ਪੰਜਾਬ ਸਰਕਾਰ ਨੇ ਨਵੀਆਂ ਅਸਾਮੀਆਂ ਕੱਢਣ ਸਬੰਧੀ ਜੁਮਲੇਬਾਜੀ ਕਰਕੇ ਬੇਰੁਜ਼ਗਾਰ ਨੌਜਵਾਨਾਂ ਨਾਲ ਮਜ਼ਾਕ ਕੀਤਾ: ਮੀਤ ਹੇਅਰ

ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤਾ ‘ਚ ਆਈ ਕਾਂਗਰਸ ਨੇ ਨੌਕਰੀਆਂ ਦੇਣ ਦੀ ਬਜਾਏ ਖਤਮ ਕੀਤੀਆਂ ਅਸਾਮੀਆਂ

ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਵਾਅਦੇ ਕਰਨ ਵਾਲਾ ਕੈਪਟਨ ਆਪਣੇ ਵਾਅਦਿਆਂ ਤੋਂ ਭੱਜਿਆ

ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਉਤੇ ਨੌਜਵਾਨਾਂ ਦਿੱਤੀਆਂ ਜਾਣਗੀਆਂ ਨੌਕਰੀਆਂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 26 ਮਾਰਚ:
ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੀਆ ਨਵੀਆਂ ਅਸਾਮੀਆਂ ਕੱਢਣ ਦੇ ਨਾਮ ਉਤੇ ਕੀਤੀ ਜਾ ਰਹੀ ਜੁਮਲੇਬਾਜੀ ਉੱਤੇ ਪ੍ਰੀਤੀਕਿਰਿਆ ਜਾਹਰ ਕਰਦੇ ਹੋਏ ਕਿਹਾ ਕਿ ਨਾਮਾਤਰ ਅਸਾਮੀਆਂ ਕੱਢਕੇ ਕੈਪਟਨ ਅਮਰਿੰਦਰ ਪੰਜਾਬ ਦੇ ਨੌਜਵਾਨਾਂ ਨਾਲ ਧੋਖਾ ਕਰ ਰਹੇ ਹਨ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਘਰ ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਏ ਸਨ ਅਤੇ ਹੁਣ ਆਪਣੇ ਵਾਅਦੇ ਤੋਂ ਮੁਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ ਸਰਕਾਰ ਦੇ ਆਖਰੀ ਸਾਲ ਵਿੱਚ ਬਹੁਤ ਥੋੜੀਆਂ ਅਸਾਮੀਆਂ ਕੱਢਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਚਾਲ ਚਲ ਰਹੀ ਹੈ, ਜਦੋਂ ਕਿ ਪੰਜਾਬ ਦੇ ਲੱਖਾਂ ਨੌਜਵਾਨ ਅੱਜ ਬੇਰੁਜ਼ਗਾਰੀ ਦੀ ਮਾਰ ਹੇਠ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਸ੍ਰੀ ਗੁਟਕਾ ਸਾਹਿਬ ਜੀ ਨੂੰ ਫੜ੍ਹਕੇ ਸਹੁੰ ਚੁੱਕੀ ਸੀ, ਪਰ ਹੁਣ ਆਪਣੇ ਵਾਅਦਿਆਂ ਤੋਂ ਮੁਕਰ ਰਹੇ ਹਨ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਇਹ ਵੀ ਕਿਹਾ ਸੀ ਕਿ ਜੇਕਰ ਨੌਕਰੀ ਨਾ ਮਿਲੀ ਤਾਂ ਬੇਰੁਜ਼ਾਗਰੀ ਭੱਤਾ ਦਿੱਤਾ ਜਾਵੇਗਾ, ਪ੍ਰੰਤੂ ਹੁਣ ਨਾ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ ਅਤੇ ਨਾ ਬੇਰੁਜ਼ਗਾਰੀ ਭੱਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਤਾਂ ਕੀ ਦੇਣੀਆਂ ਸਨ, ਪ੍ਰੰਤੂ ਉਸਦੇ ਉਲਟ ਪੁਨਰਗਠਨ ਦੇ ਨਾਮ ਹੇਠ ਸਰਕਾਰੀ ਵਿਭਾਗਾਂ ਵਿੱਚ ਪਈਆਂ ਖਾਲੀ ਅਸਾਮੀਆਂ ਨੂੰ ਹੀ ਖਤਮ ਕਰ ਦਿੱਤਾ ਹੈ। ਰੁਜ਼ਗਾਰ ਦੇਣ ਦੀ ਬਜਾਏ ਪੰਜਾਬ ਦੇ ਨੌਜਵਾਨਾਂ ਵਾਸਤੇ ਕੈਪਟਨ ਨੇ ਸਦਾ ਲਈ ਹੀ ਰਾਹ ਬੰਦ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨ ਲੱਖਾਂ ਰੁਪਏ ਆਪਣੀ ਪੜ੍ਹਾਈ ਉਤੇ ਖਰਚ ਕਰਕੇ ਬੇਰੁਜ਼ਗਾਰ ਹਨ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਬੇਰੁਜ਼ਗਾਰ ਅਧਿਆਪਕ ਸੜਕਾਂ ਉਤੇ ਸੰਘਰਸ਼ ਕਰ ਰਹੇ ਹਨ, ਕੈਪਟਨ ਸਰਕਾਰ ਉਨ੍ਹਾਂ ਦੀ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਦੇ ਸੰਘਰਸ਼ ਨੂੰ ਦਬਾਅ ਕੇ ਖਤਮ ਕਰ ਦੇਣਾ ਚਾਹੁੰਦੀ ਹੈ। ਪਿਛਲੇ ਕਈ ਦਿਨਾਂ ਤੋਂ ਬੇਰੁਜ਼ਗਾਰ ਅਧਿਆਪਕ ਰੁਜ਼ਗਾਰ ਲਈ ਮੋਬਾਈਲ ਟਾਵਰ ਉਤੇ ਚੜ੍ਹਕੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਅਧਿਆਪਕ ਨਹੀਂ ਹਨ, ਅਧਿਆਪਕ ਆਪਣੇ ਰੁਜ਼ਾਗਰ ਲਈ ਸੜਕਾਂ ਉਤੇ ਰੁਲ ਰਹੇ ਹਨ, ਪਰ ਸਰਕਾਰ ਚੁੱਪ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਉਤੇ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਨੌਜਵਾਨਾਂ ਨੂੰ ਨੌਕਰੀਆਂ ਲਈ ਸੜਕਾਂ ਉਤੇ ਸੰਘਰਸ਼ ਨਹੀਂ ਕਰਨਾ ਪਵੇਗਾ, ਪੰਜਾਬ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਮੁਤਾਬਕ ਨੌਕਰੀਆਂ ਦਿੱਤੀਆਂ ਜਾਣਗੀਆਂ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…