ਮੁਹਾਲੀ ਜ਼ਿਲ੍ਹੇ ਵਿੱਚ ਕਣਕ ਦੇ ਖੇਤਾਂ ਵਿੱਚ ਪੀਲੀ ਕੁੰਗੀ ਦਾ 10 ਤੋਂ 15 ਫੀਸਦੀ ਹਮਲਾ

ਰੋਕਥਾਮ ਕਰਨ ਲਈ ਦਵਾਈ ਦੇ ਛਿੜਕਾਅ ਸਬੰਧੀ ਦਿੱਤੀ ਜਾਣਕਾਰੀ : ਮੁੱਖ ਖੇਤੀਬਾੜੀ ਅਫ਼ਸਰ

ਖੇਤਾਂ ਦਾ ਲਗਾਤਾਰ ਸਰਵੇਖਣ ਕਰਨ ਅਤੇ ਲੋੜ ਪੈਣ ’ਤੇ ਛਿੜਕਾਅ ਦੁਹਰਾਉਣ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਫਰਵਰੀ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਣਕ ਦੀ ਪੀਲੀ ਕੁੰਗੀ ਨੇ ਦਸਤਕ ਦੇ ਦਿੱਤੀ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਾ. ਰਾਜੇਸ਼ ਕੁਮਾਰ ਰਹੇਜਾ, ਮੁੱਖ ਖੇਤੀਬਾੜੀ ਅਫ਼ਸਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਕਣਕ ਦੇ ਖੇਤਾਂ ਦਾ ਲਗਾਤਾਰ ਮੁਆਇਨਾਂ ਕੀਤਾ ਜਾ ਰਿਹਾ ਹੈ। ਪੀਲੀ ਕੁੰਗੀ ਦੇ ਹਮਲੇ ਬਾਰੇ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਪਿੰਡ ਖਾਨਪੁਰ ਬੰਗਰ ਵਿਖੇ ਮਨਦੀਪ ਸਿੰਘ, ਦਲਵੀਰ ਸਿੰਘ ਅਤੇ ਕੁਲਵੰਤ ਸਿੰਘ ਦੇ ਕਣਕ ਦੇ ਖੇਤਾਂ ਵਿੱਚ ਪੀਲੀ ਕੁੰਗੀ ਦਾ ਹਮਲਾ 10 ਤੋ 15 ਫੀਸਦੀ ਪਾਇਆ ਗਿਆ ਹੈ। ਇਸ ਤਰ੍ਹਾਂ ਇਹ ਨਾਮੁਰਾਦ ਬਿਮਾਰੀ ਨੇ ਮੁਹਾਲੀ ਜ਼ਿਲ੍ਹੇ ਵਿੱਚ ਆਪਣੀ ਦਸਤਕ ਦੇ ਦਿੱਤੀ ਹੈ। ਇਸ ਤੋਂ ਇਲਾਵਾ ਰੋਪੜ ਜ਼ਿਲੇ ਵਿੱਚ ਅਤੇ ਪਠਾਨਕੋਟ ਜ਼ਿਲੇ ਵਿੱਚ ਇਸ ਬਿਮਾਰੀ ਦੇ ਲੱਛਣ ਪਾਏ ਗਏ ਹਨ। ਕਿਸਾਨਾਂ ਨੂੰ ਇਕੱਤਰ ਕਰਕੇ ਮੌਕੇ ’ਤੇ ਪੀਏਯੂ ਵੱਲੋਂ ਸਿਫਾਰਸ਼ ਕੀਤੀ ਉੱਲੀ ਨਾਸ਼ਕ ਦਵਾਈ ਦੀ ਸਹੀ ਮਾਤਰਾ ਵਿੱਚ ਅਤੇ ਪਾਣੀ ਦੇ ਸਹੀ ਘੋਲ ਵਿੱਚ ਖੁੱਲੀ ਧੁੱਪ ਦੁਪਿਹਰ ਦੇ ਸਮੇਂ ਸਪਰੇਅ ਕਰਨ ਦੀ ਅਡਵਾਈਜ਼ਰੀ ਦਿੱਤੀ ਗਈ।
ਇਲਾਕੇ ਦੇ ਕਿਸਾਨਾਂ ਨੂੰ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਦੱਸਿਆ ਕਿ ਇਸ ਦੀ ਫੌਰੀ ਤੌਰ ’ਤੇ ਰੋਕਥਾਮ ਕਰਨ ਲਈ 200 ਗਰਾਮ ਕੈਵੀਅਟ 25 ਡਬਲਯੂ ਜੀ (ਟੈਬੂਕੋਨਾਜੋਲ) ਜਾਂ 120 ਗ੍ਰਾਮ ਨਟੀਵੋ 75 ਡਬਲਯੂ ਜੀ (ਟ੍ਰਾਈਫਲੋਕਸੀਸਟ੍ਰੋਬਿਨ+ਟੈਬੂਕੇਨਾਜੋਲ) ਜਾਂ 200 ਮਿਲੀਲੀਟਰ ੳਪੇਰਾ 18.3 ਐਸ ਈ (ਪਾਈਰੈਕਲੋਸਟ੍ਰੋਬਿਨ+ਇਪੋਕਸੀਕੋਨਾਜੋਲ) ਜਾਂ 200 ਮਿਲੀਲਿਟਰ ਕਸਟੋਡੀਆ 320 ਐਸਸੀ (ਐਜੋਕਸੀਸਟ੍ਰੋਬਿਨ+ਟੈਬੂਕੋਨਾਜੋਲ) ਜਾਂ 200 ਮਿਲੀਲਿਟਰ ਟਿਲਟ 25 ਈਸੀ/ਸ਼ਾਈਨ 25 ਈਸੀ/ਬੰਪਰ 25 ਈਸੀ/ਸਟਿਲਟ 25 ਈਸੀ/ਕੰਮਪਾਸ 25 ਈਸੀ/ਮਾਰਕਜੋਲ 25 ਈਸੀ (ਪ੍ਰੋਪੀਕੋਨਾਜੋਲ) ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ।
ਉਨ੍ਹਾਂ ਵੱਲੋਂ ਇਲਾਕੇ ਦੇ ਪੈਸਟੀਸਾਈਡ ਡੀਲਰਾਂ ਨੂੰ ਵੀ ਚਿਤਾਵਨੀ ਦਿੱਤੀ ਕਿ ਕਿਸਾਨਾਂ ਨੂੰ ਸਿਰਫ਼ ਪੀਏਯੂ ਵੱਲੋਂ ਸਿਫਾਰਸ਼ ਕੀਤੀਆਂ ਦਵਾਈਆਂ ਦੀ ਹੀ ਵਿਕਰੀ ਕੀਤੀ ਜਾਵੇ ਅਤੇ ਜੇਕਰ ਕੋਈ ਡੀਲਰ ਅਣਅਧਿਕਾਰਤ ਦਵਾਈ ਦੀ ਵਿਕਰੀ ਕਰੇਗਾ ਤਾਂ ਉਸ ਦੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਡਾ. ਸੰਦੀਪ ਕੁਮਾਰ, ਬਲਾਕ ਖੇਤੀਬਾੜੀ ਅਫ਼ਸਰ ਦੀ ਅਗਵਾਈ ਵਿੱਚ ਇੱਕ 6 ਮੈਂਬਰੀ ਟੀਮ ਨੂੰ ਨਿਰਦੇਸ਼ ਦਿੱਤੇ ਕਿ ਲਗਾਤਾਰ ਇੱਕ ਹਫ਼ਤਾ ਪਿੰਡ ਖਾਨਪੁਰ ਬੰਗਰ ਅਤੇ ਉਸ ਦੇ ਨੇੜਲੇ ਪਿੰਡਾਂ ਵਿੱਚ ਰੋਜ਼ਾਨਾ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਡੀਲਰਾਂ ਤੇ ਵੀ ਕੜੀ ਨਜ਼ਰ ਰੱਖੀ ਜਾਵੇ ਤਾਂ ਜੋ ਕਿਸਾਨਾਂ ਦੀ ਲੁੱਟ-ਖਸੁੱਟ ਨਾ ਹੋ ਸਕੇ।
ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਤਾਪਮਾਨ ਵੀ ਹੁਣ ਵੱਧ ਰਿਹਾ ਹੈ ਅਤੇ ਹਵਾ ਵੀ ਨਹੀਂ ਚਲ ਰਹੀ ਜੋ ਕਿ ਇਸ ਬਿਮਾਰੀ ਨੂੰ ਅੱਗੇ ਫੈਲਾਉਣ ਵਿੱਚ ਠੱਲ ਪਾਵੇਗੀ। ਉਨ੍ਹਾਂ ਵੱਲੋਂ ਅਡਵਾਈਜਰੀ ਜਾਰੀ ਕਰਦੇ ਹੋਏ ਕਿਹਾ ਕਿ ਸ਼ੁਰੂ ਵਿੱਚ ਪੀਲੀ ਕੁੰਗੀ ਦੇ ਹਮਲੇ ਵਾਲੀਆਂ ਧੌੜੀਆਂ ’ਤੇ ਹੀ ਉੱਲੀਨਾਸ਼ਕਾਂ ਦਾ ਛਿੜਕਾਅ ਕਰੋ। ਖੇਤਾਂ ਦਾ ਲਗਾਤਾਰ ਸਰਵੇਖਣ ਕਰੋ ਅਤੇ ਲੋੜ ਪੈਣ ਤੇ ਇਹ ਛਿੜਕਾਅ ਫਿਰ ਦੁਹਰਾਉ ਤਾਂ ਜੋ ਟੀਸੀ ਵਾਲਾ ਪੱਤਾ ਬਿਮਾਰੀ ਰਹਿਤ ਰਹੇ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…