ਅੌਰਤਾਂ ਦੇ ਵਿਕਾਸ, ਭਲਾਈ ਤੇ ਸੁਰੱਖਿਆ ਦੀ ਵਿਵਸਥਾ ਕਰਨ ਨਾਲ ਪੰਜਾਬ ’ਚ ਖ਼ੁਸ਼ੀ ਦਾ ਮਾਹੌਲ: ਹਰਦੀਪ ਵਿਰਕ

ਦਿਸ਼ਾ ਟਰੱਸਟ ਦੀ ਪ੍ਰਧਾਨ ਨੇ ਵਿੱਤ ਮੰਤਰੀ ਨਾਲ ਮੁਲਾਕਾਤ ਕਰਕੇ ਕੀਤਾ ਵਿਸ਼ੇਸ਼ ਧੰਨਵਾਦ

ਅਸ਼ੀਰਵਾਦ ਸਕੀਮ ਦੀ ਰਕਮ 51 ਹਜ਼ਾਰ ਰੁਪਏ ਕਰਨਾ ਸਰਕਾਰ ਦਾ ਸ਼ਲਾਘਾਯੋਗ ਕਦਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਾਰਚ:
ਕੌਮਾਂਤਰੀ ਮਹਿਲਾ ਦਿਵਸ ’ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤੇ ਗਏ ਅੰਤਰਿਮ ਬਜਟ ਵਿੱਚ ਅੌਰਤਾਂ ਦੀ ਭਲਾਈ ਅਤੇ ਸੁਰੱਖਿਅਤ ਭਵਿੱਖ ਲਈ ਸਕੀਮਾਂ ਲਾਗੂ ਕਰਨ ਦੇ ਐਲਾਨ ਦੀ ਚੁਫੇਰਿਓਂ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਅੌਰਤ ਵਰਗ ਵਿੱਚ ਭਾਰੀ ਖ਼ੁਸ਼ੀ ਦਾ ਮਾਹੌਲ ਹੈ। ਇਸੇ ਲੜੀ ਤਹਿਤ ਸਮਾਜ ਸੇਵੀ ਸੰਸਥਾ ਦਿਸ਼ਾ ਵਿਮੈਨ ਵੈਲਫੇਅਰ ਟਰੱਸਟ ਪੰਜਾਬ ਦੀ ਪ੍ਰਧਾਨ ਹਰਦੀਪ ਕੌਰ ਵਿਰਕ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਮੁਹਾਲੀ ਵਿੱਚ ਲੱਡੂ ਵੰਡੇ ਗਏ ਅਤੇ ਅੌਰਤਾਂ ਨਾਲ ਖ਼ੁਸ਼ੀ ਸਾਂਝੀ ਕੀਤੀ ਗਈ। ਇਸ ਤੋਂ ਪਹਿਲਾਂ ਉਨ੍ਹਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿਸ਼ਾ ਟਰੱਸਟ ਦੀ ਪ੍ਰਧਾਨ ਹਰਦੀਪ ਕੌਰ ਵਿਰਕ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਦੀ ਰਾਸ਼ੀ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਰੁਪਏ ਕਰਨ ਅਤੇ ਹੋਰਨਾਂ ਭਲਾਈ ਸਕੀਮਾਂ ਦਾ ਐਲਾਨ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖ਼ਾਸ ਕਰਕੇ ਵਿੱਤ ਮੰਤਰੀ ਮਨਪ੍ਰੀਤ ਮਨਪ੍ਰੀਤ ਸਿੰਘ ਬਾਦਲ ਵਧਾਈ ਦੇ ਪਾਤਰ ਹਨ। ਸ੍ਰੀ ਬਾਦਲ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਉੱਤੇ ਅੌਰਤਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਪ੍ਰਦਾਨ ਕਰਨ ਦੇ ਐਲਾਨ, ਸਾਲ 2021-22 ਦੌਰਾਨ ਮੁੱਖ ਜ਼ਿਲ੍ਹਿਆਂ ਜਲੰਧਰ, ਪਟਿਆਲਾ, ਲੁਧਿਆਣਾ ਐਸਬੀਐਸ ਨਗਰ, ਮਾਨਸਾ, ਬਰਨਾਲਾ ਅਤੇ ਅੰਮ੍ਰਿਤਸਰ ਵਿਖੇ ਕੰਮ ਕਰਨ ਵਾਲੀਆਂ ਅੌਰਤਾਂ ਨੂੰ ਸੁਰੱਖਿਅਤ ਰਿਹਾਇਸ਼ ਮੁਹੱਈਆ ਕਰਨ ਲਈ 7 ਹੋਸਟਲ ਸਥਾਪਿਤ ਕਰਨ ਦਾ ਪ੍ਰਸਤਾਵ ਰੱਖਿਆ ਗਿਆ। ਇਸ ਮੰਤਵ ਲਈ ਬਜਟ ਵਿੱਚ 50 ਕਰੋੜ ਰੁਪਏ ਦੀ ਰਾਸ਼ੀ ਪ੍ਰਦਾਨ ਕਰਨ ਦਾ ਐਲਾਨ ਵੀ ਵਿੱਤ ਮੰਤਰੀ ਨੇ ਕੀਤਾ ਹੈ।
ਬੀਬਾ ਹਰਦੀਪ ਕੌਰ ਵਿਰਕ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅੌਰਤਾਂ ਦੀ ਭਲਾਈ ਲਈ ਕੀਤੇ ਗਏ ਅਹਿਮ ਐਲਾਨ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਅਤੇ ਪੰਜਾਬ ਹੀ ਨਹੀਂ ਸਗੋਂ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀਆਂ ਅੌਰਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਲਈ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਪ੍ਰੋਗਰਾਮ ਦੀ ਰੂਪਰੇਖਾ ਤਿਆਰ ਕਰਨ ਲਈ ਵੀਰਵਾਰ ਨੂੰ ਬਾਅਦ ਦੁਪਹਿਰ 4 ਵਜੇ ਮੀਟਿੰਗ ਸੱਦੀ ਗਈ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…