Nabaz-e-punjab.com

ਮੁਲਤਾਨੀ ਕੇਸ: ਮੁਹਾਲੀ ਅਦਾਲਤ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

ਮੁਹਾਲੀ ਪੁਲੀਸ ਨੂੰ 25 ਸਤੰਬਰ ਤੱਕ ਮੁਲਜ਼ਮ ਸੈਣੀ ਨੂੰ ਫੜ ਕੇ ਅਦਾਲਤ ਵਿੱਚ ਪੇਸ਼ ਕਰਨ ਦੇ ਆਦੇਸ਼

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਸਤੰਬਰ:
ਪੰਜਾਬ ਦੇ ਸਾਬਕਾ ਆਈਏਐਸ ਅਤੇ ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਮੁਹਾਲੀ ਸਥਿਤ ਘਰ ਤੋਂ ਅਗਵਾ ਕਰਨ ਤੋਂ ਬਾਅਦ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਕਾਫੀ ਜ਼ਿਆਦਾ ਵਧ ਗਈਆਂ ਹਨ। ਮੁਹਾਲੀ ਅਦਾਲਤ ਵੱਲੋਂ ਪੰਜਾਬ ਪੁਲੀਸ ਦੀ ਅਪੀਲ ’ਤੇ ਸੁਮੇਧ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਅੱਜ ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਅਤੇ ਉਪ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਰਾਹੀਂ ਮੁਹਾਲੀ ਦੇ ਜੁਡੀਸ਼ਲ ਮੈਜਿਸਟਰੇਟ (ਫਸਟ ਕਲਾਸ) ਰਵਤੇਸ ਇੰਦਰਜੀਤ ਸਿੰਘ ਦੀ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਸਾਬਕਾ ਡੀਜੀਪੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਗਈ।
ਅਦਾਲਤ ਨੇ ਵੱਖ-ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਸੁਮੇਧ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਦਿਆਂ ਮੁਹਾਲੀ ਦੇ ਮਟੌਰ ਥਾਣਾ ਦੇ ਐਸਐਚਓ ਨੂੰ ਹੁਕਮ ਦਿੱਤੇ ਗਏ ਕਿ 25 ਸਤੰਬਰ ਤੱਕ ਮੁਲਜ਼ਮ ਸੈਣੀ ਨੂੰ ਗ੍ਰਿਫ਼ਤਾਰ ਕਰਕੇ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਸੁਣਵਾਈ ਦੌਰਾਨ ਸਿੱਟ ਦੇ ਮੁਖੀ ਹਰਮਨਦੀਪ ਸਿੰਘ ਹਾਂਸ, ਡੀਐਸਪੀ ਬਿਕਰਮਜੀਤ ਸਿੰਘ ਬਰਾੜ, ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਅਤੇ ਉਪ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ, ਮਟੌਰ ਥਾਣਾ ਦੇ ਕਾਰਜਕਾਰੀ ਐਸਐਚਓ ਜੈਦੀਪ ਜਾਖੜ ਵੀ ਮੌਜੂਦ ਰਹੇ।
ਸਿੱਟ ਨੇ ਅਦਾਲਤ ਨੂੰ ਦੱਸਿਆ ਕਿ ਬੀਤੀ 6 ਮਈ ਨੂੰ ਸੁਮੇਧ ਸੈਣੀ ਦੇ ਖ਼ਿਲਾਫ਼ ਮਟੌਰ ਥਾਣੇ ਵਿੱਚ ਅਪਰਾਧਿਕ ਕੇਸ ਦਰਜ ਕਰਨ ਤੋਂ ਬਾਅਦ ਪੁਲੀਸ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਸੀ ਪ੍ਰੰਤੂ ਬਾਅਦ ਵਿੱਚ ਉਸ ਨੇ ਜ਼ਮਾਨਤ ਹਾਸਲ ਕਰ ਲਈ ਸੀ ਲੇਕਿਨ ਵਾਅਦਾ ਮੁਆਫ਼ ਗਵਾਹ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨਾਂ ਤੋਂ ਬਾਅਦ ਵਿਸ਼ੇਸ਼ ਅਦਾਲਤ ਦੇ ਹੁਕਮਾਂ ’ਤੇ ਸੈਣੀ ਖ਼ਿਲਾਫ਼ ਧਾਰਾ 302 ਦੇ ਜੁਰਮ ਦੇ ਜੁਰਮ ਦਾ ਵਾਧਾ ਕੀਤਾ ਗਿਆ ਸੀ। ਇਸ ਸਬੰਧੀ ਜ਼ਿਲ੍ਹਾ ਅਦਾਲਤ ਅਤੇ ਹਾਈ ਕੋਰਟ ਵੱਲੋਂ ਮੁਲਜ਼ਮ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕੀਤੀ ਜਾ ਚੁੱਕੀ ਹੈ।
ਮੁਹਾਲੀ ਪੁਲੀਸ ਵੱਲੋਂ ਮੁਲਜ਼ਮ ਦੀ ਭਾਲ ਵਿੱਚ ਉਸ ਦੇ ਜੱਦੀ ਪਿੰਡ ਖੁੱਡਾ ਕਰਾਲਾ (ਹੁਸ਼ਿਆਰਪੁਰ), ਸੋਹਾਣਾ ਸਮੇਤ ਚੰਡੀਗੜ੍ਹ, ਦਿੱਲੀ, ਹਿਮਾਚਲ ਪ੍ਰਦੇਸ਼ ਦੇ ਮੰਡੀ ਇਲਾਕਾ ਅਤੇ ਜੰਮੂ-ਕਸ਼ਮੀਰ ਆਦਿ ਇਲਾਕਿਆਂ ਇਲਾਕਿਆਂ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਲੇਕਿਨ ਹੁਣ ਤੱਕ ਉਹ ਪੁਲੀਸ ਦੇ ਹੱਥ ਨਹੀਂ ਲੱਗਿਆ ਅਤੇ ਨਾ ਹੀ ਉਸ ਨੇ ਖ਼ੁਦ ਹੀ ਆਤਮ ਸਮਰਪਣ ਕੀਤਾ ਹੈ। ਮੁਲਜ਼ਮ ਦੇ ਕਾਰੋਬਾਰੀ ਦੋਸਤ ਦੇ ਘਰ ਅਤੇ ਹੋਰਨਾਂ ਟਿਕਾਣਿਆਂ ’ਤੇ ਵੀ ਛਾਪੇਮਾਰੀ ਕੀਤੀ ਗਈ ਹੈ ਪ੍ਰੰਤੂ ਹੁਣ ਤੱਕ ਉਸ ਦੇ ਬਾਰੇ ਕੋਈ ਸੁਰਾਗ ਨਹੀਂ ਮਿਲਿਆ। ਲਿਹਾਜ਼ਾ ਮੁਲਜ਼ਮ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਜਾਣ। ਅਦਾਲਤ ਨੇ ਵੱਖ-ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਸਾਬਕਾ ਪੁਲੀਸ ਮੁਖੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ।
ਉਧਰ, ਪੁਲੀਸ ਦੀ ਇਕ ਵਿਸ਼ੇਸ਼ ਟੀਮ ਵੱਲੋਂ ਪਿਛਲੇ ਦਿਨੀਂ ਨਵੀਂ ਦਿੱਲੀ ਵਿੱਚ ਸੈਣੀ ਦੀ ਪਤਨੀ ਅਤੇ ਬੇਟੀ ਤੋਂ ਪੁੱਛਗਿੱਛ ਕੀਤੀ ਗਈ। ਪਰਿਵਾਰ ਦਾ ਕਹਿਣਾ ਹੈ ਕਿ ਉਹ (ਸੈਣੀ) ਪਿਛਲੇ ਕਾਫੀ ਦਿਨਾਂ ਤੋਂ ਉਨ੍ਹਾਂ ਦੇ ਸੰਪਰਕ ਵਿੱਚ ਨਹੀਂ ਹੈ ਅਤੇ ਪਰਿਵਾਰ ਨੂੰ ਉਨ੍ਹਾਂ ਦੀ ਮੌਜੂਦਗੀ ਬਾਰੇ ਕੋਈ ਜਾਣਕਾਰੀ ਨਹੀਂ ਹੈ। ਅਦਾਲਤ ਵੱਲੋਂ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰਨ ਤੋਂ ਬਾਅਦ ਉਹ ਆਪਣੀ ਜ਼ੈੱਡ ਪਲੱਸ ਸੁਰੱਖਿਆ ਛੱਡ ਕੇ ਅਚਾਨਕ ਰੂਪੋਸ਼ ਹੋ ਗਏ ਹਨ। ਹਾਲਾਂਕਿ ਬੀਤੇ ਦਿਨੀਂ ਸਾਬਕਾ ਡੀਜੀਪੀ ਨੇ ਅਗਾਊਂ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਗਿਆ ਹੈ ਪ੍ਰੰਤੂ ਸ਼ੁੱਕਰਵਾਰ ਨੂੰ ਦੇਸ਼ ਦੀ ਸਭ ਤੋਂ ਵੱਡੀ ਨੇ ਪਟੀਸ਼ਨ ਵਿੱਚ ਵੱਡੇ ਪੱਧਰ ’ਤੇ ਤਰੁੱਟੀਆਂ ਹੋਣ ਕਾਰਨ ਫਾਈਲ ਵਾਪਸ ਮੋੜ ਦਿੱਤੀ ਹੈ। ਜਿਸ ਕਾਰਨ ਮੁਲਜ਼ਮ ਦੀ ਚਿੰਤਾ ਕਾਫੀ ਵਧ ਗਈ ਹੈ।
ਸੈਣੀ ਨੇ ਆਪਣੇ ਵਕੀਲਾਂ ਰਾਹੀਂ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਚੁਨੌਤੀ ਦਿੱਤੀ ਗਈ ਸੀ। ਦੱਸਿਆ ਗਿਆ ਹੈ ਕਿ ਸਾਬਕਾ ਪੁਲੀਸ ਅਧਿਕਾਰੀ ਦੀ ਅਗਾਊਂ ਜ਼ਮਾਨਤ ਅਰਜ਼ੀ ਨਾਲ ਨੱਥੀ ਹਲਫ਼ਨਾਮਾ ਕਿਸੇ ਸਮਰੱਥ ਅਧਿਕਾਰੀ ਕੋਲੋਂ ਤਸਦੀਕ ਨਹੀਂ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਪਟੀਸ਼ਨ ਵਿੱਚ ਹੋਰ ਵੀ ਕਈ ਉਣਤਾਈਆਂ\ਤਰੁੱਟੀਆਂ ਇਸ ਤਰ੍ਹਾਂ ਸੈਣੀ ਵੱਲੋਂ ਦਾਇਰ ਹਲਫ਼ਨਾਮਾ ਤਸਦੀਕ ਕਰਨ ਅਤੇ ਪਟੀਸ਼ਨ ਵਿਚਲੀਆਂ ਤਰੁੱਟੀਆਂ ਦੂਰ ਕਰਨ ਨੂੰ ਕੁੱਝ ਹੋਰ ਸਮਾਂ ਲੱਗ ਸਕਦਾ ਹੈ। ਅੱਜ ਵੀ ਪੁਲੀਸ ਦੀਆਂ ਟੀਮਾਂ ਨੇ ਕਾਫੀ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ ਲੇਕਿਨ ਖ਼ਬਰ ਲਿਖੇ ਜਾਣ ਤੱਕ ਸੈਣੀ ਬਾਰੇ ਕੋਈ ਪੁਲੀਸ ਨੂੰ ਉੱਗ ਸੁੱਗ ਨਹੀਂ ਮਿਲੀ ਹੈ। ਸਾਬਕਾ ਡੀਜੀਪੀ ਦਾ ਫੋਨ ਵੀ ਬੰਦ ਆ ਰਿਹਾ ਹੈ। ਪੁਲੀਸ ਨੇ ਹੁਣ ਸੈਣੀ ਦੇ ਦੋਸਤਾਂ ਅਤੇ ਨਜ਼ਦੀਕੀ ਰਿਸ਼ਤੇਦਾਰਾਂ ’ਤੇ ਵੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ। ਸਿੱਟ ਦੇ ਇਕ ਮੈਂਬਰ ਦਾ ਕਹਿਣਾ ਹੈ ਕਿ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਹੁਣ ਕੋਈ ਆਮ ਨਾਗਰਿਕ ਵੀ ਮੁਲਜ਼ਮ ਨੂੰ ਫੜ ਕੇ ਪੁਲੀਸ ਜਾਂ ਅਦਾਲਤ ਦੇ ਹਵਾਲੇ ਕਰ ਸਕਦਾ ਹੈ। ਪੁਲੀਸ ਨੇ ਲੋਕਾਂ ਤੋਂ ਵੀ ਸਹਿਯੋਗ ਦੀ ਮੰਗ ਕਰਦਿਆਂ ਸੈਣੀ ਦੇ ਟਿਕਾਣੇ ਬਾਰੇ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…