Share on Facebook Share on Twitter Share on Google+ Share on Pinterest Share on Linkedin ਫੈਸ਼ਨ ਮਾਰਕੀਟ ਵਿੱਚ ਪਹਿਲਾਂ ਲੱਗੇ ਲਾਲ ਪੱਥਰ ਉੱਤੇ ਦੁਬਾਰਾ ਪੱਥਰ ਲਗਾਉਣ ਦੇ ਮਾਮਲੇ ਦੀ ਜਾਂਚ ਦੇ ਆਦੇਸ਼ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ: ਡਾ. ਕਮਲ ਗਰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਾਰਚ: ਮੁਹਾਲੀ ਨਗਰ ਨਿਗਮ ਨੇ ਇੱਥੋਂ ਦੇ ਫੇਜ਼-7 ਦੀ ਫੈਸ਼ਨ ਮਾਰਕੀਟ ਵਿੱਚ ਸ਼ੋਅਰੂਮਾਂ ਦੇ ਸਾਹਮਣੇ ਵਾਲੀ ਥਾਂ ਉੱਤੇ ਪਹਿਲਾਂ ਲੱਗੇ ਲਾਲ ਪੱਥਰ ਦੇ ਉੱਤੇ ਨਵਾਂ ਪੱਥਰ ਲਗਾਉਣ ਦੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਸਬੰਧੀ ਸ਼ਿਕਾਇਤਾਂ ਮਿਲਣ ਅਤੇ ਮੀਡੀਆ ਵਿੱਚ ਰਿਪੋਰਟਾਂ ਪ੍ਰਕਾਸ਼ਿਤ ਹੋਣ ਤੋਂ ਬਾਅਦ ਨਗਰ ਨਿਗਮ ਦੇ ਕਮਿਸ਼ਨਰ ਡਾ. ਕਮਲ ਗਰਗ ਨੇ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਇਸ ਸਬੰਧੀ ਆਜ਼ਾਦ ਗਰੁੱਪ ਦੇ ਆਗੂ ਅਤੇ ਸਾਬਕਾ ਕੌਂਸਲਰ ਦੋ ਦਿਨ ਪਹਿਲਾਂ ਪਰਮਜੀਤ ਸਿੰਘ ਕਾਹਲੋਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਦੋਸ਼ ਲਾਇਆ ਸੀ ਕਿ ਇੱਥੋਂ ਦੇ ਫੇਜ਼-7 ਦੀ ਮਾਰਕੀਟ ਦੇ ਸੁੰਦਰੀਕਰਨ ਦੇ ਨਾਮ ’ਤੇ ਸਰਕਾਰੀ ਖਜ਼ਾਨੇ ਅਤੇ ਲੋਕਾਂ ਦੇ ਪੈਸੇ ਦੀ ਬਰਬਾਦੀ ਕੀਤੀ ਜਾ ਰਹੀ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਸੀ ਕਿ ਸ਼ੋਅਰੂਮਾਂ ਦੇ ਸਾਹਮਣੇ ਵਾਲੀ ਥਾਂ ’ਤੇ ਪਹਿਲਾਂ ਤੋਂ ਲੱਗੇ ਲਾਲ ਪੱਥਰ ਦੇ ਉੱਤੇ ਨਵਾਂ ਪੱਥਰ ਲਗਾ ਦਿੱਤਾ ਗਿਆ ਹੈ, ਜਿਸ ਦੀ ਕੋਈ ਲੋੜ ਨਹੀਂ ਸੀ। ਉਨ੍ਹਾਂ ਦੋਸ਼ ਲਾਇਆ ਕਿ ਨਗਰ ਨਿਗਮ ਵੱਲੋਂ ਲਾਲ ਪੱਥਰ ਦੇ ਅੱਗੇ ਵਾਲੀ ਪਾਰਕਿੰਗ ਦੀ ਥਾਂ ’ਤੇ ਜਿਹੜੇ ਪੇਵਰ ਬਲਾਕ ਲਗਾਏ ਗਏ ਹਨ। ਉਨ੍ਹਾਂ ਦੇ ਥੱਲੇ ਪਾਏ ਗਟਕਾ ਅਤੇ ਸੀਮਿੰਟ ਪਾਉਣ ਦੀ ਥਾਂ ਪੁਰਾਣਾ ਮਟੀਰੀਅਲ ਵਰਤਿਆ ਗਿਆ ਹੈ ਜਦੋਂਕਿ ਇਸ ਥਾਂ ’ਤੇ ਪੇਵਰ ਲਗਾਉਣ ਦੀ ਲੋੜ ਨਹੀਂ ਸੀ। ਉਨ੍ਹਾਂ ਇਹ ਵੀ ਇਤਰਾਜ਼ ਕੀਤਾ ਕਿ ਮਾਰਕੀਟ ਦੇ ਸੁੰਦਰੀਕਰਨ ਦੀ ਆੜ ਵਿੱਚ ਗੈਰ ਮਿਆਰੀ ਕੰਮ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਦੇ ਪੈਸੇ ਦੀ ਬਰਬਾਦੀ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸਮੁੱਚੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਉਧਰ, ਨਗਰ ਨਿਗਮ ਦੇ ਕਮਿਸ਼ਨਰ ਡਾ. ਕਮਲ ਕੁਮਾਰ ਗਰਗ ਨੇ ਕਿਹਾ ਕਿ ਇਸ ਸਬੰਧੀ ਸ਼ਿਕਾਇਤ ਮਿਲੀ ਸੀ ਕਿ ਠੇਕੇਦਾਰ ਵੱਲੋਂ ਪਹਿਲਾਂ ਤੋਂ ਲੱਗੇ ਪੱਥਰ ਉੱਤੇ ਹੀ ਨਵਾਂ ਪੱਥਰ ਲਗਾ ਦਿੱਤਾ ਗਿਆ ਜਦੋਂਕਿ ਨਿਯਮਾਂ ਅਨੁਸਾਰ ਪਹਿਲਾਂ ਪੁਰਾਣਾ ਪੱਥਰ ਹਟਾ ਕੇ ਹੀ ਨਵਾਂ ਪੱਥਰ ਲਗਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ ਅਤੇ ਜੋ ਕੋਈ ਵੀ ਕਸੂਰਵਾਰ ਪਾਇਆ ਗਿਆ, ਉਸਦੇ ਖ਼ਿਲਾਫ਼ ਨਿਯਮਾਂ ਤਹਿਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਨਗਰ ਨਿਗਮ ਦੇ ਕਮਿਸ਼ਨਰ ਵੱਲੋਂ ਕੀਤੀ ਗਈ ਕਾਰਵਾਈ ਦਾ ਸਵਾਗਤ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਨਿਗਮ ਦੇ ਇੰਜਨੀਰਿੰਗ ਵਿੰਗ ਵੱਲੋਂ ਕਰਵਾਏ ਗਏ ਕੰਮਾਂ ਦੌਰਾਨ ਵੱਡੇ ਪੱਧਰ ’ਤੇ ਕਥਿਤ ਘਪਲੇਬਾਜ਼ੀ ਹੋਈ ਹੈ ਅਤੇ ਜੇਕਰ ਪਿਛਲੇ ਸਮੇਂ ਦੌਰਾਨ ਹੋਏ ਕੰਮਾਂ ਦੀ ਜਾਂਚ ਕਰਵਾਈ ਜਾਵੇ ਤਾਂ ਕਈ ਵੱਡੇ ਘਪਲੇ ਸਾਹਮਣੇ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਕਮਿਸ਼ਨਰ ਨੂੰ ਪਿਛਲੇ ਸਮੇਂ ਦੌਰਾਨ ਹੋਏ ਸਾਰੇ ਕੰਮਾਂ ਦੀ ਨਿਰਪੱਖ ਜਾਂਚ ਪੜਤਾਲ ਕਰਨ ਦੇ ਆਦੇਸ਼ ਜਾਰੀ ਕਰਨੇ ਚਾਹੀਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ