Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 134 ਨਵੇਂ ਮਾਮਲੇ, 5 ਮੌਤਾਂ

ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 10387 ’ਤੇ ਪੁੱਜੀ, 1724 ਐਕਟਿਵ ਕੇਸ, 240 ਨੂੰ ਮਿਲੀ ਛੁੱਟੀ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਸਤੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਮੁਹਾਲੀ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ 134 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 10 ਹਜ਼ਾਰ 387 ’ਤੇ ਪਹੁੰਚ ਗਈ ਹੈ। ਅੱਜ ਪੰਜ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 194 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 240 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਪੰਜ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇੱਥੋਂ ਦੇ ਫੇਜ਼-3 ਦੇ ਵਸਨੀਕ 70 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਉਹ ਸਥਾਨਕ ਆਈਵੀਵਾਈ ਹਸਪਤਾਲ ਵਿੱਚ ਦਾਖ਼ਲ ਸੀ। ਸੋਹਾਣਾ ਚੈਰੀਟੇਬਲ ਹਸਪਤਾਲ ਵਿੱਚ ਦਾਖ਼ਲ ਸੈਕਟਰ-78 ਦੇ ਵਸਨੀਕ 66 ਸਾਲਾ ਬਜ਼ੁਰਗ ਨੇ ਦਮ ਤੋੜ ਦਿੱਤਾ। ਪਿੰਡ ਚੋਲਟਾ ਖੁਰਦ ਦੇ 61 ਸਾਲਾ ਪੁਰਸ਼ ਦੀ ਰਜਿੰਦਰ ਹਸਪਤਾਲ ਪਟਿਆਲਾ ਵਿੱਚ ਮੌਤ ਹੋ ਗਈ। ਇਸੇ ਹਸਪਤਾਲ ਵਿੱਚ ਜੇਰੇ ਇਲਾਜ ਦੱਪਰ ਦੀ 52 ਸਾਲਾ ਅੌਰਤ ਵੀ ਚੱਲ ਵਸੀ। ਫੋਰਟਿਸ ਹਸਪਤਾਲ ਵਿੱਚ ਦਾਖ਼ਲ ਦਸਮੇਸ਼ ਨਗਰ ਖਰੜ ਦੀ 75 ਸਾਲਾ ਅੌਰਤ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਮਰੀਜ਼ ਪਹਿਲਾਂ ਤੋਂ ਕਿਡਨੀ, ਡਾਇਲਾਸਿਸ, ਦਿਲ ਦੇ ਰੋਗ ਸਮੇਤ ਹੋਰਨਾਂ ਬਿਮਾਰੀਆਂ ਤੋਂ ਪੀੜਤ ਸਨ।
ਡੀਸੀ ਨੇ ਦੱਸਿਆ ਕਿ ਅੱਜ 134 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 101 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 5, ਲਾਲੜੂ ਵਿੱਚ 1, ਘੜੂੰਆਂ ਵਿੱਚ 2, ਬੂਥਗੜ੍ਹ ਵਿੱਚ 4, ਢਕੌਲੀ ਇਲਾਕੇ ਵਿੱਚ 12, ਬਨੂੜ ਵਿੱਚ 1 ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ 8 ਨਵੇਂ ਮਾਮਲੇ ਸਾਹਮਣੇ ਆਏ ਹਨ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1724 ਨਵੇਂ ਕੇਸ ਐਕਟਿਵ ਹਨ। ਜਦੋਂਕਿ ਹੁਣ ਤੱਕ 8469 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …