ਸਿਹਤ ਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਰਕਾਰ ਯਤਨਸ਼ੀਲ: ਸਿੱਧੂ

ਸਿਹਤ ਮੰਤਰੀ ਨੇ ਸਰਕਾਰੀ ਕੰਨਿਆਂ ਸਕੂਲ ਸੋਹਾਣਾ ਦੇ ਵਿਕਾਸ ਲਈ ਦਿੱਤਾ 25 ਲੱਖ ਦੀ ਗਰਾਂਟ ਦਾ ਚੈੱਕ

ਇਤਿਹਾਸਕ ਨਗਰ ਸੋਹਾਣਾ ਵਿੱਚ ਧਰਮਸ਼ਾਲਾ ਦੀ ਉਸਾਰੀ ਲਈ 5 ਲੱਖ ਰੁਪਏ ਦੀ ਗਰਾਂਟ ਦਿੱਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜਨਵਰੀ:
ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਇਸ ਸਬੰਧੀ ਵਿਆਪਕ ਯੋਜਨਾਵਾਂ ਉਲੀਕੀਆਂ ਗਈਆਂ ਹਨ। ਇਹ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਤੋਂ ਪਹਿਲਾਂ ਸਕੂਲ ਦੇ ਸਰਬਪੱਖੀ ਵਿਕਾਸ ਅਤੇ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਪ੍ਰਿੰਸੀਪਲ ਨੂੰ ਮੁੱਖ ਮੰਤਰੀ ਦੇ ਅਖ਼ਤਿਆਰੀ ਕੋਟੇ ’ਚੋਂ 25 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਸੌਂਪਿਆ। ਪਿੰਡ ਸੋਹਾਣਾ ਦੀ ਧਰਮਸ਼ਾਲਾ ਲਈ ਵੀ 5 ਲੱਖ ਦਾ ਚੈੱਕ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਦੇਖ ਕੇ ਮਾਪਿਆਂ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਵਧਿਆ ਹੈ ਅਤੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਐਤਕੀਂ ਪ੍ਰਾਈਵੇਟ ਤੇ ਕਾਨਵੈਂਟ ਸਕੂਲਾਂ ਨੂੰ ਫਤਿਹ ਬੁਲਾਈ ਗਈ ਹੈ।
ਸ੍ਰੀ ਸਿੱਧੂ ਨੇ ਦੱਸਿਆ ਕਿ ਪਿੰਡ ਗੀਗੇ ਮਾਜਰਾ, ਗੋਬਿੰਦਗੜ੍ਹ, ਕੁਰੜੀ, ਬਾਕਰਪੁਰ, ਮਨੌਲੀ ਸਮੇਤ ਹੋਰ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਹੋਰ ਉੱਚਾ ਚੱੁਕਣ ਲਈ ਸਮਾਰਟ ਸਕੂਲ ਯੋਜਨਾ ਤਹਿਤ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਹਲਕੇ ਵਿੱਚ ਮੈਡੀਕਲ ਕਾਲਜ ਅਤੇ ਹਸਪਤਾਲ, ਬੀ.ਐਸਸੀ ਨਰਸਿੰਗ ਅਤੇ ਬੀ.ਐਸਸੀ ਫਾਰਮੇਸੀ ਕਾਲਜ ਸਮੇਤ ਪਿੰਡ ਸੋਹਾਣਾ, ਸੈਕਟਰ-79, ਸੈਕਟਰ-69 ਅਤੇ ਐਰੋਸਿਟੀ ਵਿਖੇ ਮੁੱਢਲੇ ਸਿਹਤ ਕੇਂਦਰ, ਫੇਜ਼-3ਬੀ1 ਅਤੇ ਪਿੰਡ ਸਨੇਟਾ ਵਿਖੇ ਕਮਿਊਨਿਟੀ ਹੈਲਥ ਸੈਂਟਰ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਵਿਡ ਦੌਰਾਨ ਜਦੋਂ ਪ੍ਰਾਈਵੇਟ ਸੰਸਥਾਵਾਂ ਸਿਹਤ ਸਹੂਲਤਾਂ ਦੇਣ ਤੋਂ ਪਿੱਛੇ ਹਟ ਗਈਆਂ ਸਨ ਤਾਂ ਸਰਕਾਰੀ ਸਿਹਤ ਸੇਵਾਵਾਂ ਦੇ ਕਰਮਚਾਰੀਆਂ ਨੇ ਅੱਗੇ ਹੋ ਕੇ ਸੇਵਾਵਾਂ ਦਿੱਤੀਆਂ ਗਈਆਂ। ਜਿਸ ਕਾਰਨ ਪੰਜਾਬ ਰਿਕਵਰੀ ਰੇਸ਼ੋ ਵਿੱਚ ਦੇਸ਼ ’ਚ ਪਹਿਲੇ ਨੰਬਰ ’ਤੇ ਰਿਹਾ ਹੈ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ, ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਦੀ ਕਾਰਜਕਾਰੀ ਪ੍ਰਿੰਸੀਪਲ ਜੋਤੀ ਕਾਲੜਾ, ਸਟੇਟ ਐਵਾਰਡੀ ਅਧਿਆਪਕਾ ਸੁਧਾ ਜੈਨ, ਲੈਕਚਰਾਰ ਮਨਜਿੰਦਰ ਕੌਰ, ਅਨੂਪ ਵਸ਼ਿਸ਼ਟ, ਪੂਰਨੀਮਾ ਅਗਰਵਾਲ, ਸਰਬਜੀਤ ਕੌਰ, ਹਰਕੀਤ ਕੌਰ, ਕਾਂਗਰਸ ਆਗੂ ਬੂਟਾ ਸਿੰਘ ਸੋਹਾਣਾ, ਯੂਥ ਆਗੂ ਹਰਜੀਤ ਸਿੰਘ, ਵਕੀਲ ਸੁਸ਼ੀਲ ਅੱਤਰੀ, ਸਤਪਾਲ ਸਿੰਘ, ਦਵਿੰਦਰ ਕੌਰ ਸਮੇਤ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…