Nabaz-e-punjab.com

ਕਰੋਨਾਵਾਇਰਸ: ਮੁਹਾਲੀ ਵਿੱਚ 144 ਹੋਰ ਨਵੇਂ ਕੇਸ ਸਾਹਮਣੇ ਆਏ, 3 ਦੀ ਮੌਤ, 56 ਨੂੰ ਮਿਲੀ ਛੁਟੀ

ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 2561 ’ਤੇ ਪੁੱਜੀ, 1201 ਐਕਟਿਵ ਕੇਸ, ਹੁਣ ਤੱਕ 49 ਮੌਤਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਗਸਤ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਇਲਾਕੇ ਦੇ ਲੋਕ ਕਾਫੀ ਭੈਅਭੀਤ ਹਨ। ਮੁਹਾਲੀ ਜ਼ਿਲ੍ਹੇ ਵਿੱਚ ਸਨਿਚਰਵਾਰ ਨੂੰ 144 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 2561 ’ਤੇ ਪਹੁੰਚ ਗਈ ਹੈ। ਅੱਜ ਇਕ ਅੌਰਤ ਸਮੇਤ ਤਿੰਨ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਹੁਣ ਤੱਕ 49 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 40 ਦਿਨਾਂ ਵਿੱਚ 2166 ਨਵੇਂ ਕੇਸ ਸਾਹਮਣੇ ਆ ਚੁੱਕੇ ਹਨ। ਇਸ ਤਰ੍ਹਾਂ ਕਰੋਨਾ ਮੁਕਤ ਐਲਾਨਿਆ ਜਾ ਚੁੱਕਾ ਮੁਹਾਲੀ ਇਕ ਵਾਰ ਫਿਰ ਤੋਂ ਹੌਟਸਪਾਟ ਬਣਦਾ ਜਾ ਰਿਹਾ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 56 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਮੁਹਾਲੀ ਵਿੱਚ ਅੱਜ ਤਿੰਨ ਹੋਰ ਕਰੋਨਾ ਪੀੜਤ ਬਜ਼ੁਰਗਾਂ ਦੀ ਮੌਤ ਹੋ ਗਈ ਹੈ। ਇੱਥੋਂ ਦੇ ਪਿੰਡ ਬੜਮਾਜਰਾ ਦੇ 64 ਸਾਲਾ ਬਜ਼ੁਰਗ ਸਥਾਨਕ ਮੈਕਸ ਹਸਪਤਾਲ ਵਿੱਚ ਜੇਰੇ ਇਲਾਜ ਸੀ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋਈ ਹੈ। ਇੰਜ ਪਿੰਡ ਭਬਾਤ ਦੇ 80 ਸਾਲਾ ਬਜ਼ੁਰਗ ਨੇ ਕਮਾਂਡ ਹਸਪਤਾਲ ਵਿੱਚ ਦਮ ਤੋੜ ਦਿੱਤਾ ਜਦੋਂਕਿ ਡੇਰਾਬੱਸੀ ਦੀ 70 ਸਾਲਾ ਅੌਰਤ ਦੀ ਮੌਤ ਹੋਈ ਹੈ। ਉਹ ਜੀਐਮਸੀਐਚ ਪਟਿਆਲਹਾ ਵਿੱਚ ਦਾਖ਼ਲ ਸੀ। ਮਰਨ ਵਾਲੇ ਇਹ ਤਿੰਨੇ ਬਜ਼ੁਰਗ ਪਹਿਲਾਂ ਤੋਂ ਹੀ ਕਈ ਪ੍ਰਕਾਰ ਦੀਆਂ ਬਿਮਾਰੀਆਂ ਤੋਂ ਪੀੜਤ ਸਨ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ 144 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰ ਅਤੇ ਆਸ ਪਾਸ ਇਲਾਕੇ ਦੇ 53 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 35, ਜ਼ੀਰਕਪੁਰ ਵਿੱਚ 9, ਡੇਰਾਬੱਸੀ ਵਿੱਚ 28 ਕੇਸ, ਲਾਲੜੂ ਵਿੱਚ 3, ਬਨੂੜ ਵਿੱਚ ਦੋ, ਘੜੂੰਆਂ ਬਲਾਕ ਵਿੱਚ ਇਕ, ਢਕੌਲੀ ਵਿੱਚ 9 ਅਤੇ ਕੁਰਾਲੀ ਵਿੱਚ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1201 ਨਵੇਂ ਕੇਸ ਐਕਟਿਵ ਹਨ। ਜਦੋਂਕਿ 1311 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…