰੇ ਪੁਲੀਸ ਮੁਲਜ਼ਮਾਂ ਨੂੰ ਆਪਣੀ ਮੈਡੀਕਲ ਜਾਂਚ ਕਰਵਾਉਣ ਅਤੇ ਨਮੂਨੇ ਦੇਣ ਲਈ ਕਿਹਾ ਗਿਆ ਹੈ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …