Nabaz-e-punjab.com

ਮੁਲਤਾਨੀ ਕੇਸ: ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮਿਲੀ ਦੋ ਦਿਨ ਦੀ ਆਰਜ਼ੀ ਰਾਹਤ

ਡਿਊਟੀ ਮੈਜਿਸਟਰੇਟ ਨੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ’ਚ ਰੈਫ਼ਰ ਕੀਤਾ ਕੇਸ, ਸੁਣਵਾਈ 27 ਨੂੰ

ਸੈਣੀ ’ਤੇ 29 ਸਾਲ ਪਹਿਲਾਂ ਨੌਜਵਾਨ ਨੂੰ ਘਰੋਂ ਅਗਵਾ ਕਰਕੇ ਲਿਜਾਉਣ ਤੇ ਮਗਰੋਂ ਗਾਇਬ ਕਰਨ ਦਾ ਦੋਸ਼

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਗਸਤ:
ਸਿਟਕੋ ਦੇ ਜੂਨੀਅਰ ਇੰਜੀਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ ਮੁਹਾਲੀ ਸਥਿਤ ਉਸ ਦੇ ਘਰੋਂ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮੁਹਾਲੀ ਅਦਾਲਤ ਤੋਂ ਅਗਲੇ ਦੋ ਦਿਨਾਂ ਲਈ ਆਰਜ਼ੀ ਰਾਹਤ ਮਿਲ ਗਈ ਹੈ। ਸੁਮੇਧ ਸੈਣੀ ਨੇ ਬੀਤੇ ਕੱਲ੍ਹ ਗ੍ਰਿਫ਼ਤਾਰੀ ਤੋਂ ਬਚਨ ਲਈ ਆਪਣੇ ਵਕੀਲਾਂ ਰਾਹੀਂ ਮੁਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਧਾਰਾ 302 ਵਿੱਚ ਅਗਾਊਂ ਜ਼ਮਾਨਤ ਦੇਣ ਦੀ ਗੁਹਾਰ ਲਗਾਈ ਸੀ।
ਅੱਜ ਡਿਊਟੀ ਮੈਜਿਸਟਰੇਟ ਸੰਜੇ ਅਗਨੀਹੋਤਰੀ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਕਿ ਜਦੋਂ ਡਿਊਟੀ ਜੱਜ ਬਹਿਸ ਨਹੀਂ ਸੁਣ ਰਹੇ ਹਨ ਤਾਂ ਮੁਲਜ਼ਮ ਦੀ ਜ਼ਮਾਨਤ ਕਿਵੇਂ ਹੋ ਸਕਦੀ ਹੈ। ਇਸ ਦਲੀਲ ’ਤੇ ਅਦਾਲਤ ਨੇ ਸੈਣੀ ਦੀ ਗ੍ਰਿਫ਼ਤਾਰੀ ’ਤੇ ਪਹਿਲਾਂ ਲੱਗੀ ਕੱਚੀ ਰੋਕ ਦੀ ਮਿਆਦ ਨੂੰ ਦੋ ਦਿਨ ਹੋਰ (ਐਕਸਟੈਂਡ) ਅੱਗੇ ਵਧਾਉਂਦਿਆਂ ਇਹ ਕੇਸ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿੱਚ ਰੈਫ਼ਰ ਕਰ ਦਿੱਤਾ। ਹੁਣ 27 ਅਗਸਤ ਨੂੰ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੋਵੇਗੀ।
ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਛੇ ਮੁਲਜ਼ਮਾਂ ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ, ਹਰ ਸਹਾਏ ਸ਼ਰਮਾ (69) ਵਾਸੀ ਸੈਕਟਰ-51ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੋਖ ਸਿੰਘ (65) ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਦੇ ਖ਼ਿਲਾਫ਼ ਮਟੌਰ ਥਾਣੇ ਵਿੱਚ ਧਾਰਾ 364, 201, 344, 330, 219 ਅਤੇ 120ਬੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ’ਤੇ 11 ਦਸੰਬਰ 1991 ਨੂੰ ਸਵੇਰੇ ਤੜਕੇ 4 ਵਜੇ ਇੱਥੋਂ ਦੇ ਫੇਜ਼-7 ਸਥਿਤ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿੱਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਚੁੱਕ ਕੇ ਤਸ਼ੱਦਦ ਢਾਹੁਣ ਅਤੇ ਬਾਅਦ ਵਿੱਚ ਗਾਇਬ ਕਰ ਦੇਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਦੋ ਸਾਬਕਾ ਇੰਸਪੈਕਟਰ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਹੁਣ ਸੈਣੀ ਖ਼ਿਲਾਫ਼ ਵਾਅਦਾ ਮੁਆਫ਼ ਗਵਾਹ ਬਣ ਚੁੱਕੇ ਹਨ ਅਤੇ ਇਹ ਦੋਵੇਂ ਸਾਬਕਾ ਅਧਿਕਾਰੀ ਧਾਰਾ 164 ਤਹਿਤ ਅਦਾਲਤ ਵਿੱਚ ਆਪਣੇ ਬਿਆਨ ਵੀ ਦਰਜ ਕਰਵਾ ਚੁੱਕੇ ਹਨ।
ਉਧਰ, ਚੰਡੀਗੜ੍ਹ ਦੇ ਵਸਨੀਕ ਰਾਜੇਸ਼ ਰਾਜਾ ਚਸਮਦੀਦ ਗਵਾਹ ਵਜੋਂ ਅੱਗੇ ਆਏ ਹਨ। ਉਨ੍ਹਾਂ ਬੀਤੇ ਕੱਲ੍ਹ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿੱਚ ਧਾਰਾ 164 ਤਹਿਤ ਆਪਣੇ ਬਿਆਨ ਕਲਮਬੰਦ ਕਰਵਾਏ ਹਨ। ਕਰੀਬ 29 ਸਾਲ ਪਹਿਲਾਂ ਰਾਜੇਸ਼ ਰਾਜਾ ਵੀ ਲੜਾਈ ਝਗੜੇ ਦੇ ਮਾਮਲੇ ਵਿੱਚ ਸੈਕਟਰ-17 ਥਾਣੇ ਦੀ ਹਵਾਲਾਤ ਵਿੱਚ ਬੰਦ ਸੀ। ਉਸੇ ਹਵਾਲਾਤ ਵਿੱਚ ਮੁਲਤਾਨੀ ਵੀ ਬੰਦ ਸੀ। ਰਾਜੇਸ਼ ਨੇ ਵੀ ਆਪਣੇ ਬਿਆਨਾਂ ਵਿੱਚ ਮੁਲਤਾਨੀ ’ਤੇ ਅੰਨੇ੍ਹਵਾਹ ਤਸ਼ੱਦਦ ਕਰਨ ਦੀ ਗੱਲ ਆਖੀ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਮਹਿਲਾ ਚਸ਼ਮਦੀਦ ਗਵਾਹ ਵਜੋਂ ਆਪਣੇ ਬਿਆਨ ਦਰਜ ਕਰਵਾ ਚੁੱਕੀ ਹੈ ਜਦੋਂਕਿ ਪੁਲੀਸ ਕੋਲ ਕਈ ਪੀੜਤ ਵਿਅਕਤੀ ਚਸ਼ਮਦੀਦ ਗਵਾਹ ਬਣਨ ਦੀ ਇੱਛਾ ਪ੍ਰਗਟ ਕਰ ਚੁੱਕੇ ਹਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…