Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 134 ਨਵੇਂ ਮਾਮਲੇ, 4 ਮੌਤਾਂ

ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 8362 ’ਤੇ ਪੁੱਜੀ, 2635 ਐਕਟਿਵ ਕੇਸ, 112 ਨੂੰ ਮਿਲੀ ਛੁੱਟੀ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਸਤੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਮੁਹਾਲੀ ਜ਼ਿਲ੍ਹੇ ਵਿੱਚ ਐਤਵਾਰ ਨੂੰ 134 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 8362 ’ਤੇ ਪਹੁੰਚ ਗਈ ਹੈ। ਅੱਜ ਇਕ ਅੌਰਤ ਸਮੇਤ ਚਾਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 161 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 112 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਚਾਰ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇੱਥੋਂ ਦੇ ਨਜ਼ਦੀਕੀ ਪਿੰਡ ਬਲੌਂਗੀ ਦੇ 65 ਸਾਲਾ ਪੁਰਸ਼ ਦੀ ਮੌਤ ਹੋ ਗਈ। ਉਹ ਜੀਐਮਸੀਐਚ ਪਟਿਆਲਾ ਵਿੱਚ ਦਾਖ਼ਲ ਸੀ। ਇਸੇ ਹਸਪਤਾਲ ਵਿੱਚ ਜੇਰੇ ਇਲਾਜ ਪਿੰਡ ਬਹੇੜਾ ਦੇ 40 ਸਾਲਾ ਵਿਅਕਤੀ ਨੇ ਦਮ ਤੋੜ ਦਿੱਤਾ। ਅਮਰ ਹਸਪਤਾਲ ਮੁਹਾਲੀ ਵਿੱਚ ਦਾਖ਼ਲ ਪਿੰਡ ਰਾਮਪੁਰ ਸੈਣੀਆਂ ਦੇ 75 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਇੰਜ ਹੀ ਪਿੰਡ ਢਕੌਲੀ ਦੀ 46 ਸਾਲਾ ਅੌਰਤ ਦੀ ਮੌਤ ਹੋ ਗਈ। ਉਹ ਪੰਚਕੂਲਾ ਹਸਪਤਾਲ ਵਿੱਚ ਦਾਖ਼ਲ ਸੀ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ 134 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 49 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 24, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 20, ਢਕੌਲੀ ਵਿੱਚ 23, ਬੂਥਗੜ੍ਹ ਵਿੱਚ 2, ਕੁਰਾਲੀ ਵਿੱਚ 5, ਲਾਲੜੂ ਵਿੱਚ 5 ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 2635 ਨਵੇਂ ਕੇਸ ਐਕਟਿਵ ਹਨ। ਜਦੋਂਕਿ 5566 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…