ਸਿੱਖਿਆ ਬੋਰਡ ਦੇ ਬਾਹਰ ਲੜੀਵਾਰ ਭੁੱਖ ਹੜਤਾਲ 14ਵੇਂ ਦਿਨ ਵਿੱਚ ਦਾਖ਼ਲ

ਮੁਲਜ਼ਮਾਂ ਤੇ ਪੈਨਸ਼ਨਰਜ਼ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ, ਅੱਜ ਉਲੀਕੀ ਜਾਵੇਗੀ ਅਗਲੇ ਸੰਘਰਸ਼ ਦੀ ਰੂਪਰੇਖਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਸਤੰਬਰ:
ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਤੇ ਯੂਟੀ ਐਂਪਲਾਈਜ਼ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸਿੱਖਿਆ ਬੋਰਡ ਦੇ ਬਾਹਰ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ ਮੰਗਲਵਾਰ ਨੂੰ 14ਵੇਂ ਦਿਨ ਵਿੱਚ ਦਾਖ਼ਲ ਹੋ ਗਈ। ਮੁਲਾਜ਼ਮ ਆਗੂ ਡਾ. ਹਜ਼ਾਰਾ ਸਿੰਘ ਚੀਮਾ ਅਤੇ ਕਰਤਾਰ ਸਿੰਘ ਪਾਲ ਨੇ ਅੱਜ ਤਰਸੇਮ ਸਿੰਘ, ਰਾਜਿੰਦਰ ਸਿੰਘ, ਅਸ਼ੋਕ ਅਲੀ, ਮੱਖਣ ਸਿੰਘ ਅਤੇ ਗੁਰਨਾਮ ਸਿੰਘ ਨੂੰ ਗਲਾ ’ਚ ਫੁੱਲਾਂ ਦੇ ਹਾਰ ਪਾ ਕੇ ਭੁੱਖ ਹੜਤਾਲ ’ਤੇ ਬਿਠਾਇਆ। ਇਸ ਮੌਕੇ ਸੂਬਾਈ ਕਨਵੀਨਰ ਸੱਜਣ ਸਿੰਘ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਕਰਮ ਸਿੰਘ ਧਨੋਆ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਸੰਘਰਸ਼ਸ਼ੀਲ ਮੁਲਾਜ਼ਮਾਂ ਦਾ ਹੌਸਲਾ ਵਧਾਇਆ ਅਤੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਗੁਲਜ਼ਾਰ ਸਿੰਘ ਡੇਰਾਬੱਸੀ, ਹਜ਼ਾਰਾ ਸਿੰਘ ਚੀਮਾ, ਜਗਦੀਸ਼ ਸਿੰਘ ਸਰਾਓ, ਸਵਰਨ ਸਿੰਘ ਦੇਸੂਮਾਜਰਾ, ਕਰਮਾ ਪੁਰੀ, ਪ੍ਰੇਮ ਚੰਦ ਸ਼ਰਮਾ, ਜਨਕ ਸਿੰਘ ਰਸਨਹੇੜੀ, ਸਤ ਪ੍ਰਕਾਸ਼, ਹਾਊਸਫੈੱਡ ਤੋਂ ਕਾਕਾ ਸਿੰਘ, ਖੇਤੀ ਭਵਨ ਤੋਂ ਜਮਨਾ ਸਿੰਘ, ਸਿੱਖਿਆ ਬੋਰਡ ਦੇ ਪੈਨਸ਼ਨਰਜ਼ ਆਗੂ ਅਮਰ ਸਿੰਘ ਧਾਲੀਵਾਲ, ਗਿਆਨ ਸਿੰਘ ਬਡਹੇੜੀ ਅਤੇ ਕਰਤਾਰ ਸਿੰਘ ਪਾਲ ਨੇ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਵੱਲੋਂ ਵਾਰ ਵਾਰ ਮੀਟਿੰਗਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਸਬੰਧੀ ਝੂਠੇ ਵਾਅਦੇ ਕਰਕੇ ਲਗਾਤਾਰ ਟਾਲਾ ਵੱਟਿਆ ਜਾ ਰਿਹਾ ਹੈ।
ਆਗੂਆਂ ਨੇ ਮੁਲਾਜ਼ਮ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ, 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਦਾ ਲਾਭ ਦੇਣਾ, ਨਵੀਂ ਨਿਯੁਕਤੀ ’ਤੇ ਕੇਂਦਰੀ ਤਨਖ਼ਾਹ ਸਕੇਲ ਦੇਣ ਦਾ ਫੈਸਲਾ ਰੱਦ ਕਰਨਾ, 2016 ਵਿੱਚ ਅਸੈਂਬਲੀ ਵਿੱਚ ਪਾਸ ਕੀਤੇ ਐਕਟ ਅਨੁਸਾਰ ਠੇਕਾ ਤੇ ਆਊਟਸੋਰਸ ਅਤੇ ਵਰਕਚਾਰਜ ਕਰਮਚਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਸਬੰਧਤ ਵਿਭਾਗਾਂ ਵਿੱਚ ਪੱਕੇ ਕਰਨਾ, ਡੀਏ ਦੀਆਂ ਬਾਕੀ ਰਹਿੰਦੀਆਂ ਕਿਸ਼ਤਾਂ ਅਤੇ ਬਕਾਇਆ ਦੇਣਾ, ਵਿਕਾਸ ਟੈਕਸ ਦੇ ਨਾਂ ’ਤੇ ਹੋ ਰਹੀ 2400 ਦੀ ਕਟੌਤੀ ਬੰਦ ਕਰਨਾ ਅਤੇ ਹੋਰ ਜਾਇਜ਼ ਮੰਗਾਂ ਦੀ ਪੂਰਤੀ ਤੱਕ ਸਾਂਝੇ ਫਰੰਟ ਵੱਲੋਂ ਲੜੀਵਾਰ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਭਲਕੇ ਬੁੱਧਵਾਰ ਨੂੰ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…