ਮੁਹਾਲੀ ਦੇ ਦੁਕਾਨਦਾਰਾਂ ਤੇ ਛੋਟੇ ਵਪਾਰੀਆਂ ਦੀ ਰੋਜ਼ੀ ਰੋਟੀ ਬਾਰੇ ਵੀ ਸੋਚੇ ਪੰਜਾਬ ਸਰਕਾਰ: ਜੇਪੀ ਸਿੰਘ

ਮਾਰਕੀਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਟਰਾਈਸਿਟੀ ਵਿੱਚ ਇਕ ਫਾਰਮੂਲਾ ਲਾਗੂ ਕਰਨ ’ਤੇ ਜ਼ੋਰ

ਸਨਿੱਚਰਵਾਰ ਅਤੇ ਐਤਵਾਰ ਨੂੰ ਵੀ ਆਮ ਦਿਨਾਂ ਵਾਂਗ ਦੁਕਾਨਾਂ ਖੋਲ੍ਹਣ ਦੇਣ ਦੀ ਇਜਾਜ਼ਤ ਮੰਗੀ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਸਤੰਬਰ:
ਕਰੋਨਾ ਮਹਾਮਾਰੀ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਹਫ਼ਤਾਵਾਰੀ (ਸਨਿੱਚਰਵਾਰ ਅਤੇ ਐਤਵਾਰ) ਦੋ ਦਿਨ ਮੁਕੰਮਲ ਲੌਕਡਾਊਨ ਅਤੇ ਸ਼ਾਮ ਨੂੰ 7 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਕਰਫਿਊ ਲਾਗੂ ਕੀਤਾ ਗਿਆ ਹੈ। ਜਿਸ ਦਾ ਦੁਕਾਨਦਾਰਾਂ ਅਤੇ ਹੋਰ ਛੋਟੇ ਵਪਾਰੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਦੁਕਾਨਦਾਰਾਂ ਨੇ ਅੱਜ ਵੀ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟਾਇਆ।
ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਦੁਕਾਨਦਾਰਾਂ ਅਤੇ ਛੋਟੇ ਵਪਾਰੀਆਂ ਦੀ ਰੋਜ਼ੀ ਰੋਟੀ ਦਾ ਧਿਆਨ ਰੱਖਿਆ ਜਾਵੇ ਅਤੇ ਸਨਿੱਚਰਵਾਰ ਅਤੇ ਐਤਵਾਰ ਨੂੰ ਮੁਹਾਲੀ ਵਿੱਚ ਦੁਕਾਨਾਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਤਿੰਦਰਪਾਲ ਸਿੰਘ ਅਤੇ ਹੋਰਨਾਂ ਦੁਕਾਨਦਾਰਾਂ ਨੇ ਕਿਹਾ ਕਿ 22 ਮਾਰਚ ਨੂੰ ਲੌਕਡਾਊਨ ਅਤੇ ਕਰਫਿਊ ਦੇ ਐਲਾਨ ਦੀ ਸਮੂਹ ਦੁਕਾਨਦਾਰਾਂ ਅਤੇ ਵਪਾਰੀਆਂ ਨੇ ਸਰਕਾਰ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕੀਤੀ ਸੀ। ਹੁਣ ਵੀ ਸਹਿਯੋਗ ਦੇ ਰਹੇ ਹਨ ਪ੍ਰੰਤੂ ਸਰਕਾਰ ਵੱਲੋਂ ਮੁਹਾਲੀ ਦੇ ਦੁਕਾਨਦਾਰਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ, ਮਨੀਮਾਜਰਾ ਅਤੇ ਪੰਚਕੂਲਾ ਵਿੱਚ ਸਨਿੱਚਰਵਾਰ ਅਤੇ ਐਤਵਾਰ ਨੂੰ ਵੀ ਦੁਕਾਨਾਂ ਖੋਲ੍ਹਣ ਦੀ ਪੂਰੀ ਖੁੱਲ੍ਹ ਹੈ ਪ੍ਰੰਤੂ ਮੁਹਾਲੀ ਵਿੱਚ ਵੱਖਰੇ ਕਾਨੂੰਨ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਵੀ ਟਰਾਈਸਿਟੀ ਦਾ ਅਹਿਮ ਹਿੱਸਾ ਹੈ। ਇਸ ਲਈ ਪੂਰੇ ਟਰਾਈਸਿਟੀ ਵਿੱਚ ਇਕੋ ਕਾਨੂੰਨ ਲਾਗੂ ਹੋਣਾ ਚਾਹੀਦਾ ਹੈ।
ਜੇਪੀ ਸਿੰਘ ਨੇ ਕਿਹਾ ਕਿ ਲੌਕਡਾਊਨ\ਕਰਫਿਊ ਕਾਰਨ ਪਿਛਲੇ 6 ਮਹੀਨੇ ਤੋਂ ਦੁਕਾਨਦਾਰਾਂ ਦਾ ਕੰਮ ਠੱਪ ਪਿਆ ਹੈ। ਜਿਸ ਕਾਰਨ ਦੁਕਾਨਦਾਰਾਂ ਨੂੰ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਅਤੇ ਸ਼ੋਅਰੂਮਾਂ ਦਾ ਕਿਰਾਇਆ ਕੱਢਣਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਰੋਨਾ ਪੀਰੀਅਡ ਦੌਰਾਨ ਕਾਫੀ ਲੋਕ ਆਪਣੇ ਕਾਰੋਬਾਰ ਬੰਦ ਕਰ ਚੁੱਕੇ ਹਨ ਅਤੇ ਫੇਜ਼-3ਬੀ2 ਦੀ ਮਾਰਕੀਟ ਵਿੱਚ ਕਾਫੀ ਸ਼ੋਅਰੂਮਾਂ ਦੇ ਉੱਤੇ ਕਿਰਾਏ ਲਈ ਖਾਲੀ ਹੈ, ਦੇ ਬੋਰਡ ਲੱਗੇ ਹੋਏ ਹਨ। ਦੁਕਾਨਦਾਰਾਂ ਨੂੰ ਸ਼ੋਅਰੂਮਾਂ ਅਤੇ ਬੂਥਾਂ ਦੇ ਕਿਰਾਏ, ਬਿਜਲੀ ਪਾਣੀ ਦੇ ਬਿੱਲ, ਹਾਊਸ ਟੈਕਸ, ਨੌਕਰਾਂ ਦੀਆਂ ਤਨਖ਼ਾਹਾਂ ਸਮੇਤ ਹੋਰ ਅਨੇਕਾਂ ਖ਼ਰਚੇ ਪੂਰੇ ਕਰਨੇ ਅੌਖੇ ਹੋ ਗਏ ਹਨ। ਦੁਕਾਨਦਾਰਾਂ ਨੇ ਇਹ ਵੀ ਕਿਹਾ ਕਿ ਉਹ ਸਰਕਾਰ ਅਤੇ ਪ੍ਰਸ਼ਾਸਨ ਨਾਲ ਟਕਰਾਅ ਦੀ ਨੀਤੀ ਨਹੀਂ ਚਾਹੁੰਦੇ ਹਨ, ਪ੍ਰੰਤੂ ਉਨ੍ਹਾਂ ਨੇ ਵੀ ਪਰਿਵਾਰ ਪਾਲਣਾ ਹੈ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …