ਕਰੋਨਾ ਦੇ ਸਖ਼ਤ ਨਿਯਮਾਂ ਤਹਿਤ ਪੰਜਾਬ ਭਰ ਵਿੱਚ ਸ਼ੁਰੂ ਹੋਈ ਪੰਜਵੀਂ ਦੀ ਪ੍ਰੀਖਿਆ, ਕੋਈ ਕੇਸ ਨਹੀਂ ਮਿਲਿਆ

ਸਕੂਲੀ ਬੱਚਿਆਂ ਦੇ ਮਾਪਿਆਂ ਨੇ ਸਿੱਖਿਆ ਵਿਭਾਗ ਦੇ ਪ੍ਰੀਖਿਆ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਾਰਚ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਜਾ ਰਹੀ ਪੰਜਵੀਂ ਦੀ ਸਾਲਾਨਾ ਪ੍ਰੀਖਿਆ ਅੱਜ ਸ਼ੁਰੂ ਹੋ ਗਈ ਹੈ। ਕਰੋਨਾ ਦੇ ਮੱਦੇਨਜ਼ਰ ਸਿਹਤ ਵਿਭਾਗ ਦੇ ਨਿਯਮਾਂ ਦਾ ਸਖ਼ਤ ਪਹਿਰਾ ਰਿਹਾ। ਜਿਸ ਕਾਰਨ ਨੰਨ੍ਹੇ ਬੱਚਿਆਂ ਦੇ ਮਾਪਿਆਂ ਨੇ ਭਰੋਸਾ ਜ਼ਾਹਰ ਕੀਤਾ ਕਿ ਹੁਣ ਉਨ੍ਹਾਂ ਦੇ ਬੱਚੇ ਬਿਨਾਂ ਕਿਸੇ ਡਰ ਭੈਅ ਤੋਂ ਪ੍ਰੀਖਿਆ ਦੇ ਸਕਣਗੇ। ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਪੰਜਵੀਂ ਦੀ ਪ੍ਰੀਖਿਆ ਵਿੱਚ 3.21 ਲੱਖ ਵਿਦਿਆਰਥੀ ਅਪੀਅਰ ਹੋਏ। ਇਸ ਸਬੰਧੀ 18080 ਪ੍ਰੀਖਿਆ ਕੇਂਦਰ ਬਣਾਏ ਗਏ ਹਨ ਅਤੇ ਕਿਧਰੇ ਵੀ ਕਿਸੇ ਉਲੰਘਣਾ ਦੀ ਘਟਨਾ ਸਾਹਮਣੇ ਨਹੀਂ ਆਈ। ਰਾਜ ਭਰ ਵਿੱਚ ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਨੇ ਬੱਚਿਆਂ ਦੀ ਸਿਹਤ ਦਾ ਪੂਰਾ ਫਿਕਰ ਕਰਦਿਆਂ ਲੋੜੀਂਦੇ ਸਾਰੇ ਨਿਯਮਾਂ ਦੀ ਗੰਭੀਰਤਾ ਨਾਲ ਪਾਲਣਾ ਕੀਤੀ। ਕੀਤੇ ਪ੍ਰਬੰਧਾਂ ਵਿੱਚ ਕਿਧਰੇ ਵੀ ਕੋਈ ਕੋਤਾਹੀ ਦੇਖਣ ਨੂੰ ਨਹੀਂ ਮਿਲੀ। ਉਂਜ ਵੀ ਪ੍ਰੀਖਿਆ ਵਿੱਚ ਅਪੀਅਰ ਹੋਣ ਵਾਲੇ ਸਾਰੇ ਵਿਦਿਆਰਥੀਆਂ ਦਾ ਕਰੋਨਾ ਟੈਸਟ ਕਰਵਾਇਆ ਗਿਆ। ਬੋਰਡ ਮੁਖੀ ਨੇ ਦੱਸਿਆ ਕਿ ਜਿਨ੍ਹਾਂ ਬੱਚਿਆਂ ਨੂੰ ਕਰੋਨਾ ਰਿਪੋਰਟ ਪਾਜ਼ੇਟਿਵ ਪਾਈ ਜਾਵੇਗੀ, ਉਨ੍ਹਾਂ ਨੂੰ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਰੋਨਾ ਪੀੜਤ ਵਿਦਿਆਰਥੀਆਂ ਦੀ ਦੋ ਮਹੀਨੇ ਬਾਅਦ ਸਪਲੀਮੈਂਟਰੀ ਪ੍ਰੀਖਿਆ ਕਰਵਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਸਿੱਖਿਆ ਬੋਰਡ ਵੱਲੋਂ ਜਾਰੀ ਡੇਟਸ਼ੀਟ ਅਨੁਸਾਰ ਪੰਜਵੀਂ ਜਮਾਤ ਦੀ ਪ੍ਰੀਖਿਆ ਦਾ ਅੱਜ ਪੰਜਾਬੀ ਦਾ ਪੇਪਰ ਸਵੇਰ ਦੇ ਸੈਸ਼ਨ ਦੌਰਾਨ 9.00 ਵਜੇ ਤੋਂ ਬਾਅਦ ਦੁਪਹਿਰ 12.15 ਵਜੇ ਤੱਕ ਲਿਆ ਗਿਆ। ਬੋਰਡ ਦੀਆਂ ਹਦਾਇਤਾਂ ਅਨੁਸਾਰ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਵੱਲੋਂ ਪ੍ਰੀਖਿਆ ਕੇਂਦਰ ਕੰਟਰੋਲਰਾਂ ਅਤੇ ਸੁਪਰਡੈਂਟਾਂ ਨੂੰ ਪ੍ਰੀਖਿਆ ਦੌਰਾਨ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਜਾਰੀ ਕਰੋਨਾ ਬਚਾਅ ਹਦਾਇਤਾਂ ਦੀ ਪਾਲਣਾ ਸਖਤੀ ਨਾਲ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਅਧਿਕਾਰੀਆਂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹਰ ਪ੍ਰੀਖਿਆਰਥੀ ਅਤੇ ਡਿਊਟੀ ਅਮਲੇ ਲਈ ਮਾਸਕ ਪਹਿਨਣਾ ਲਾਜ਼ਮੀ ਹੋਣ ਦੇ ਨਾਲ ਸੋਸ਼ਲ ਡਿਸਟੈਂਸ ਦਾ ਧਿਆਨ ਵੀ ਲਾਜ਼ਮੀ ਤੌਰ ’ਤੇ ਰੱਖਣ ਲਈ ਕਿਹਾ ਗਿਆ ਹੈ। ਅਧਿਕਾਰੀਆਂ ਨੇ ਕਰੋਨਾ ਬਚਾਅ ਹਦਾਇਤਾਂ ਬਾਬਤ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਆਪੋ ਆਪਣੇ ਬੱਚਿਆਂ ਨੂੰ ਪ੍ਰੀਖਿਆ ਲਈ ਜਰੂਰੀ ਸਮੱਗਰੀ ਜੁਮੈਟਰੀ, ਪੈੱਨ, ਪੈਨਸਿਲ ਆਦਿ ਜਰੂਰ ਦੇ ਕੇ ਭੇਜਿਆ ਜਾਵੇ ਤਾਂ ਕਿ ਵਿਦਿਆਰਥੀਆਂ ਨੂੰ ਇਹ ਵਸਤਾਂ ਆਪਸ ਵਿੱਚ ਸਾਂਝੀਆਂ ਕਰਨ ਦੀ ਨੌਬਤ ਹੀ ਨਾ ਆਵੇ। ਬੋਰਡ ਵੱਲੋਂ ਵੱਖਰੇ ਤੌਰ ‘ਤੇ ਜਾਰੀ ਪੱਤਰ ‘ਚ ਮਾਪਿਆਂ ਨੂੰ ਵੀ ਆਪੋ ਆਪਣੇ ਬੱਚਿਆਂ ਨੂੰ ਪ੍ਰੀਖਿਆ ਕੇੱਦਰ ਵਿਖੇ ਭੇਜਣ ਤੋਂ ਪਹਿਲਾਂ ਉਨ੍ਹਾਂ ਦਾ ਤਾਪਮਾਨ ਚੈੱਕ ਕਰਨ ਲਈ ਕਿਹਾ ਗਿਆ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…