Share on Facebook Share on Twitter Share on Google+ Share on Pinterest Share on Linkedin ਕਿਸਾਨ ਅੰਦੋਲਨ: ਚੰਦਾ ਤੇ ਰਾਹਤ ਕੈਂਪ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਆਹਮੋ-ਸਾਹਮਣੇ ਲੱਖੋਵਾਲ ਤੇ ਸਿੱਧੂਪੁਰ ਦੇ ਮੈਂਬਰਾਂ ਨੇ ਪੰਜਾਬ ਕਿਸਾਨ ਯੂਨੀਅਨ ਵਿਰੁੱਧ ਦਿੱਤੀ ਪੁਲੀਸ ਨੂੰ ਸ਼ਿਕਾਇਤ ਪੰਜਾਬ ਕਿਸਾਨ ਯੂਨੀਅਨ ਨੇ ਫੇਜ਼-7 ਦੀ ਮਾਰਕੀਟ ਵਿੱਚ ਲਾਇਆ ਚੰਦਾ ਇਕੱਠਾ ਕਰਨ-ਕਮ-ਰਾਹਤ ਕੈਂਪ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜਨਵਰੀ: ਖੇਤੀਬਾੜੀ ਸੈਕਟਰ ਨਾਲ ਜੁੜੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਜਿੱਥੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਬੈਨਰ ਹੇਠ ਅੰਨਦਾਤਾ ਦਿੱਲੀ ਬਾਰਡਰ ਉੱਤੇ ਲੜੀਵਾਰ ਧਰਨੇ ’ਤੇ ਬੈਠਾ ਹੈ, ਉੱਥੇ ਮੁਹਾਲੀ ਵਿੱਚ ਚੰਦਾ ਇਕੱਠਾ ਕਰਨ ਨੂੰ ਲੈ ਕੇ ਕੁੱਝ ਕਿਸਾਨ ਜਥੇਬੰਦੀਆਂ ਆਹਮੋ ਸਾਹਮਣੇ ਆ ਗਈਆਂ ਹਨ ਅਤੇ ਮਾਮਲਾ ਪੁਲੀਸ ਥਾਣੇ ਪਹੁੰਚ ਗਿਆ ਹੈ। ਪੰਜਾਬ ਕਿਸਾਨ ਯੂਨੀਅਨ ਨਾਂ ਦੀ ਜਥੇਬੰਦੀ ਵੱਲੋਂ ਇੱਥੋਂ ਦੇ ਫੇਜ਼-7 ਦੀ ਮਾਰਕੀਟ ਵਿੱਚ ਧਰਨਾਕਾਰੀ ਕਿਸਾਨਾਂ ਦੀ ਮਦਦ ਲਈ ਚੰਦਾ ਅਤੇ ਹੋਰ ਸਮੱਗਰੀ ਇਕੱਠੀ ਕਰਨ ਲਈ ਰਾਹਤ ਕੈਂਪ ਲਗਾਇਆ ਗਿਆ ਹੈ। ਜਿੱਥੇ ਸ਼ਹਿਰ ਵਾਸੀ ਅਤੇ ਰਾਹਗੀਰ ਆਪਣੀ ਸਮਰੱਥਾ ਅਨੁਸਾਰ ਚੰਦਾ ਅਤੇ ਖਾਣ-ਪੀਣ ਦਾ ਸਮਾਨ ਦੇ ਰਹੇ ਹਨ। ਮੁਹਾਲੀ ਵਪਾਰ ਮੰਡਲ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਨੇ ਵੀ ਇਨ੍ਹਾਂ ਉਦਮੀ ਨੌਜਵਾਨਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰਾਹਤ ਕੈਂਪ ਵਿੱਚ ਪੁੱਜਣ ਵਾਲੀ ਸਮੱਗਰੀ ਅਤੇ ਚੰਦੇ ਦੇ ਪੈਸੇ ਸੰਘਰਸ਼ਸ਼ੀਲ ਕਿਸਾਨਾਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ। ਕਾਂਗਰਸ ਆਗੂ ਅਜੈਬ ਸਿੰਘ ਬਾਕਰਪੁਰ ਨੇ ਵੀ ਕਿਸਾਨ ਯੂਨੀਅਨ ਦੀ ਇਸ ਪਹਿਲਕਦਮੀ ਦੀ ਸਰਾਹਨਾ ਕਰਦਿਆਂ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਰਾਹਤ ਕੈਂਪ ਵਾਲੀ ਥਾਂ ’ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਬਾਨ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਕੰਵਲਜੀਤ ਸਿੰਘ, ਅਮਨਦੀਪ ਸਿੰਘ, ਗੱਬਰ ਸਿੰਘ ਸੰਗਰੂਰ, ਸੁਰਜੀਤ ਸਿੰਘ ਅਤੇ ਰੁਪਿੰਦਰ ਸਿੰਘ ਨੇ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਦੀ ਮਦਦ ਲਈ ਮੁਹਾਲੀ ਵਿੱਚ ਰਾਹਤ ਕੈਂਪ ਲਗਾਇਆ ਗਿਆ ਹੈ ਅਤੇ ਸਾਂਝੇ ਮੰਚ ਤੋਂ ਕਿਸਾਨਾਂ ਦੇ ਹੱਕ ਵਿੱਚ ਅਤੇ ਕਾਲੇ ਕਾਨੂੰਨਾਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ, ਪ੍ਰੰਤੂ ਬੀਤੇ ਦਿਨੀਂ ਕੁਝ ਦੂਜੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਆਪਣੀ ਲੀਡਰੀ ਚਮਕਾਉਣ ਲਈ ਉਨ੍ਹਾਂ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ ਦੇ ਕੇ ਉਨ੍ਹਾਂ ਦੇ ਇਸ ਕਾਰਜ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਹਤ ਕੈਂਪ ਵਿੱਚ ਦਾਨ ਪੁੰਨ ਦੇਣ ਵਾਲਿਆਂ ਦਾ ਪੂਰਾ ਵੇਰਵਾ ਰਜਿਸਟਰਡ ਵਿੱਚ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਬੀਤੇ ਦਿਨੀਂ ਪੁਲੀਸ ਨੇ ਰਾਹਤ ਕੈਂਪ ਵਾਲੇ ਟੈਂਟ ਪੁੱਟ ਦਿੱਤਾ ਸੀ, ਪ੍ਰੰਤੂ ਬਾਅਦ ਵਿੱਚ ਐਸਐਸਪੀ ਨੂੰ ਸਾਰੀ ਸਥਿਤੀ ਸਪੱਸ਼ਟ ਕਰਨ ਮਗਰੋਂ ਦੁਬਾਰਾ ਟੈਂਟ ਲਗਾਇਆ ਗਿਆ ਹੈ। ਇਸ ਮੌਕੇ ਹਿਊਮਨ ਰਾਈਟਸ ਦੇ ਕਾਰਕੁਨ ਵਿਨੋਦ ਸ਼ਰਮਾ, ਬੀਬੀ ਕੁਲਦੀਪ ਕੌਰ, ਜਗਦੇਵ ਮਾਨ ਅਤੇ ਹਰਮੀਤ ਸੰਧੂ ਹਾਜ਼ਰ ਸਨ। ਉਨ੍ਹਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਉਧਰ, ਦੂਜੇ ਪਾਸੇ ਕਿਸਾਨ ਯੂਨੀਅਨ (ਲੱਖੋਵਾਲ) ਅਤੇ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਆਗੂਆਂ ਨੇ ਬੀਤੇ ਦਿਨੀਂ ਮੁਹਾਲੀ ਪੁਲੀਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਚੰਦਾ ਇਕੱਠਾ ਕਰਨ ਵਾਲੀ ਜਥੇਬੰਦੀ ਨੂੰ ਇੱਥੋਂ ਚਲਦਾ ਕਰਨ ਦੀ ਗੁਹਾਰ ਲਗਾਈ ਹੈ। ਕਿਸਾਨ ਆਗੂ ਕਿਰਪਾਲ ਸਿੰਘ ਸਿਆਊ, ਕੁਲਵੰਤ ਸਿੰਘ ਤਿਪੜੀ ਅਤੇ ਗਿਆਨ ਸਿੰਘ ਧੜਾਕ ਨੇ ਕਿਹਾ ਕਿ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵਿਸ਼ੇਸ਼ ਜਥੇਬੰਦੀ ਨੂੰ ਚੰਦਾ ਨਾ ਦੇਣ ਸਗੋਂ ਜੇਕਰ ਕੋਈ ਵਿਅਕਤੀ ਕਿਸਾਨਾਂ ਲਈ ਕੋਈ ਮਦਦ ਦੇਣਾ ਚਾਹੁੰਦਾ ਹੈ ਤਾਂ ਉਹ ਸਿੱਧੇ ਤੌਰ ’ਤੇ ਆਪਣੇ ਇਲਾਕੇ ਦੇ ਕਿਸਾਨ ਆਗੂ ਜਾਂ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਮਦਦ ਦੇ ਸਕਦਾ ਹੈ। ਡੀਐਸਪੀ (ਸਿਟੀ-1) ਗੁਰਸ਼ੇਰ ਸਿੰਘ ਸੰਧੂ ਨੇ ਚੰਦਾ ਇਕਠਾ ਕਰਨ ਵਾਲੀ ਜਥੇਬੰਦੀ ਦੇ ਖ਼ਿਲਾਫ਼ ਸ਼ਿਕਾਇਤ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ