Share on Facebook Share on Twitter Share on Google+ Share on Pinterest Share on Linkedin ਜਨਤਾ ਦਲ (ਯੂਨਾਈਟਿਡ) ਦੇ ਆਗੂਆਂ ਵੱਲੋਂ ਢੀਂਡਸਾ ਧੜੇ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਪੰਜਾਬ ਦੀ ਖ਼ੁਸ਼ਹਾਲੀ ਤੇ ਤਰੱਕੀ ਲਈ ਸਾਰੇ ਦਲਾਂ ਨੂੰ ਇਕੱਠੇ ਹੋਣ ਦੀ ਲੋੜ: ਸੁਖਦੇਵ ਢੀਂਡਸਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਕਤੂਬਰ: ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਅਤੇ ਭ੍ਰਿਸ਼ਟਾਚਾਰੀ ਨਿਜ਼ਾਮ ਬਦਲਣ ਲਈ ਜਨਤਾ ਦਲ (ਯੂਨਾਈਟਿਡ) ਦੇ ਆਗੂਆਂ ਅਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਇਕੱਠੇ ਸਿਆਸੀ ਪਾਰੀ ਖੇਡਣ ਲਈ ਹੱਥ ਮਿਲਾ ਲਏ ਹਨ। ਜਨਤਾ ਦਲ ਦੇ ਪ੍ਰਧਾਨ ਮਾਲਵਿੰਦਰ ਸਿੰਘ ਬੈਨੀਪਾਲ ਅਤੇ ਹੋਰਨਾਂ ਆਗੂਆਂ ਨੇ ਬੁੱਧਵਾਰ ਨੂੰ ਇੱਥੋਂ ਦੇ ਸੈਕਟਰ-82 ਸਥਿਤ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਮੁੱਖ ਦਫ਼ਤਰ ਵਿੱਚ ਪਹੁੰਚ ਕੇ ਸ੍ਰੀ ਢੀਂਡਸਾ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਰਸਮੀ ਐਲਾਨ ਕੀਤਾ। ਇਸ ਮੌਕੇ ਬੋਲਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਦੇਸ਼ ਦੇ ਸੰਘੀ ਢਾਂਚੇ ਨੂੰ ਬਚਾਉਣ ਲਈ ਸਾਰੇ ਹਮਖ਼ਿਆਲੀ ਦਲਾਂ ਨੂੰ ਇਕੱਠੇ ਹੋਣ ਦੀ ਲੋੜ ਹੈ ਤਾਂ ਜੋ ਸੂਬੇ ਦੇ ਹੱਕ ਸੁਰੱਖਿਅਤ ਰੱਖੇ ਜਾ ਸਕਣ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਹਮੇਸ਼ਾ ਹੀ ਪੰਜਾਬ ਸਮੇਤ ਗੁਆਂਢੀ ਸੂਬਿਆਂ ਦੇ ਹੱਕਾਂ ਉੱਤੇ ਡਾਕਾ ਮਾਰਦੀਆਂ ਰਹੀਆਂ ਹਨ ਜਦੋਂਕਿ ਖੇਤਰੀ ਪਾਰਟੀਆਂ ਨੇ ਹਮੇਸ਼ਾ ਹੀ ਸੂਬਿਆਂ ਨੂੰ ਵੱਧ ਅਧਿਕਾਰਾਂ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਖੇਤੀ ਬਿੱਲ ਲਿਆ ਕੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ, ਜੋ ਸਰਾਸਰ ਗਲਤ ਅਤੇ ਲੋਕਤੰਤਰ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਦੇਸ਼ ਦੇ ਭੰਡਾਰ ਦੀ 70 ਤੋਂ 80 ਫੀਸਦੀ ਮੰਗ ਨੂੰ ਪੂਰਾ ਕਰਨ ਵਾਲਾ ਪੰਜਾਬ ਦਾ ਕਿਸਾਨ ਆਪਣੇ ਹੱਕਾਂ ਲਈ ਸੜਕਾਂ ’ਤੇ ਧਰਨੇ ਲਗਾਉਣ ਲਈ ਮਜਬੂਰ ਹਨ ਪ੍ਰੰਤੂ ਹੁਕਮਰਾਨ ਉਨ੍ਹਾਂ ਦੀ ਗੱਲ ਤੱਕ ਸੁਣਨ ਨੂੰ ਤਿਆਰ ਨਹੀਂ ਹਨ। ਮਾਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਇਸ ਸਮੇਂ ਦੇਸ਼ ਬੜੇ ਨਾਜ਼ੁਕ ਦੌਰ ’ਚੋਂ ਗੁਜ਼ਰ ਰਿਹਾ ਹੈ ਅਤੇ ਸਾਰੇ ਦਲ ਇੱਕ ਝੰਡੇ ਹੇਠ ਇਕੱਠੇ ਹੋ ਕੇ ਹੀ ਇਸ ਦਾ ਮੁਕਾਬਲਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਲੀ ਦਲ (ਡੈਮੋਕ੍ਰੇਟਿਕ) ਪੰਜਾਬ ਦੇ ਭਵਿੱਖ ਲਈ ਚਿੰਤਤ ਹੈ। ਜਿਸ ਕਾਰਨ ਉਨ੍ਹਾਂ ਨੇ ਬਿਨਾਂ ਕਿਸੇ ਸ਼ਰਤ ਆਪਣੀ ਪਾਰਟੀ ਦਾ ਸਮਰਥਨ ਦਿੱਤਾ ਹੈ। ਇਸ ਮੌਕੇ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਕੰਵਰ ਹਰਬੀਰ ਸਿੰਘ ਢੀਂਡਸਾ, ਅਨੂਪ ਸਿੰਘ ਬਦਰੂ, ਦਵਿੰਦਰ ਸਿੰਘ ਸੋਢੀ, ਪ੍ਰਭਜੋਤ ਸਿੰਘ ਕਲੇਰ, ਓਐਸਡੀ ਜਸਵਿੰਦਰ ਸਿੰਘ ਸਮੇਤ ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ