Nabaz-e-punjab.com

ਡੀਸੀ ਗਿਰੀਸ਼ ਦਿਆਲਨ ਵੱਲੋਂ ਰਾਤ ਦੇ ਕਰਫਿਊ ਨੂੰ ਪੂਰੀ ਅਹਿਮੀਅਤ ਦੇਣ ਦੀ ਅਪੀਲ

ਜ਼ਿਲ੍ਹੇ ਅੰਦਰ ਸਮੂਹ ਮੈਰਿਜ ਪੈਲੇਸਾਂ ਨੂੰ ਸਮੇਂ ਸਿਰ ਬੰਦ ਕਰਨਾ ਯਕੀਨੀ ਬਣਾਉਣ ਦੇ ਹੁਕਮ

ਮੁਹਾਲੀ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਕਰੋਨਾ ਦੇ 69 ਹੋਰ ਨਵੇਂ ਮਾਮਲੇ ਸਾਹਮਣੇ ਆਏ, 1 ਮੌਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਦਸੰਬਰ:
ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਹਦਾਇਤਾਂ ਅਤੇ ਅਪੀਲਾਂ ਨੂੰ ਆਪਣੀ ਰੋਜ਼ਮਰਾ ਦੀ ਜ਼ਿੰਦਗੀ ਵਿੱਚ ਅਪਣਾਉਣ ਲਈ ਕੋਈ ਢਿੱਲ-ਮੱਠ ਨਾ ਵਰਤੀ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਤਾਕੀਦ ਕੀਤੀ ਕਿ ਕਿਸੇ ਵੀ ਕੰਮ ਲਈ ਆਪਣੇ ਘਰਾਂ ਤੋਂ ਬਾਹਰ ਨਿਕਲਣ ਵੇਲੇ ਮਾਸਕ ਪਹਿਨਣਾ, ਸਮੇਂ-ਸਮੇਂ ਸਿਰ ਹੱਥ ਧੋਣੇ ਅਤੇ ਇਕ ਦੂਜੇ ਤੋਂ ਫਿਜ਼ੀਕਲ ਦੂਰੀ ਬਣਾ ਕੇ ਰੱਖਣਾ ਹਰ ਹਾਲ ਯਕੀਨੀ ਬਣਾਇਆ ਜਾਵੇ ਜੋ ਕਿ ਮੌਜੂਦਾ ਕਰੋਨਾ ਸੰਕਟ ਸਮੇਂ ਅਤਿ ਲੋੜੀਂਦਾ ਹੈ।
ਡੀਸੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਦੀ ਦੂਜੀ ਲਹਿਰ ਦੇ ਟਾਕਰੇ ਲਈ ਲੋੜੀਂਦੇ ਅਤੇ ਢੁਕਵੇਂ ਪ੍ਰਬੰਧ ਅਮਲ ਵਿੱਚ ਲਿਆਂਦੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਹਾਲਤ ਨੂੰ ਅਸਰਦਾਰ ਢੰਗ ਨਾਲ ਨਜਿੱਠਿਆਂ ਜਾ ਸਕੇ। ਉਨ੍ਹਾਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਗਰ ਨਿਗਮ ਅਤੇ ਸਮੂਹ ਮਿਉਂਸਪਲ ਹੱਦਾਂ ਅੰਦਰ ਰਾਤ ਨੂੰ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਨੂੰ ਪੂਰੀ ਅਹਿਮੀਅਤ ਦਿੱਤੀ ਜਾਵੇ ਅਤੇ ਗੈਰ ਜ਼ਰੂਰੀ ਆਵਾਜਾਈ ਤੋਂ ਪੂਰੀ ਤਰ੍ਹਾਂ ਗੁਰੇਜ਼ ਕੀਤਾ ਜਾਵੇ ਤਾਂ ਜੋ ਕਰੋਨਾ ਦੇ ਸੰਭਾਵਿਤ ਫੈਲਾਅ ਨੂੰ ਸੁਚੱਜੇ ਢੰਗ ਨਾਲ ਰੋਕਿਆ ਜਾ ਸਕੇ। ਉਨ੍ਹਾਂ ਵਿਆਹਾਂ ਅਤੇ ਹੋਰ ਸਮਾਗਮਾਂ ਨੂੰ ਕਰੋਨਾ ਦੇ ਮੱਦੇਨਜ਼ਰ ਸਮੇਂ ਸਿਰ ਨਿਪਟਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਸਮੂਹ ਮੈਰਿਜ ਪੈਲੇਸਾਂ ਨੂੰ ਸਮੇਂ ਸਿਰ ਬੰਦ ਕਰਨਾ ਯਕੀਨੀ ਬਣਾਇਆ ਜਾਵੇ।
ਉਧਰ, ਮੁਹਾਲੀ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਕਰੋਨਾ ਮਹਾਮਾਰੀ ਦੇ 69 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 16 ਹਜ਼ਾਰ 736 ’ਤੇ ਪਹੁੰਚ ਗਈ ਹੈ। ਉਂਜ ਨਾਲ ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਵੀ ਪਰਤ ਰਹੇ ਹਨ। ਅੱਜ 95 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਇਕ ਹੋਰ ਕਰੋਨਾ ਪੀੜਤ ਮਰੀਜ਼ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 304 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਡੀਸੀ ਨੇ ਦੱਸਿਆ ਕਿ ਅੱਜ 69 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 42 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ ਲਾਲੜੂ ਵਿੱਚ ਇਕ, ਬੂਥਗੜ੍ਹ ਤੇ ਡੇਰਾਬੱਸੀ ਵਿੱਚ 2-2, ਢਕੋਲੀ ਵਿੱਚ ਚਾਰ, ਖਰੜ ਵਿੱਚ ਪੰਜ, ਕੁਰਾਲੀ ਵਿੱਚ 3 ਅਤੇ ਘੜੂੰਆਂ ਵਿੱਚ 10 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 2313 ਕਰੋਨਾ ਮਹਾਮਾਰੀ ਦੇ ਨਵੇਂ ਕੇਸ ਐਕਟਿਵ ਹਨ। ਜਦੋਂਕਿ ਹੁਣ ਤੱਕ 14 ਹਜ਼ਾਰ 119 ਕਰੋਨਾ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੌਸਮ ਵਿੱਚ ਤਬਦੀਲੀ ਕਾਰਨ ਫਿਰ ਤੋਂ ਕਰੋਨਾ ਮਹਾਮਾਰੀ ਦਾ ਪ੍ਰਕੋਪ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…