Nabaz-e-punjab.com

ਕਰੋਨਾਵਾਇਰਸ: ਮੁਹਾਲੀ ਵਿੱਚ 168 ਨਵੇਂ ਮਾਮਲੇ, 3 ਮਰੀਜ਼ਾਂ ਦੀ ਮੌਤ

ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 5274 ’ਤੇ ਪੁੱਜੀ, 2206 ਐਕਟਿਵ ਕੇਸ, 317 ਨੂੰ ਮਿਲੀ ਛੁੱਟੀ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਸਤੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਮੁਹਾਲੀ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ 168 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 5274 ’ਤੇ ਪਹੁੰਚ ਗਈ ਹੈ। ਅੱਜ ਇਕ ਅੌਰਤ ਸਮੇਤ ਤਿੰਨ ਕਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 116 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 317 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਤਿੰਨ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਜਿਨ੍ਹਾਂ ਵਿੱਚ ਮੁਹਾਲੀ ਦਾ 58 ਸਾਲਾ ਪੁਰਸ਼ ਵੀ ਸ਼ਾਮਲ ਹੈ, ਜੋ ਪੀਜੀਆਈ ਵਿੱਚ ਦਾਖ਼ਲ ਸੀ। ਉਹ ਪਹਿਲਾਂ ਤੋਂ ਹੀ ਲੀਵਰ ਅਤੇ ਹੋਰ ਕਈ ਬਿਮਾਰੀਆਂ ਤੋਂ ਪੀੜਤ ਸੀ। ਇੰਜ ਹੀ ਇੱਥੋਂ ਦੇ ਸੋਹਾਣਾ ਹਸਪਤਾਲ ਵਿੱਚ ਦਾਖ਼ਲ ਸੰਨੀ ਇਨਕਲੇਵ ਦੇ ਵਸਨੀਕ 40 ਸਾਲਾ ਪੁਰਸ਼ ਨੇ ਦਮ ਤੋੜ ਦਿੱਤਾ। ਜੀਐਮਸੀਐਚ ਸੈਕਟਰ-32 ਵਿੱਚ ਜੇਰੇ ਇਲਾਜ ਡੇਰਾਬੱਸੀ ਦੀ 70 ਸਾਲਾ ਬਜ਼ੁਰਗ ਅੌਰਤ ਦੀ ਵੀ ਮੌਤ ਹੋ ਗਈ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ 168 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 50 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 36, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 16, ਢਕੌਲੀ ਵਿੱਚ 27, ਬੂਥਗੜ੍ਹ ਬਲਾਕ ਵਿੱਚ ਸੱਤ, ਲਾਲੜੂ ਵਿੱਚ ਇਕ ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ 31 ਨਵੇਂ ਮਾਮਲੇ ਸਾਹਮਣੇ ਆਏ ਹਨ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 2206 ਨਵੇਂ ਕੇਸ ਐਕਟਿਵ ਹਨ। ਜਦੋਂਕਿ 2952 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…